ਗ੍ਰਹਿ ਮੰਤਰੀ ਦੀ ਰੈਲੀ ਨੂੰ ਲੈ ਕੇ ਵਰਕਰਾਂ ’ਚ ਉਤਸ਼ਾਹ : ਸੋਨੀ ਮੰਗਲਾ
ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾ
Publish Date: Sat, 28 Feb 2026 05:09 PM (IST)
Updated Date: Sun, 01 Mar 2026 04:02 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾ ਵਿਚ 14 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਣ ਵਾਲੀ ਭਾਜਪਾ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਕਾਰਕੁੰਨਾਂ ਵਿਚ ਭਾਰੀ ਉਤਸ਼ਾਹ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਭਾਜਪਾ ਆਗੂ ਸੋਨੀ ਮੰਗਲਾ ਨੇ ਕਿਹਾ ਕਿ ਮੋਗਾ ਦੇ ਪਿੰਡ ਕਿਲੀ ਚਾਹਲਾ ਵਿਚ ਇਹ ਭਾਜਪਾ ਰੈਲੀ ਨਾ ਸਿਰਫ਼ ਇਕ ਰਾਜਨੀਤਿਕ ਸਮਾਗਮ ਹੋਵੇਗੀ, ਸਗੋਂ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਦਾ ਇਕ ਮਹੱਤਵਪੂਰਨ ਮੌਕਾ ਵੀ ਹੋਵੇਗੀ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਵਿਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਉਦੇਸ਼ ਸਿਰਫ਼ ਇਕ ਰਾਜਨੀਤਿਕ ਰੈਲੀ ਕਰਨਾ ਨਹੀਂ ਹੈ ਸਗੋਂ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਇਕ ਸਪੱਸ਼ਟ ਰੋਡਮੈਪ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੰਨਣਾ ਹੈ ਕਿ ਮਜ਼ਬੂਤ ਲੀਡਰਸ਼ਿੱਪ ਅਤੇ ਸਪੱਸ਼ਟ ਨੀਤੀਆਂ ਰਾਹੀਂ ਹੀ ਸੂਬੇ ਨੂੰ ਨਸ਼ਾ ਮੁਕਤ, ਅਪਰਾਧ ਮੁਕਤ ਅਤੇ ਵਿਕਾਸ ਦੇ ਰਾਹ ’ਤੇ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਸੱਤਾ ਵਿਚ ਹਨ, ਉੱਥੇ ਵਿਕਾਸ ਕਾਰਜਾਂ ਵਿਚ ਤੇਜ਼ੀ ਆਈ ਹੈ। ਬੁਨਿਆਦੀ ਢਾਂਚੇ ਦਾ ਵਿਸਥਾਰ ਹੋਇਆ ਹੈ, ਨਿਵੇਸ਼ ਵਧਿਆ ਹੈ ਅਤੇ ਕਾਨੂੰਨ ਵਿਵਸਥਾ ਮਜ਼ਬੂਤ ਹੋਈ ਹੈ। ਇਸ ਦੇ ਉਲਟ, ਦੂਜੀਆਂ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿਚ ਅਪਰਾਧ, ਕਰਜ਼ਾ ਅਤੇ ਹਫ਼ੜਾ-ਦਫ਼ੜੀ ਫ਼ੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਮੋਗਾ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।