ਕਿਸਾਨਾਂ ਦੇ ਖੇਤਾਂ ’ਚ ਹੋ ਰਹੀਆਂ ਚੋਰੀਆਂ ਤੁਰੰਤ ਰੋਕੀਆਂ ਜਾਣ : ਸੰਯੁਕਤ ਕਿਸਾਨ ਮੋਰਚਾ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ
Publish Date: Fri, 24 Jul 2026 05:15 PM (IST)
Updated Date: Fri, 24 Jul 2026 05:16 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦੇ ਆਗੂ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਗੁਰਮੇਲ ਸਿੰਘ ਰੱਜੀਵਾਲਾ ਕੁੱਲ ਹਿੰਦ ਕਿਸਾਨ ਸਭਾ, ਪਰਗਟ ਸਿੰਘ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ’ਚ ਲੱਗੀਆਂ ਮੋਟਰਾਂ ਦੇ ਕਨੈਕਟਰ, ਬਿਜਲੀ ਦੀਆਂ ਤਾਰਾਂ ਦਾ ਤੇਲ ਚੋਰੀ ਹੋਣ ਦੀਆਂ ਲਗਾਤਾਰ ਵੱਧ ਰਹੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਚੋਰੀਆਂ ਕਾਰਨ ਕਿਸਾਨਾਂ ਨੂੰ ਹਜ਼ਾਰਾਂ ਰੁਪਏ ਦਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਦੇ ਨਾਲ-ਨਾਲ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਝੋਨੇ ਸਮੇਤ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਵੱਧ ਗਿਆ ਹੈ। ਕਿਸਾਨ ਪਹਿਲਾਂ ਹੀ ਮਹਿੰਗੀ ਖੇਤੀ, ਕਰਜ਼ੇ ਅਤੇ ਕੁਦਰਤੀ ਆਫ਼ਤਾਂ ਨਾਲ ਜੂਝ ਰਹੇ ਹਨ, ਉੱਪਰੋਂ ਚੋਰੀਆਂ ਦੀਆਂ ਵਧਦੀਆਂ ਘਟਨਾਵਾਂ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਆਗੂਆਂ ਨੇ ਕਿਹਾ ਕਿ ਇਨ੍ਹਾਂ ਚੋਰੀਆਂ ਦੇ ਪਿੱਛੇ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਕੁੱਝ ਕਬਾੜੀਆ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ। ਜੇਕਰ ਚੋਰੀ ਦਾ ਸਾਮਾਨ ਖ਼ਰੀਦਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਅਜਿਹੀਆਂ ਵਾਰਦਾਤਾਂ ’ਤੇ ਕਾਫ਼ੀ ਹੱਦ ਤੱਕ ਰੋਕ ਲਗਾਈ ਜਾ ਸਕਦੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਰਾਹੀਂ ਮੰਗ ਕੀਤੀ ਕਿ ਜ਼ਿਲ੍ਹਾ ਪੁਲਿਸ ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਰਾਤ ਸਮੇਂ ਖੇਤਾਂ ਅਤੇ ਪਿੰਡਾਂ ਵਿਚ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਜਾਣ। ਚੋਰੀ ਕਰਨ ਵਾਲੇ ਗਿਰੋਹਾਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਕਬਾੜੀਆਂ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਕਬਾੜੀਆਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕਰ ਕੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਕੋਈ ਵੀ ਵਿਅਕਤੀ ਚੋਰੀ ਕੀਤੀਆਂ ਬਿਜਲੀ ਦੀਆਂ ਤਾਰਾਂ, ਮੋਟਰਾਂ ਦੇ ਕਨੈਕਟਰ, ਟਰਾਂਸਫਾਰਮਰਾਂ ਦਾ ਤੇਲ ਜਾਂ ਹੋਰ ਕੋਈ ਵੀ ਚੋਰੀ ਦਾ ਸਾਮਾਨ ਨਾ ਖ਼ਰੀਦੇ। ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਪ੍ਰਸ਼ਾਸਨ ਤੋਂ ਪੁਲਿਸ, ਬਿਜਲੀ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਤਾਲਮੇਲ ਬਣਾ ਕੇ ਸਥਾਈ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ ਤਾਂ ਜੋ ਕਿਸਾਨਾਂ ਦੀ ਜਾਇਦਾਦ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਅਖੀਰ ਵਿਚ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਗੰਭੀਰ ਮਸਲੇ ’ਤੇ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੀ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ ਲੱਖੋਵਾਲ, ਲਖਵੀਰ ਸਿੰਘ ਮੀਤ ਪ੍ਰਧਾਨ ਲੱਖੋਵਾਲ, ਬਲਾਕ ਪ੍ਰਧਾਨ ਪਿਸ਼ੋਰਾ ਸਿੰਘ ਮੁੰਡੀ ਜਮਾਲ, ਮੁਖਤਿਆਰ ਸਿੰਘ ਕਹਾਨ ਸਿੰਘ ਵਾਲਾ ਅਤੇ ਦਵਿੰਦਰ ਸਿੰਘ ਕਿਸਾਨ ਆਗੂ ਹਾਜ਼ਰ ਸਨ।