- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੱਲੇਆਣਾ ਤੋਂ ਬੱਧਨੀ ਕਲਾਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਮੱਲੇਆਣਾ ਤੋਂ ਬੱਧਨੀ ਕਲਾਂ ਨੂੰ ਜੋੜਨ ਵਾਲੀ ਮਹੱਤਵਪੂਰਨ ਸੜਕ ਦਾ ਨਿਰਮਾਣ ਹੋਣ ’ਤੇ ਪਿੰਡ ਮੱਲੇਆਣਾ ਦੇ ਵਸਨੀਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ, ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਬੱਧਨੀ ਕਲਾਂ ਪਰਮਜੀਤ ਸਿੰਘ ਭੁੱਲਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਸੜਕ ਦੇ ਨਿਰਮਾਣ ਨਾਲ ਮੱਲੇਆਣਾ ਅਤੇ ਬੱਧਨੀ ਕਲਾਂ ਸਮੇਤ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਸਰਪੰਚ ਕੁਲਜੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅੰਗਰੇਜ਼ ਸਿੰਘ ਮੱਲੇਆਣਾ, ਕਾਕਾ ਸਿੰਘ ਪੰਚ ਆਦਿ ਨੇ ਕਿਹਾ ਕਿ ਪਿੰਡਾਂ ਦੀ ਤਰੱਕੀ ਲਈ ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਬੁਨਿਆਦੀ ਢਾਂਚੇ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਲੋੜੀਂਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਚੇਅਰਮੈਨ ਪਰਮਜੀਤ ਸਿੰਘ ਭੁ੍ੱਲਰ ਨੇ ਕਿਹਾ ਕਿ ਮੱਲੇਆਣਾ ਤੋਂ ਬੱਧਨੀ ਕਲਾਂ ਤੱਕ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਆਵਾਜਾਈ ਸਬੰਧੀ ਸਮੱਸਿਆ ਦਾ ਹੱਲ ਹੋਇਆ ਹੈ। ਇਸ ਰਸਤੇ ਰਾਹੀਂ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਉਂਦੇ-ਜਾਂਦੇ ਹਨ। ਸੜਕ ਦੇ ਨਿਰਮਾਣ ਨਾਲ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਮੰਡੀਆਂ ਤੱਕ ਲਿਜਾਣ, ਵਿਦਿਆਰਥੀਆਂ ਨੂੰ ਸਕੂਲਾਂ-ਕਾਲਜਾਂ ਤੱਕ ਪਹੁੰਚਣ ਅਤੇ ਆਮ ਲੋਕਾਂ ਨੂੰ ਬੱਧਨੀ ਕਲਾਂ ਅਤੇ ਹੋਰ ਇਲਾਕਿਆਂ ਵਿਚ ਜਾਣ ਲਈ ਵਧੇਰੇ ਸਹੂਲਤ ਮਿਲੇਗੀ। ਚੇਅਰਮੈਨ ਭੁੱਲਰ ਨੇ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਕਾਸ ਕਾਰਜਾਂ ਦੇ ਲਗਾਤਾਰ ਹੋਣ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਹਾਜਰ ਸਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ ਰਹਿਣੇ ਚਾਹੀਦੇ, ਸਗੋਂ ਪਿੰਡਾਂ ਵਿਚ ਵੀ ਬਰਾਬਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਇਲਾਕੇ ਦੇ ਪਿੰਡਾਂ ਵਿਚ ਲੋੜ ਅਨੁਸਾਰ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੀਆਂ ਹੋਰ ਜ਼ਰੂਰੀ ਸਮੱਸਿਆਵਾਂ ਵੱਲ ਵੀ ਧਿਆਨ ਦਿੱਤਾ ਜਾਵੇ।