ਕਿਸਾਨ ਜਥੇਬੰਦੀਆਂ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਿੱਤੀ ਹਮਾਇਤ
ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ
Publish Date: Mon, 01 Jun 2026 04:35 PM (IST)
Updated Date: Tue, 02 Jun 2026 04:01 AM (IST)

ਪੰਜਾਬ ਭਰ ਦੇ ਸੇਵਾ ਕੇਂਦਰ ਬੰਦ, ਮੋਗਾ ’ਚ ਸੰਘਰਸ਼ ਹੋਇਆ ਹੋਰ ਮਜ਼ਬੂਤ : ਬਾਂਸਲ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਦਿਨੋਂ-ਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਐਸੋਸੀਏਸ਼ਨ ਵੱਲੋਂ ਦਿੱਤੀ ਗਈ ਸਮੂਹ ਪੰਜਾਬ ਦੇ ਸੇਵਾ ਕੇਂਦਰਾਂ ਨੂੰ ਬੰਦ ਰੱਖਣ ਦੀ ਕਾਲ ਦੇ ਤਹਿਤ ਜ਼ਿਲ੍ਹਾ ਮੋਗਾ ਵਿਖੇ ਵੀ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸੰਘਰਸ਼ ਨੂੰ ਹੁਣ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦਾ ਵੀ ਵੱਡਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਮੁਲਾਜ਼ਮਾਂ ਦਾ ਹੌਸਲਾ ਹੋਰ ਵਧਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਸਮੇਤ ਆਜ਼ਾਦ ਕਿਸਾਨ ਮੋਰਚਾ ਪੰਜਾਬ ਨਾਲ ਸੰਬੰਧਤ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁੱਖ ਗਿੱਲ ਨੇ ਕਿਹਾ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਹਨਾਂ ਨੂੰ ਲੰਬੇ ਸਮੇਂ ਤੋਂ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਹਮੇਸ਼ਾ ਹੱਕ ਅਤੇ ਇਨਸਾਫ਼ ਦੀ ਲੜਾਈ ਵਿਚ ਅੱਗੇ ਰਹੀਆਂ ਹਨ ਅਤੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਇਸ ਸੰਘਰਸ਼ ਵਿਚ ਵੀ ਉਹ ਹਰ ਵੇਲੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਰਹਿਣਗੀਆਂ। ਉਨ੍ਹਾਂ ਕਿਹਾ ਜਿੱਥੇ ਵੀ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਸਾਡੀ ਲੋੜ ਪਵੇਗੀ, ਅਸੀਂ ਬਿਨ੍ਹਾਂ ਕਿਸੇ ਝਿਜਕ ਦੇ ਉਨ੍ਹਾਂ ਦੀ ਮਦਦ ਲਈ ਪਹੁੰਚਾਂਗੇ। ਜਦੋਂ ਤੱਕ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨ ਨਹੀਂ ਲੈਂਦੀ, ਉਦੋਂ ਤੱਕ ਸਾਡਾ ਸਾਥ ਅਤੇ ਸਮਰਥਨ ਜਾਰੀ ਰਹੇਗਾ। ਸੁੱਖ ਗਿੱਲ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਜਿੱਥੇ ਵੀ ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੀਆਂ 16 ਜਥੇਬੰਦੀਆਂ ਦੇ ਆਗੂ ਹਰ ਰੋਜ਼ ਪਹੁੰਚ ਕੇ ਸੰਘਰਸ਼ ਨੂੰ ਮਜ਼ਬੂਤੀ ਦੇਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਿਰਫ਼ ਉਨ੍ਹਾਂ ਦੇ ਰੁਜ਼ਗਾਰ ਨਾਲ ਨਹੀਂ ਸਗੋਂ ਹਜ਼ਾਰਾਂ ਪਰਿਵਾਰਾਂ ਦੇ ਭਵਿੱਖ ਨਾਲ ਵੀ ਜੁੜੀਆਂ ਹੋਈਆਂ ਹਨ, ਇਸ ਲਈ ਇਸ ਸੰਘਰਸ਼ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਦੱਸਿਆ ਕਿ 3 ਜੂਨ 2026 ਨੂੰ ਰੁਜ਼ਗਾਰ ਦਫ਼ਤਰ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਅਤੇ 6 ਜੂਨ 2026 ਨੂੰ ਸੁਨਾਮ ਵਿਖੇ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਦੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਵੀ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣਗੀਆਂ। ਇਸ ਮੌਕੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਕਿਸਾਨ ਜਥੇਬੰਦੀਆਂ ਅਤੇ ਵਿਸ਼ੇਸ਼ ਤੌਰ ’ਤੇ ਸੁੱਖ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਖ-ਵੱਖ ਵਰਗਾਂ ਵੱਲੋਂ ਮਿਲ ਰਿਹਾ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀ ਲੜਾਈ ਲੋਕਾਂ ਦੀ ਲੜਾਈ ਬਣ ਚੁੱਕੀ ਹੈ। ਦਵਿੰਦਰ ਬਾਂਸਲ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਕੋਈ ਸਕਾਰਾਤਮਿਕ ਫ਼ੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਲੜ ਰਹੇ ਹਨ ਪਰ ਜੇਕਰ ਸਰਕਾਰ ਨੇ ਅਣਗੌਲਿਆਂ ਵਾਲਾ ਰਵੱਈਆ ਜਾਰੀ ਰੱਖਿਆ ਤਾਂ ਸੰਘਰਸ਼ ਦਾ ਦਾਇਰਾ ਹੋਰ ਵਧਾਇਆ ਜਾਵੇਗਾ। ਧਰਨੇ ਦੌਰਾਨ ਮੁਲਾਜ਼ਮਾਂ ਅਤੇ ਕਿਸਾਨ ਆਗੂਆਂ ਨੇ ਇਕਜੁੱਟ ਹੋ ਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਹੱਕਾਂ ਲਈ ਚੱਲ ਰਹੀ ਇਸ ਲੜਾਈ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਜਦੋਂ ਤੱਕ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਨਿਕਲਦਾ, ਉਦੋਂ ਤੱਕ ਇਹ ਸੰਘਰਸ਼ ਪੂਰੀ ਤਾਕਤ ਨਾਲ ਜਾਰੀ ਰਹੇਗਾ।