- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਚਲਾਈ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਦਿਨੋਂ-ਦਿਨ ਵਿਆਪਕ ਲੋਕ ਸਮਰਥਨ ਮਿਲ ਰਿਹਾ ਹੈ। ਇਸੇ ਲੜੀ ਤਹਿਤ ਵੀਰਵਾਰ ਨੂੰ ਨਗਰ ਨਿਗਮ ਮੋਗਾ ਵਿਖੇ ਜ਼ਿਲ੍ਹੇ ਭਰ ਦੀਆਂ ਸਮਾਜਿਕ, ਧਾਰਮਿਕ, ਮੁਲਾਜ਼ਮ ਅਤੇ ਇਨਕਲਾਬੀ ਜਥੇਬੰਦੀਆਂ ਦੀ ਇਕ ਸਰਬ-ਸਾਂਝੀ ਮੀਟਿੰਗ ਸੱਦੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਮੀਟਿੰਗ ਦੀ ਪ੍ਰਧਾਨਗੀ ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਦੇ ਮਿਊਂਸੀਪਲ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ ਪਰ ਬਰਨਾਲਾ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੈਨਿਕਾਂ 'ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਡੀਐੱਸਪੀ ਵੱਲੋਂ ਕੀਤੀ ਗਈ ਕਾਰਵਾਈ ਨੇ ਨਾ ਸਿਰਫ਼ ਸੰਵਿਧਾਨਕ ਹੱਕਾਂ ਦਾ ਘਾਣ ਕੀਤਾ ਹੈ, ਸਗੋਂ ਲੋਕਤੰਤਰ ਦੀ ਭਾਵਨਾ ਨੂੰ ਵੀ ਗੰਭੀਰ ਠੇਸ ਪਹੁੰਚਾਈ ਹੈ। ਇਸ ਲਾਠੀਚਾਰਜ ਵਿਚ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਤੱਕ ਨੂੰ ਨਹੀਂ ਬਖ਼ਸ਼ਿਆ ਗਿਆ, ਜਿਸ ਕਾਰਨ ਸੂਬੇ ਭਰ ਦੇ ਮੁਲਾਜ਼ਮਾਂ ਅਤੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਵਿਚ ਮੌਜੂਦ ਸਾਰੀਆਂ ਜਥੇਬੰਦੀਆਂ ਨੇ ਇਸ ਘਟਨਾ ਦੀ ਇਕਸੁਰ ਹੋ ਕੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮੀਟਿੰਗ ਦੌਰਾਨ ਸਾਰੀਆਂ ਸਮਾਜਿਕ, ਧਾਰਮਿਕ ਅਤੇ ਇਨਕਲਾਬੀ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਫੈਸਲਾ ਕੀਤਾ ਕਿ 27 ਜੁਲਾਈ 2026 ਸੋਮਵਾਰ ਨੂੰ ਮੋਗਾ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਸ ਰੋਸ ਮਾਰਚ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ, ਵਰਕਰ, ਮਿਊਂਸੀਪਲ ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਸ਼ਾਮਲ ਹੋਣਗੇ। ਆਗੂਆਂ ਨੇ ਕਿਹਾ ਕਿ ਇਹ ਰੋਸ ਮਾਰਚ ਸਰਕਾਰ ਨੂੰ ਜਗਾਉਣ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦਵਾਉਣ ਲਈ ਕੀਤਾ ਜਾ ਰਿਹਾ ਹੈ। ਮੀਟਿੰਗ ਵਿਚ ਮਿਊਨਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਵਿੱਕੀ ਬੋਹਤ, ਚੇਅਰਮੈਨ ਸਿਕੰਦਰ ਗੁੱਲੂ, ਚੀਫ਼ ਸਕੱਤਰ ਨਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਚੇਅਰਮੈਨ ਰਜਿੰਦਰ ਬੋਹਤ, ਕੈਸ਼ੀਅਰ ਅਜੇ ਪੰਤਮੋਲੀ, ਚੀਫ਼ ਸਕੱਤਰ ਰਵੀ ਸਰਵਾਨ, ਸੀਨੀਅਰ ਆਗੂ ਮਦਨ ਲਾਲ ਬੋਹਤ, ਰਿਟਾਇਰਮੈਂਟ ਯੂਨੀਅਨ ਦੇ ਪ੍ਰਧਾਨ ਹਰਕ੍ਰਿਸ਼ਨ ਬੋਹਤ, ਹਰਬੰਸ ਸਾਗਰ, ਸੰਯੁਕਤ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਚਾਵੜੀਆ, ਬੇਲਦਾਰ ਯੂਨੀਅਨ ਤੋਂ ਜਸਮੇਲ ਸਿੰਘ ਅਤੇ ਪ੍ਰਵੀਨ ਕੁਮਾਰ, ਸੀਵਰੇਜ ਯੂਨੀਅਨ ਤੋਂ ਸਤੀਸ਼ ਕੁਮਾਰ, ਜਸਪਾਲ, ਰਾਜ ਕੁਮਾਰ ਚੰਡਾਲੀਆ, ਅਸ਼ੋਕ ਪੰਤਮੋਲੀ, ਰਘੂਵੀਰ ਅਨਾਰੀਆ, ਅਜੇ ਚਾਵੜੀਆ, ਨਰੇਸ਼ ਬੋਹਤ, ਕੁਲਵੰਤ ਰਾਏ, ਸੁਰੇਸ਼ ਕਰੋਤੀਆ, ਸੁਰੇਸ਼ ਰਾਜਪੂਤ, ਅਭੀਜੀਤ ਰਾਜਪੂਤ ਆਦਿ ਹਾਜ਼ਰ ਸਨ।