- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਚ ਬਲਾਤਕਾਰ ਦੇ ਮਾਮਲਿਆਂ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਵਿਚ ਬਲਾਤਕਾਰ ਦੇ ਮਾਮਲਿਆਂ ਨੂੰ ਸੈਟਲ ਕਰਨ ਅਤੇ ਇਸ ਲਈ ਵੱਡੀ ਰਕਮ ਦੀ ਮੰਗ ਕੀਤੇ ਜਾਣ ਦੇ ਦੋਸ਼ਾਂ ਨੂੰ ਲੈ ਕੇ ਸਿਆਸੀ ਵਿਵਾਦ ਲਗਾਤਾਰ ਭਖ਼ਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕਾਂਗਰਸ ਪਾਰਟੀ ਦੀ ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਹਾਈ ਕੋਰਟ ਵਿਚ ਦਾਇਰ ਕੀਤੀ ਪੀਆਈਐੱਲ ਦਾ ਹਵਾਲਾ ਦਿੰਦਿਆਂ ਇਨ੍ਹਾਂ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ ਸੀਬੀਆਈ ਤੋਂ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਪੀਆਈਐੱਲ ਵਿਚ ਦੋਸ਼ ਲਗਾਏ ਗਏ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਲੋਕ ਅਤੇ ਕੁੱਝ ਅਧਿਕਾਰੀ ਕਥਿਤ ਤੌਰ ’ਤੇ ਅਜਿਹੇ ਮਾਮਲਿਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ ਨਾਮ ਵੀ ਦੋਸ਼ਾਂ ਦੇ ਸੰਦਰਭ ਵਿਚ ਲਿਆ ਜਾ ਰਿਹਾ ਹੈ, ਇਸ ਲਈ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਮਹਿਲਾਵਾਂ ਨਾਲ ਸਬੰਧਤ ਕਈ ਗੰਭੀਰ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਡਾ. ਗੁਰਪ੍ਰੀਤ ਕੌਰ ਮਾਨ ਵਿਰੁੱਧ ਇਸ ਮਾਮਲੇ ਵਿਚ ਕੋਈ ਐੱਫ਼ਆਈਆਰ ਦਰਜ ਨਹੀਂ ਕੀਤੀ ਗਈ। ਮਾਲਵਿਕਾ ਸੂਦ ਨੇ ਮੰਗ ਕੀਤੀ ਕਿ ਜੇਕਰ ਉਨ੍ਹਾਂ ਵਿਰੁੱਧ ਲਗਾਏ ਗਏ ਦੋਸ਼ਾਂ ਵਿਚ ਕੋਈ ਤੱਥ ਹੈ ਤਾਂ ਉਨ੍ਹਾਂ ਦੀ ਭੂਮਿਕਾ ਦੀ ਵੀ ਕਾਨੂੰਨ ਅਨੁਸਾਰ ਜਾਂਚ ਕੀਤੀ ਜਾਵੇ ਅਤੇ ਦੋਸ਼ ਸਾਬਤ ਹੋਣ ਦੀ ਸੂਰਤ ਵਿਚ ਬਣਦੀ ਕਾਰਵਾਈ ਕੀਤੀ ਜਾਵੇ। ਮਾਲਵਿਕਾ ਸੂਦ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਨਾਲ ਸਬੰਧਤ ਵਿਅਕਤੀ ਉੱਪਰ ਆਪਣੇ ਪ੍ਰਭਾਵ ਦੀ ਵਰਤੋਂ ਕਰਕੇ ਬਲਾਤਕਾਰ ਦੇ ਮਾਮਲੇ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਬੇਹੱਦ ਗੰਭੀਰ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਅਤੇ ਇੱਜ਼ਤ ਨਾਲ ਜੁੜੇ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਜਾਂ ਪ੍ਰਸ਼ਾਸਨਿਕ ਦਬਾਅ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਜੇਕਰ ਮੁੱਖ ਮੰਤਰੀ ਦੇ ਕਰੀਬੀ ਲੋਕਾਂ ਨੂੰ ਲੈ ਕੇ ਵਾਰ-ਵਾਰ ਗੰਭੀਰ ਦੋਸ਼ ਸਾਹਮਣੇ ਆ ਰਹੇ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ’ਤੇ ਆਪਣੀ ਸਥਿਤੀ ਸਪੱਸ਼ਟ ਕਿਉਂ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਸਰਕਾਰ ਇੰਨ੍ਹਾਂ ਦੋਸ਼ਾਂ ਦੀ ਜਾਂਚ ਕਿਵੇਂ ਕਰਵਾ ਰਹੀ ਹੈ ਅਤੇ ਕੀ ਕਿਸੇ ਵੀ ਪ੍ਰਭਾਵਸ਼ਾਲੀ ਵਿਅਕਤੀ ਨੂੰ ਜਾਂਚ ਦੇ ਘੇਰੇ ਤੋਂ ਬਾਹਰ ਰੱਖਿਆ ਜਾ ਰਿਹਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਬਲਾਤਕਾਰ ਦੇ ਇਕ ਮਾਮਲੇ ਨੂੰ ਕਥਿਤ ਤੌਰ ’ਤੇ ਦਬਾਉਣ ਲਈ 5 ਕਰੋੜ ਰੁਪਏ ਦੀ ਰਿਸ਼ਵਤ ਮੰਗੇ ਜਾਣ ਦੇ ਦੋਸ਼ ਵੀ ਸਾਹਮਣੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਐੱਫ਼ਆਈਆਰ ਦਰਜ ਕਰਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਜਾਂਚ ਕਰਕੇ ਐਕਸ਼ਨ ਟੇਕਨ ਰਿਪੋਰਟ ਮੰਗੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਹਿਲਾ ਲੀਡਰਸ਼ਿਪ ਵੱਲੋਂ ਇਸ ਮੁੱਦੇ ਨੂੰ ਪੰਜਾਬ ਦੀਆਂ ਮਹਿਲਾਵਾਂ ਦੀ ਸੁਰੱਖਿਆ ਅਤੇ ਨਿਆਂ ਨਾਲ ਜੋੜ ਕੇ ਉਠਾਇਆ ਜਾਵੇਗਾ। ਮਾਲਵਿਕਾ ਸੂਦ ਨੇ ਕਿਹਾ ਕਿ ਮਹਿਲਾ ਕਾਂਗਰਸ ਵੱਲੋਂ ਪੰਜਾਬ ਭਰ ਵਿਚ ਲੋਕਾਂ ਨਾਲ ਸੰਪਰਕ ਕਰਕੇ ਮਹਿਲਾਵਾਂ ਦੇ ਹੱਕ ਅਤੇ ਨਿਆਂ ਦੀ ਆਵਾਜ਼ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਦੌਰਾਨ ਇਹ ਵੀ ਜ਼ਿਕਰਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੇ ਉੱਪਰ ਲਗਾਏ 5 ਕਰੋੜ ਰੁਪਏ ਵਾਲੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਦੋਸ਼ ਲਗਾਉਣ ਵਾਲੇ ਸਬੂਤ ਪੇਸ਼ ਕਰਨ ਜਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ। ਉਨ੍ਹਾਂ ਵੱਲੋਂ ਇਸ ਸਬੰਧੀ ਸਾਬਕਾ ਹਾਈ ਕੋਰਟ ਜੱਜ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਵੀ ਰਿਪੋਰਟ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਹੁਣ ਸਾਰਾ ਮਾਮਲਾ ਜਾਂਚ ਏਜੰਸੀਆਂ ਅਤੇ ਅਦਾਲਤ ਦੇ ਸਾਹਮਣੇ ਹੈ। ਉਨ੍ਹਾਂ ਮੰਗ ਕੀਤੀ ਕਿ ਸਿਆਸੀ ਦਖਲਅੰਦਾਜ਼ੀ ਤੋਂ ਰਹਿਤ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਤਾਂ ਜੋ ਦੋਸ਼ ਸਹੀ ਹਨ ਤਾਂ ਜ਼ਿੰਮੇਵਾਰਾਂ ਵਿਰੁੱਧ ਕਾਰਵਾਈ ਹੋਵੇ ਅਤੇ ਜੇਕਰ ਦੋਸ਼ ਬੇਬੁਨਿਆਦ ਹਨ ਤਾਂ ਇਹ ਗੱਲ ਵੀ ਜਾਂਚ ਰਾਹੀਂ ਸਪੱਸ਼ਟ ਹੋ ਸਕੇ।