ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੀਤੀ ਨਿਖੇਧੀ
ਆਮ ਆਦਮੀ ਪਾਰਟੀ ਦੇ ਸੀਨੀਅਰ
Publish Date: Sat, 27 Jun 2026 03:58 PM (IST)
Updated Date: Sat, 27 Jun 2026 04:01 PM (IST)

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਵਿਰੋਧੀ ਧਿਰਾਂ ਵੱਲੋਂ ਨਕਲੀ ਵੀਡੀਓਆਂ ਅਤੇ ਧਾਰਮਿਕ ਭਾਵਨਾਵਾਂ ਦਾ ਸਹਾਰਾ ਲਿਆ ਜਾ ਰਿਹਾ ਹੈ, ਪਰ ਇਕ ਦਿਨ ਇਨ੍ਹਾਂ ਨੂੰ ਆਪਣੇ ਇਸ ਕੂੜ ਪ੍ਰਚਾਰ ਦੀ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਕਾਰਨ ਵਿਰੋਧੀ ਧਿਰਾਂ ਮੁੱਦਾਹੀਣ ਹੋ ਚੁੱਕੀਆਂ ਹਨ। ਇਸੇ ਕਾਰਨ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਨਾਲ ਜੁੜੇ ਕਈ ਵਿਵਾਦਾਂ ਜਿਵੇਂ ਕਿ 1984 ਵਿਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਗੁਰਦੁਆਰਿਆਂ ਉੱਪਰ ਅਟੈਕ ਕਰਨਾ, ਸਿੱਖ ਨੌਜਵਾਨਾਂ ਦੀ ਨਸਲਕੁਸ਼ੀ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਰਗਾੜੀ ਅਤੇ ਬਹਿਬਲ ਕਾਂਡ, ਸ੍ਰੀ ਅਕਾਲ ਤਖਤ ਸਾਹਿਬ ਤੇ ਸਾਰਾ ਕੁੱਝ ਮੰਨ ਕੇ ਮੁਕਰਨਾ, ਲਾਲ ਕ੍ਰਿਸ਼ਨ ਅਡਵਾਨੀ ਦੀ ਕਿਤਾਬ ਮਾਈ ਕੰਟਰੀ ਮਾਈ ਲਾਈਫ ਅਨੁਸਾਰ ਇੰਦਰਾ ਗਾਂਧੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਅਟੈਕ ਕਰਨ ਲਈ ਦਬਾਅ ਬਣਾਉਣਾ, ਕਿਸਾਨ ਅੰਦੋਲਨ ਵਿਚ 700 ਤੋਂ ਉੱਪਰ ਕਿਸਾਨਾਂ ਦੀ ਸ਼ਹੀਦੀ ਆਦਿ ਘਟਨਾਵਾਂ ਬਾਰੇ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਇਹ ਪਾਰਟੀਆਂ ਵਿਕਾਸ ਅਤੇ ਲੋਕ-ਹਿਤ ਦੇ ਮੁੱਦਿਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੁਕਾਬਲਾ ਨਹੀਂ ਕਰ ਸਕੀਆਂ ਤਾਂ ਇਨ੍ਹਾਂ ਨੇ ਧਾਰਮਿਕ ਮੁੱਦਿਆਂ ਨੂੰ ਰਾਜਨੀਤਿਕ ਤੌਰ ਤੇ ਵਰਤਣਾ ਸ਼ੁਰੂ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਚਲਾਈ ਗਈ ਵੀਡੀਓ ਮੁਹਿੰਮ ਬਾਰੇ ਕਈ ਸਵਾਲ ਖੜ੍ਹੇ ਹੋਏ ਹਨ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵੀਡੀਓ ਨੂੰ ਮਾਸਕ ਪਾ ਕੇ ਬਣਾਉਣ ਦਾ ਪਰਦਾਫਾਸ਼ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਪਹਿਲੇ ਦਿਨ ਤੋਂ ਹੀ ਚਰਚਾ ਅਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦੁਨੀਆ ਭਰ ਦੇ ਹਰ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਅਤੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ, ਸਰਵਉੱਚਤਾ ਅਤੇ ਸਾਖ ਨੂੰ ਬਰਕਰਾਰ ਰੱਖਣ ਲਈ ਹਰ ਫੈਸਲਾ ਕੇਵਲ ਧਾਰਮਿਕ ਸਿਧਾਂਤਾਂ ਅਤੇ ਪੰਥਕ ਪਰੰਪਰਾਵਾਂ ਦੇ ਅਨੁਸਾਰ ਹੀ ਲਿਆ ਜਾਵੇ। ਅੰਤ ਵਿਚ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਵਿਰੋਧੀ ਧਿਰਾਂ ਭਾਵੇਂ ਜਿੰਨਾ ਮਰਜ਼ੀ ਕੂੜ ਪ੍ਰਚਾਰ ਕਰ ਲੈਣ, ਪੰਜਾਬ ਦੇ ਲੋਕ ਵਿਕਾਸ ਅਤੇ ਕੰਮ ਦੀ ਰਾਜਨੀਤੀ ਨੂੰ ਹੀ ਤਰਜੀਹ ਦੇਣਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪਣਾ ਫੈਸਲਾ ਸਪੱਸ਼ਟ ਤੌਰ ਤੇ ਸੁਣਾਉਣਗੇ।