ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੀ ਆਵਾਜ਼ ਦਬਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਕਿਰਤੀ ਕਿਸਾਨ ਯੂਨੀਅਨ ਬਲਾਕ
Publish Date: Wed, 28 Oct 2026 03:30 PM (IST)
Updated Date: Thu, 29 Oct 2026 04:01 AM (IST)
ਮਾਨਸਾ ਮੋਰਚੇ ਵੱਲ ਜਾ ਰਹੇ ਨੌਜਵਾਨ ਦੀ ਲਾਸ਼ ਖੋਹਣ ਤੇ ਲੋਕਾਂ ’ਤੇ ਲਾਠੀਚਾਰਜ ਦੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਖ਼ਤ ਨਿਖੇਧੀ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਕਿਰਤੀ ਕਿਸਾਨ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੇ ਜ਼ਿਲ੍ਹਾ ਆਗੂ ਤੇ ਬਲਾਕ ਸਰਪ੍ਰਸਤ ਨਾਜ਼ਰ ਸਿੰਘ ਖਾਈ ਤੇ ਜ਼ਿਲ੍ਹਾ ਆਗੂ ਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਨੇ ਪ੍ਰੈੱਸ ਨੂੰ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਜੋ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਇਨਸਾਫ਼ ਮੋਰਚੇ ਚੱਲ ਰਿਹਾ ਹੈ, ਉਸ ਮੋਰਚੇ ਤੋਂ ਕਰੀਬ 17-18 ਕਿਲੋਮੀਟਰ ਦੂਰ ਪੈਂਦੇ ਭੰਮੇ ਕਲਾਂ ਪਿੰਡ ਦੇ ਇਕ 35 ਸਾਲਾ ਨੌਜਵਾਨ ਦੀ ਚਿੱਟੇ ਦੇ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਉੱਪਰ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਬੇਤਹਾਸ਼ਾ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਦੌਰਾਨ ਬਲਾਕ ਸਕੱਤਰ ਅਵਤਾਰ ਸਿੰਘ ਖਾਈ ਤੇ ਬਲਾਕ ਮੀਤ ਪ੍ਰਧਾਨ ਬਲਦੇਵ ਸਿੰਘ ਲੋਪੋਂ ਨੇ ਕਿਹਾ ਕਿ ਐਕਸ਼ਨ ਕਮੇਟੀ ਦੇ ਆਗੂ ਉਕਤ ਨੌਜਵਾਨ ਦੀ ਮੌਤ ’ਤੇ ਦੁੱਖ ਪ੍ਰਗਟ ਕਰਨ ਤੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਨ ਲਈ ਪਿੰਡ ਗਏ ਸਨ। ਇਸ ਤੋਂ ਬਾਅਦ ਪਰਿਵਾਰ ਨੇ ਫ਼ੈਸਲਾ ਕੀਤਾ ਕਿ ਨੌਜਵਾਨ ਦੀ ਲਾਸ਼ ਨੂੰ ਮਾਨਸਾ ਮੋਰਚੇ ਵਿਚ ਲਿਜਾ ਕੇ ਨਸ਼ਿਆਂ ਦੇ ਕਹਿਰ ਅਤੇ ਸਰਕਾਰੀ ਪ੍ਰਬੰਧ ਦੀ ਨਾਕਾਮੀ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਜਦੋਂ ਪਰਿਵਾਰ ਅਤੇ ਪਿੰਡ ਵਾਸੀ ਲਾਸ਼ ਲੈ ਕੇ ਮਾਨਸਾ ਮੋਰਚੇ ਵੱਲ ਜਾ ਰਹੇ ਸਨ ਤਾਂ ਰਸਤੇ ਵਿਚ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਉੱਪਰ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ। ਇਸ ਦੌਰਾਨ ਲਾਸ਼ ਲੈ ਕੇ ਆ ਰਹੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ ਜਿੱਤਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਚਿੱਟੇ ਦੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਲਾਠੀਆਂ ਨਾਲ ਕੁੱਟਣਾ ਅਤੇ ਗ੍ਰਿਫ਼ਤਾਰ ਕਰਨਾ ਸਰਕਾਰ ਦੀ ਨੀਅਤ ਅਤੇ ਨੀਤੀਆਂ ਉੱਪਰ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਬਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਸੇ ਲਾਠੀਚਾਰਜ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਰਵਿੰਦਰ ਕੌਰ ਆਜ਼ਾਦ ਦੀ ਬਾਂਹ ਤੋੜੇ ਜਾਣ ਦੀ ਵੀ ਯੂਨੀਅਨ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਆਗੂਆਂ ਅਤੇ ਕਾਰਕੁਨਾਂ ਉੱਪਰ ਪੁਲਿਸ ਤਸ਼ੱਦਦ ਕਰਨਾ ਲੋਕਤੰਤਰੀ ਹੱਕਾਂ ਉੱਪਰ ਸਿੱਧਾ ਹਮਲਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਜਾਂਚ ਕਰਕੇ ਸਖ਼ਤ ਕਰਵਾਈ ਕੀਤੀ ਜਾਵੇ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਆਜ਼ਾਦ ਸਮੇਤ ਜ਼ਖਮੀ ਹੋਏ ਸਾਰੇ ਸਾਥੀਆਂ ਦਾ ਢੁੱਕਵਾਂ ਇਲਾਜ ਕਰਵਾਇਆ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਆਗੂਆਂ ਤੇ ਕਾਰਕੁਨਾਂ ਨੂੰ ਬਿਨ੍ਹਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ।