- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰਾਂ ਦੇ ਸੀਜ਼ਨ ਦੌਰਾਨ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਤਿਉਹਾਰਾਂ ਦੇ ਸੀਜ਼ਨ ਦੌਰਾਨ ਜਿੱਥੇ ਬਾਜ਼ਾਰਾਂ ਵਿਚ ਰੌਣਕ ਹੋਣੀ ਚਾਹੀਦੀ ਹੈ ਅਤੇ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਵਿਚ ਤੇਜ਼ੀ ਆਉਣ ਦੀ ਉਮੀਦ ਹੁੰਦੀ ਹੈ, ਉੱਥੇ ਹੀ ਮੋਗਾ ਦੇ ਪ੍ਰਤਾਪ ਰੋਡ ’ਤੇ ਲੰਬੇ ਸਮੇਂ ਤੋਂ ਚੱਲ ਰਹੇ ਸੜਕ ਨਿਰਮਾਣ ਕਾਰਜ ਅਤੇ ਪ੍ਰਬੰਧਾਂ ਦੀ ਘਾਟ ਕਾਰਨ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਸੜਕ ਦੀ ਪੁਟਾਈ ਅਤੇ ਨਿਰਮਾਣ ਕਾਰਜ ਵਿਚ ਹੋ ਰਹੀ ਬੇਲੋੜੀ ਦੇਰੀ ਨੇ ਜਿੱਥੇ ਦੁਕਾਨਦਾਰਾਂ ਦੇ ਕਾਰੋਬਾਰ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਇੰਚਾਰਜ ਮਾਲਵਿਕਾ ਸੂਦ ਨੇ ਨਗਰ ਨਿਗਮ ਮੋਗਾ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕਦਿਆਂ ਨਿਰਮਾਣ ਕਾਰਜ ਜਲਦ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਹੈ। ਮਾਲਵਿਕਾ ਸੂਦ ਪ੍ਰਤਾਪ ਰੋਡ ’ਤੇ ਪਹੁੰਚੇ ਅਤੇ ਉੱਥੋਂ ਦੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਬੇਹੱਦ ਅਫ਼ਸੋਸਜਨਕ ਹੈ ਕਿ ਨਗਰ ਨਿਗਮ ਅਤੇ ਸਬੰਧਤ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਯੋਜਨਾਬੰਦੀ ਕਰਕੇ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਨਿਰਮਾਣ ਕਾਰਜ ਨੂੰ ਇਸ ਤਰ੍ਹਾਂ ਲੰਬਾ ਖਿੱਚਿਆ ਜਾ ਰਿਹਾ ਹੈ ਕਿ ਇਸ ਦਾ ਸਿੱਧਾ ਅਸਰ ਆਮ ਲੋਕਾਂ ਅਤੇ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸਮਾਂ ਵਪਾਰੀਆਂ ਲਈ ਸਾਲ ਦੇ ਸਭ ਤੋਂ ਮਹੱਤਵਪੂਰਨ ਸਮਿਆਂ ਵਿਚੋਂ ਇਕ ਹੁੰਦਾ ਹੈ। ਦੁਕਾਨਦਾਰ ਪੂਰਾ ਸਾਲ ਇਨ੍ਹਾਂ ਦਿਨਾਂ ਦੀ ਉਡੀਕ ਕਰਦੇ ਹਨ ਕਿਉਂਕਿ ਇਸ ਦੌਰਾਨ ਬਾਜ਼ਾਰਾਂ ਵਿਚ ਗਾਹਕਾਂ ਦੀ ਆਮਦ ਵਧਦੀ ਹੈ ਅਤੇ ਉਨ੍ਹਾਂ ਨੂੰ ਚੰਗੇ ਕਾਰੋਬਾਰ ਦੀ ਆਸ ਹੁੰਦੀ ਹੈ ਪਰ ਪ੍ਰਤਾਪ ਰੋਡ ’ਤੇ ਸੜਕ ਪੁੱਟੇ ਜਾਣ ਅਤੇ ਨਿਰਮਾਣ ਕਾਰਜ ਸਮੇਂ ਸਿਰ ਪੂਰਾ ਨਾ ਹੋਣ ਕਾਰਨ ਗਾਹਕਾਂ ਨੂੰ ਦੁਕਾਨਾਂ ਤੱਕ ਪਹੁੰਚਣ ਵਿਚ ਦਿੱਕਤ ਆ ਰਹੀ ਹੈ, ਜਿਸ ਦਾ ਨਤੀਜਾ ਦੁਕਾਨਦਾਰਾਂ ਨੂੰ ਕਾਰੋਬਾਰੀ ਨੁਕਸਾਨ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਸੜਕ ਦੀ ਹਾਲਤ ਸੁਧਾਰਨ ਅਤੇ ਲੋਕਾਂ ਦੀ ਸਹੂਲਤ ਲਈ ਕੰਮ ਕੀਤਾ ਜਾਣਾ ਸੀ, ਤਾਂ ਉਸੇ ਕੰਮ ਵਿਚ ਦੇਰੀ ਲੋਕਾਂ ਲਈ ਨਵੀਂ ਮੁਸੀਬਤ ਬਣ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਵੱਲੋਂ ਪਹਿਲਾਂ ਹੀ ਸਹੀ ਯੋਜਨਾਬੰਦੀ ਕੀਤੀ ਜਾਂਦੀ ਅਤੇ ਕੰਮ ਦੀ ਨਿਯਮਤ ਨਿਗਰਾਨੀ ਕੀਤੀ ਜਾਂਦੀ ਤਾਂ ਅੱਜ ਦੁਕਾਨਦਾਰਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਸਵਾਲ ਕੀਤਾ ਕਿ ਕੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੀ ਕੋਈ ਚਿੰਤਾ ਨਹੀਂ ਹੈ? ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜ ਦੌਰਾਨ ਲੋਕਾਂ ਦੀ ਆਵਾਜਾਈ ਸੁਚਾਰੂ ਬਣਾਈ ਰੱਖਣ, ਦੁਕਾਨਾਂ ਤੱਕ ਪਹੁੰਚ ਲਈ ਢੁੱਕਵੇਂ ਪ੍ਰਬੰਧ ਕਰਨ ਅਤੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਵਾਉਣ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਬਣਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ ਅਤੇ ਇਸ ਜ਼ਿੰਮੇਵਾਰੀ ਤੋਂ ਅਧਿਕਾਰੀ ਪਾਸਾ ਨਹੀਂ ਵੱਟ ਸਕਦੇ। ਹੁਣ ਦੇਖਣਾ ਇਹ ਹੋਵੇਗਾ ਕਿ ਨਗਰ ਨਿਗਮ ਮੋਗਾ ਇਸ ਗੰਭੀਰ ਸਮੱਸਿਆ ਵੱਲ ਕਿੰਨੀ ਜਲਦੀ ਧਿਆਨ ਦਿੰਦਾ ਹੈ ਅਤੇ ਪ੍ਰਤਾਪ ਰੋਡ ਦੇ ਦੁਕਾਨਦਾਰਾਂ ਨੂੰ ਕਦੋਂ ਤੱਕ ਰਾਹਤ ਮਿਲਦੀ ਹੈ।