- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਿੱਖਿਆ ਸਕੱਤਰ ਵੱਲੋਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਪੰਜਾਬ ਦੇ ਸਿੱਖਿਆ ਸਕੱਤਰ ਵੱਲੋਂ ਸਕੂਲਾਂ ਦੇ 68 ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨੂੰ ਆਪਣੇ ਕਰਮਚਾਰੀਆਂ ਨੂੰ ਤਨਖਾਹ ਲੇਟ ਪਵਾਉਣ ਕਰਕੇ ਦੋਸ਼ ਸੂਚੀ ਜ਼ਾਰੀ ਕੀਤੀ ਹੈ ਜੋਕਿ ਤਰਕਹੀਣ ਅਤੇ ਸਰਾਸਰ ਗਲਤ ਹੈ, ਸਰਕਾਰ ਆਪਣੀਆਂ ਨਕਾਮੀਆਂ ਦਾ ਠੀਕਰਾ ਇਨ੍ਹਾਂ ਅਧਿਕਾਰੀਆਂ ਸਿਰ ਭੰਨ ਰਹੀ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਕਾਰਜਕਾਰੀ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਘੋਲੀਆਂ ਨੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੱਲ ਸਿੱਖਿਆ ਸਕੱਤਰ ਸੋਨਾਲੀ ਗਿਰੀ ਦੇ ਦਸਤਖਤਾਂ ਹੇਠ ਜ਼ਾਰੀ ਹੋਈ ਸੂਚੀ ਵਿਚ 68 ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨੂੰ ਇਸ ਲਈ ਦੋਸ਼ੀ ਬਣਾਇਆ ਗਿਆ ਹੈ ਕਿ ਉਨ੍ਹਾਂ ਨੇ ਆਪਣੇ ਅਧੀਨ ਕਰਮਚਾਰੀਆਂ ਨੂੰ ਤਨਖਾਹ ਲੇਟ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਜਿਥੇ ਪੰਜਾਬ ਦੇ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 1900 ਵਿਚੋ 1100 ਤੋਂ ਵੱਧ ਪੋਸਟਾਂ ਖਾਲੀ ਪਈਆਂ ਹਨ, ਹੈਡਮਾਸਟਰਾਂ ਦੀਆਂ 50 ਫੀਸਦੀ ਪੋਸਟਾਂ ਖਾਲੀ ਪਈਆਂ ਹਨ ਅਤੇ ਮਾਨਸਾ ਵਰਗੇ ਜ਼ਿਲ੍ਹੇ ਵਿਚ ਇਕ ਵੀਬੀਪੀਈਓ ਨਹੀਂ ਹੈ ਓਥੇ ਕਰਮਚਾਰੀਆਂ ਨੂੰ ਤਨਖਾਹਾਂ ਕਿਵੇਂ ਸਮੇਂ ਸਿਰ ਮਿਲ ਸਕਦੀਆਂ ਹਨ? ਇਕ ਇਕ ਪ੍ਰਿੰਸੀਪਲ 10-10 ਸਕੂਲਾਂ ਦਾ ਤਨਖਾਹ ਬਣਾਉਣ, ਗ੍ਰਾਂਟਾ ਖਰਚਣ ਅਤੇ ਹੋਰ ਸੈਂਕੜੇ ਤਰਾਂ ਦੇ ਕੰਮ ਸਾਂਭ ਰਿਹਾ ਹੈ, ਇੱਕ ਇੱਕ ਕਲਰਕ ਕਈ ਕਈ ਸਕੂਲਾਂ ਦੀਆਂ ਤਨਖਾਹਾਂ ਬਣਾ ਰਿਹਾ ਹੈ ਤਾਂ ਤਨਖਾਹਾਂ ਸਮੇਤ ਹੋਰ ਕੰਮਾਂ ਦਾ ਲਟਕਣਾ ਸੁਭਾਵਿਕ ਹੈ। ਇਸ ਲਈ ਪ੍ਰਿੰਸੀਪਲਾਂ ਨੂੰ ਦੋਸ਼ੀ ਬਣਾਉਣਾ ਤਰਕਹੀਣ ਅਤੇ ਸਰਾਸਰ ਗਲਤ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਇਨ੍ਹਾਂ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨਾਲ ਡਟ ਕੇ ਖੜੀ ਹੈ ਅਤੇ ਇਸ ਦੋਸ਼ ਸੂਚੀ ਨੂੰ ਵਾਪਿਸ ਕਰਵਾਉਣ ਲਈ ਕਰੜਾ ਸੰਘਰਸ਼ ਕਰੇਗੀ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਝੋਰੜਾ, ਮੀਤ ਪ੍ਰਧਾਨ ਸਵਰਨਦਾਸ ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਵਿਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਲੰਬੇ ਸਮੇਂ ਤੋਂ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਅਤੇ ਬੀਪੀਈਓਜ਼ ਦੀਆਂ ਪ੍ਰੋਮੋਸ਼ਨਾਂ ਕਰਨ ਦੀ ਮੰਗ ਕਰ ਰਹੀ ਹੈ ਪਰ ਵਿਭਾਗ ਦੇ ਅਧਿਕਾਰੀ ਇਸ ਨੂੰ ਕਿਸੇ ਤਣ ਪੱਤਣ ਨਹੀਂ ਲਾ ਰਹੇ,ਜਿਸ ਕਾਰਨ ਸਕੂਲਾਂ ਅਤੇ ਦਫਤਰਾਂ ਦਾ ਕੰਮ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਇਹ ਦੋਸ਼ ਸੂਚੀ ਤੁਰੰਤ ਵਾਪਿਸ ਲਈ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਅਤੇ ਬੀਪੀਈਓਜ਼ ਦੀਆਂ ਪ੍ਰੋਮੋਸ਼ਨਾਂ ਤੁਰੰਤ ਕੀਤੀ ਜਾਣ ਅਤੇ ਸਿੱਧੀ ਭਰਤੀ ਕੋਟੇ ਦੀਆਂ ਭਰਤੀਆਂ ਵੀ ਤੁਰੰਤ ਕੀਤੀਆਂ ਜਾਣ ਤਾਂ ਜੋ ਸਕੂਲਾਂ ਦਾ ਕੰਮ ਸਹੀ ਢੰਗ ਨਾਲ ਚੱਲ ਸਕੇ। ਇਸ ਸਮੇਂ ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ, ਨਰਿੰਦਰ ਸਿੰਘ, ਦੀਪਕ ਮਿੱਤਲ, ਮਮਤਾ ਕੌਸ਼ਲ, ਨਵਦੀਪ ਸਿੰਘ ਧੂੜਕੋਟ ਆਦਿ ਅਧਿਆਪਕ ਆਗੂ ਹਾਜ਼ਰ ਸਨ।