- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸੂਬੇ ’ਚ ਖੇਡ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮੋਗਾ ਜ਼ਿਲ੍ਹੇ ਵਿਚ ਵੀ ਖੇਡ ਗਤੀਵਿਧੀਆਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਇਨ੍ਹਾਂ ਖੇਡਾਂ ਦੀ ਮਸ਼ਾਲ ਮਾਰਚ 4 ਸਤੰਬਰ ਨੂੰ ਮੋਗਾ ਜ਼ਿਲ੍ਹੇ ਵਿਚ ਪਹੁੰਚੇਗੀ, ਜਿਸ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਅਤੇ ਯਾਦਗਾਰੀ ਢੰਗ ਨਾਲ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਮਾਰਚ 4 ਸਤੰਬਰ ਨੂੰ ਫ਼ਰੀਦਕੋਟ ਤੋਂ ਮੋਗਾ ਜ਼ਿਲ੍ਹੇ ’ਚ ਦਾਖ਼ਲ ਹੋਵੇਗੀ। ਉਨ੍ਹਾਂ ਦੱਸਿਆ ਕਿ ਮਸ਼ਾਲ ਮਾਰਚ ਸਮਾਲਸਰ ਤੋਂ ਹੁੰਦੀ ਹੋਈ ਬਾਘਾਪੁਰਾਣਾ, ਜੋਗਿੰਦਰ ਸਿੰਘ ਚੌਂਕ ਅਤੇ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਹੀਂ ਗੋਧੇਵਾਲਾ ਇੰਡੋਰ ਸਟੇਡੀਅਮ ਮੋਗਾ ਵਿਖੇ ਪਹੁੰਚੇਗੀ। ਇੱਥੇ ਮਸ਼ਾਲ ਦਾ ਖਿਡਾਰੀਆਂ, ਨੌਜਵਾਨਾਂ, ਖੇਡ ਪ੍ਰੇਮੀਆਂ ਅਤੇ ਜ਼ਿਲ੍ਹਾ ਵਾਸੀਆਂ ਦੀ ਹਾਜ਼ਰੀ ’ਚ ਪੂਰੇ ਮਾਣ-ਸਨਮਾਨ ਅਤੇ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ ਜਾਵੇਗਾ। 5 ਸਤੰਬਰ ਨੂੰ ਗੋਧੇਵਾਲਾ ਇੰਡੋਰ ਸਟੇਡੀਅਮ, ਮੋਗਾ ਤੋਂ ਮਸ਼ਾਲ ਮਾਰਚ ਪਿੰਡ ਥਰਾਜ ਲਈ ਰਵਾਨਾ ਹੋਵੇਗੀ, ਜਿੱਥੋਂ ਇਸ ਉਪਰੰਤ ਮਸ਼ਾਲ ਨੂੰ ਜ਼ਿਲ੍ਹਾ ਬਠਿੰਡਾ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ ਪੰਜਾਬ ਦੀ ਖੇਡ ਭਾਵਨਾ, ਜੋਸ਼, ਅਨੁਸ਼ਾਸਨ, ਏਕਤਾ ਅਤੇ ਨੌਜਵਾਨ ਸ਼ਕਤੀ ਦਾ ਪ੍ਰਤੀਕ ਹੈ। ਅਜਿਹੇ ਖੇਡ ਸਮਾਗਮ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ-2026 ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਜਿੱਤ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ’ਚ ਭਾਗ ਲੈਣ ਦੇ ਚਾਹਵਾਨ ਖਿਡਾਰੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ’ਚ 9 ਤੋਂ 18 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਖੇਡਾਂ ਨੂੰ ਸਫ਼ਲ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।