ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪੈਨ ਇੰਡੀਆ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਅਤੇ ਲੀਗਲ ਸਰਵਿਸਿਜ਼ ਹਫ਼ਤਾ 8 ਨਵੰਬਰ ਤੋਂ 14 ਨਵੰਬਰ 2021 ਤਕ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ/ਸਕੀਮਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਮਿਤੀ 2 ਨਵੰਬਰ 2021 ਨੂੰ ਸਰਕਾਰੀ ਆਈਟੀਆਈ ਮੋਗਾ ਵਿਖੇ ਇੱਕ ਮੈਗਾ ਕੈਂਪ ਲਾਇਆ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਸਰਕਾਰੀ ਲੋਕ ਭਲਾਈ ਸਕੀਮਾਂ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਜਾਗਰੂਕ ਹੋ ਕੇ ਇਨ੍ਹਾਂ ਦਾ ਲਾਹਾ ਲੈ ਸਕਣ।

ਇਸ ਸਬੰਧ ਵਿੱਚ ਅੱਜ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਮਰੀਸ਼ ਕੁਮਾਰ ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੋਗਾ ਹਰਚਰਨ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਮੁੱਖ ਮੰਤਵ 2 ਨਵੰਬਰ ਨੂੰ ਲਾਏ ਜਾਣ ਵਾਲੇ ਮੈਗਾ ਜਾਗਰੂਕਤਾ ਤੇ ਸਹਾਇਤਾ ਕੈਂਪ 'ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸੀ। ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕਿਵੇਂ ਜਾਗਰੂਕ ਕਰਨਾ ਹੈ ਤੇ ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਦਾ ਥੋੜ੍ਹੇ ਸਮੇਂ 'ਚ ਕਿਵੇਂ ਲਾਭ ਦਿਵਾਉਣਾ ਆਦਿ ਵਿਸ਼ਿਆਂ 'ਤੇ ਇਸ ਮੀਟਿੰਗ 'ਚ ਵਿਚਾਰ ਵਟਾਂਦਰਾ ਕੀਤਾ ਗਿਆ।

ਹਰਚਰਨ ਸਿੰਘ ਨੇ ਦੱਸਿਆ ਕਿ ਇਸ ਮੈਗਾ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਦੇ ਸਮਾਰਟ ਕਾਊਂਟਰ ਵੀ ਸਥਾਪਿਤ ਕੀਤੇ ਜਾਣਗੇ ਜਿਨ੍ਹਾਂ ਜ਼ਰੀਏ ਆਮ ਲੋਕ ਇਨ੍ਹਾਂ ਸਕੀਮਾਂ ਪ੍ਰਤੀ ਜਾਗਰੂਕ ਹੋ ਸਕਣਗੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਵੀ ਜਾਰੀ ਕੀਤੀ ਕਿ ਜੇਕਰ ਸੰਭਵ ਹੋਵੇ ਤਾਂ ਜਿਹੜੇ ਵਿਭਾਗਾਂ 'ਚ ਲੋਕਾਂ ਦੇ ਕੰਮਾਂ ਦਾ ਇਸ ਕੈਂਪ 'ਚ ਕਾਊਂਟਰ 'ਤੇ ਹੀ ਨਿਪਟਾਰਾ ਹੋ ਸਕਦਾ ਹੋਵੇ ਉਹ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਖੇਤੀਬਾੜੀ ਵਿਭਾਗ, ਲੇਬਰ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਇਸ ਕੈਂਪ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਲੋਕਾਂ ਨੂੰ ਵੱਖ ਵੱਖ ਲੋਕ ਪੱਖੀ ਸਕੀਮਾਂ ਬਾਰੇ ਜਾਗਰੂਕ ਕਰਨਗੇ ਅਤੇ ਜੇ ਸੰਭਵ ਹੋਵੇ ਤਾਂ ਮੌਕੇ 'ਤੇ ਹੀ ਉਨਾਂ੍ਹ ਦੀਆਂ ਸ਼ਿਕਾਇਤਾਂ ਆਦਿ ਦਾ ਨਿਪਟਾਰਾ ਕਰਨਗੇ।

ਉਨਾਂ੍ਹ ਪੁਲਿਸ ਵਿਭਾਗ ਨੂੰ ਇਸ ਕੈਂਪ ਵਿੱਚ ਸਕਿਉਰਿਟੀ ਪ੍ਰਬੰਧ, ਸਿਹਤ ਵਿਭਾਗ ਨੂੰ ਐਂਬੂਲੈਂਸ ਆਦਿ ਦੇ ਪ੍ਰਬੰਧ, ਮੰਡੀ ਅਫ਼ਸਰ ਨੂੰ ਪੀਣ ਵਾਲੇ ਪਾਣੀ ਦੇ ਪ੍ਰਬੰਧ, ਨਗਰ ਨਿਗਮ ਮੋਗਾ ਦਫ਼ਤਰ ਨੂੰ ਸਫ਼ਾਈ ਦੇ ਪ੍ਰਬੰਧ ਕਰਨ ਤੋਂ ਇਲਾਵਾ ਹੋਰ ਵਿਭਾਗਾਂ ਨੂੰ ਉਨਾਂ੍ਹ ਨਾਲ ਸਬੰਧਤ ਜ਼ਿੰਮੇਵਾਰੀਆਂ ਸੌਂਪੀਆਂ।