ਪੰਜਾਬ ਸਟੂਡੈਂਟਸ ਯੂਨੀਅਨ ਮੋਗਾ ਰੈਲੀ ’ਚ ਕਰੇਗੀ ਭਰਵੀਂ ਸ਼ਮੂਲੀਅਤ ਲਾਲਾ ਲਾਜਪਤ ਰਾਏ ਸਰਕਾਰੀ ਕਾਲਜ
Publish Date: Tue, 15 Sep 2026 05:16 PM (IST)
Updated Date: Wed, 16 Sep 2026 04:05 AM (IST)
ਆਰਐੱਸਐੱਸ ਦੇ ਫਾਸ਼ੀ ਹੱਲਿਆਂ ਦਾ ਪੰਜਾਬ ਸਟੂਡੈਂਟਸ ਯੂਨੀਅਨ ਦੇਵੇਗੀ ਜਵਾਬ: ਹਰਪ੍ਰੀਤ ਸਿੰਘ ਢੁੱਡੀਕੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅਜੀਤਵਾਲ : ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਕਾਲਜ਼ ਇਕਾਈ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਚ ਫਾਸ਼ੀਵਾਦ ਵਿਰੋਧੀ ਹੋ ਰਹੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਢੁੱਡੀਕੇ ਨੇ ਦੱਸਿਆ ਕਿ ਭਾਜਪਾ/ਆਰਐੱਸਐੱਸ ਵੱਲੋਂ ਪੂਰੇ ਦੇਸ਼ ਵਿਚ ਫਾਸ਼ੀਵਾਦੀ ਹਮਲਾ ਕੀਤਾ ਜਾ ਰਿਹਾ ਹੈ। ਜਿਸ ਵਿਚ ਘੱਟ ਗਿਣਤੀਆਂ ਜਿਵੇਂ ਕਿ ਮੁਸਲਮਾਨਾਂ, ਈਸਾਈਆਂ ਅਤੇ ਦਲਿਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਧਾਰਮਿਕ ਫਿਰਕਾਪ੍ਰਸਤੀ ਨੂੰ ਸ਼ਹਿ ਦਿੱਤੀ ਜਾ ਰਹੀ ਹੈ।ਇਸੇ ਤਹਿਤ ਆਰਐੱਸਐੱਸ ਵੱਲੋਂ ਪੰਜਾਬ ਵਿਚ ਵੀ ਆਪਣੀ ਦਖਲਅੰਦਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਰੋਕਣਾ ਸਾਰੇ ਇਨਸਾਫ਼ ਪਸੰਦ ਪੰਜਾਬੀਆਂ ਦਾ ਫਰਜ਼ ਬਣਦਾ ਹੈ। ਭਾਜਪਾ ਦੁਆਰਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਕੇਂਦਰ ਦੇ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੰਜਾਬ ਯੂਨੀਵਰਸਿਟੀ ਉੱਤੇ ਵੀ ਵਾਰ ਵਾਰ ਕਬਜ਼ੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਡੀ ਸਿੱਖਿਆ ਦੇ ’ਚੋਂ ਸਿੱਖ ਇਤਿਹਾਸ ਨੂੰ ਹੌਲੀ ਹੌਲੀ ਮਨਫੀ ਕੀਤਾ ਜਾ ਰਿਹਾ ਹੈ। ਸਿੱਖਿਆ ਜੋ ਕਿ ਰਾਜਾਂ ਦਾ ਆਪਣਾ ਵਿਸ਼ਾ ਹੈ, ਉਸ ਨੂੰ ਰਾਜ ਸੂਚੀ ’ਚੋਂ ਕੱਢ ਕੇ ਸਮਵਰਤੀ ਸੂਚੀ ਵਿੱਚ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ ਉੱਤੇ ਵੀ ਕੇਂਦਰ ਕਾਬਜ਼ ਹੋਣਾ ਚਾਹੁੰਦੀ ਹੈ। ਬੰਦੀ ਸਿੰਘ ਅਤੇ ਕਈ ਹੋਰ ਸਿਆਸੀ ਕੈਦੀ ਬਿਨ੍ਹਾਂ ਮੁਕੱਦਮਿਆਂ ਤੋਂ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਕੈਦ ਹਨ। ਇਨ੍ਹਾਂ ਸਾਰੇ ਮਸਲਿਆਂ ਨੂੰ ਹੱਲ ਕਰਨ ਲਈ ਪੰਜਾਬ ਵਿਚ ਇਕ ਵੱਡੀ ਲਹਿਰ ਉਸਾਰਨ ਦੀ ਲੋੜ ਹੈ। ਜਿਸ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵੱਧ ਚੜ੍ਹ ਕੇ ਹਿੱਸਾ ਲਵੇਗੀ। ਇਸ ਲਈ ਹਰ ਵਰਗ ਦੇ ਲੋਕਾਂ ਨੂੰ ਮੋਗਾ ਰੈਲੀ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀ ਆਗੂ ਹਰਪ੍ਰੀਤ ਸਿੰਘ ਢੁੱਡੀਕੇ, ਜਗਸੀਰ ਸਿੰਘ ਚਕਰ,ਅਕਾਸ਼ ਝੰਡੇਆਣਾ, ਸੁਖਪ੍ਰੀਤ ਦੌਧਰ, ਅਭਿਸ਼ੇਕ ਸ਼ਰਮਾ, ਬਿਕਰਮ ਰਾਊਕੇ,ਅਵਤਾਰ ਬੁੱਟਰ ,ਇੰਦਰ ਦੌਧਰ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।