ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਸਾਰਥਕ ਨਤੀਜੇ ਨਿਕਲੇ : ਹਰਦੀਪ ਮੁੰਡੀਆਂ
ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ
Publish Date: Wed, 24 Jun 2026 04:48 PM (IST)
Updated Date: Thu, 25 Jun 2026 04:01 AM (IST)

ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਸਹਿਯੋਗ ਦੇਣ ਦਾ ਦਿੱਤਾ ਸੱਦਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ, ਜਿਸ ਨੂੰ ਹੋਰ ਅਸਰਦਾਰ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਯਤਨ ਕੀਤੇ ਜਾਣਗੇ। ਬੀਤੇ ਕੱਲ੍ਹ ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਵਿਚ ਲੋਕ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਲੋਕ ਲਹਿਰ ਬਣਾ ਕੇ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਸਪਲਾਈ ਤੋੜਨ ਦੇ ਨਾਲ ਨਾਲ ਨਸ਼ਾ ਤਸਕਰਾਂ ਵੱਲੋਂ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਵਧੇਰੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਵੀ ਆਮ ਵਾਂਗ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਪੀੜਤਾਂ ਦੇ ਇਲਾਜ ਵੱਲ ਹੋਰ ਧਿਆਨ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ 2000 ਤੋਂ ਵੱਧ ਪੀੜਤਾਂ ਨੂੰ ਇਲਾਜ ਤੋਂ ਬਾਅਦ ਸਮਾਜ ਦੀ ਮੁੱਖ ਧਾਰਾ ’ਚ ਲਿਆਂਦਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਪੁਲਿਸ ਅਧਿਕਾਰੀ ਲਗਾਤਾਰ ਮੀਟਿੰਗਾਂ ਕਰਨ ਤਾਂ ਜੋ ਬਿਹਤਰ ਨਤੀਜੇ ਸਾਹਮਣੇ ਆ ਸਕਣ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤੇ ਸਮਾਜਿਕ ਗਣਨਾ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਪੀੜਤਾਂ ਦੀ ਅਸਲ ਗਿਣਤੀ ਪਤਾ ਲਗਾਕੇ ਪੀੜਤਾਂ ਦੇ ਇਲਾਜ ਨੂੰ ਹੋਰ ਅਸਰਦਾਰ ਢੰਗ ਨਾਲ ਕੀਤਾ ਜਾ ਸਕੇ। ਇਸ ਮੌਕੇ ਵਿਧਾਇਕਾਂ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਹੋਰ ਸਖ਼ਤ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿਖੇ ਪੀੜਤਾਂ ਦੇ ਇਲਾਜ ਨੂੰ ਪਹਿਲ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ । ਇਸ ਤੋਂ ਇਲਾਵਾ ਪੰਚਾਇਤਾਂ, ਕੌਂਸਲਰਾਂ ਨੂੰ ਇਸ ਮੁਹਿੰਮ ਵਿਚ ਭਾਗੀਦਾਰੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਭਗ 22000 ਵਿਅਕਤੀ ਓਟ ਕਲੀਨਿਕਾਂ ਨਾਲ ਰਜਿਸਟਰ ਹਨ ਅਤੇ ਦਵਾਈਆਂ ਦੀ ਉੱਪਲਬਧਤਾ ਢੁੱਕਵੀਂ ਮਾਤਰਾ ਹੈ । ਇਸ ਤੋਂ ਇਲਾਵਾ 450 ਦੇ ਕਰੀਬ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਨਸ਼ੇ ਵਿਰੁੱਧ ਕੰਮ ਕਰ ਰਹੀ ਹੈ। ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਚਾਲੂ ਸਾਲ ਵਿਚ ਮੋਗਾ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਵਿਰੁੱਧ 777 ਕੇਸ ਦਰਜ ਕੀਤੇ ਹਨ ਤੇ 900 ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਬਣਾਈ ਗਈ 9 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤ ਸਮਾਜ ਲਈ ਹੋਰ ਅਸਰਦਾਰ ਢੰਗ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਐੱਸਡੀਐੱਮਜ਼, ਡੀਐੱਸਪੀਜ਼ ਅਤੇ ਹੋਰ ਹਾਜ਼ਰ ਸਨ।