- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਚਲਾਈ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਪ੍ਰਿੰਸੀਪਲ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਉਡਾਨ ਰੰਗ ਮੰਚ ਦੇ ਕਲਾਕਾਰਾਂ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਨੂੰ ਦਰਸਾਉਂਦੇ ਨਾਟਕ ‘ਪਰਿੰਦਾ ਭਟਕ ਗਿਆ’ ਦਾ ਪ੍ਰਭਾਵਸ਼ਾਲੀ ਮੰਚਨ ਕੀਤਾ ਗਿਆ।ਨਾਟਕ ਰਾਹੀਂ ਕਲਾਕਾਰਾਂ ਨੇ ਦਿਖਾਇਆ ਕਿ ਕਿਸ ਤਰ੍ਹਾਂ ਨਸ਼ਿਆਂ ਦੀ ਲਤ ਮਨੁੱਖ ਦੀ ਜ਼ਿੰਦਗੀ ਨੂੰ ਤਬਾਹ ਕਰ ਦਿੰਦੀ ਹੈ ਅਤੇ ਹੱਸਦੇ-ਵੱਸਦੇ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲੈਂਦੀ ਹੈ। ਨਾਟਕ ਦੇ ਭਾਵਪੂਰਨ ਅਤੇ ਮਨ ਨੂੰ ਝੰਜੋੜਨ ਵਾਲੇ ਦ੍ਰਿਸ਼ਾਂ ਨੇ ਵਿਦਿਆਰਥੀਆਂ ਨੂੰ ਡੂੰਘਾ ਪ੍ਰਭਾਵਿਤ ਕੀਤਾ। ਵਿਦਿਆਰਥੀਆਂ ਨੇ ਪੂਰੀ ਦਿਲਚਸਪੀ ਨਾਲ ਨਾਟਕ ਦੇਖਿਆ ਅਤੇ ਇਸ ਤੋਂ ਸੇਧ ਲੈਂਦਿਆਂ ਜੀਵਨ ਵਿਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ ਦਾ ਦ੍ਰਿੜ੍ਹ ਸੰਕਲਪ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਨਸ਼ਿਆਂ ਕਾਰਨ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੇ ਨਾਲ-ਨਾਲ ਉਨ੍ਹਾਂ ਦਾ ਭਵਿੱਖ ਵੀ ਖ਼ਤਰੇ ਵਿਚ ਪੈ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਧਿਆਨ ਪੜ੍ਹਾਈ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਕੇਂਦਰਿਤ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ।ਉਨ੍ਹਾਂ ਕਿਹਾ ਕਿ ਸਕੂਲ ਵਿਚ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਹਫ਼ਤਾਵਾਰੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਮੇਂ-ਸਮੇਂ ’ਤੇ ਵੱਖ-ਵੱਖ ਖੇਤਰਾਂ ਦੇ ਮਾਹਰਾਂ ਅਤੇ ਗੈਸਟ ਫੈਕਲਟੀ ਨੂੰ ਸੱਦਾ ਦੇ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।ਇਸ ਸਮਾਗਮ ਦੌਰਾਨ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਮਨਜੀਤ ਬਾਵਾ, ਸੀਨੀਅਰ ਲੈਕਚਰਾਰ ਆਸ਼ੂ, ਸਰਬਜੀਤ ਕੌਰ, ਸੁਰਿੰਦਰ ਕੌਰ, ਗੁਰਪ੍ਰੀਤ ਕੌਰ, ਰੀਟਾ ਰਾਣੀ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ। ਸਮੁੱਚੇ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਰਿਹਾ।