- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ: ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਉੱਪਰ ਜੁੱਤੀਆਂ ਦਾ ਹਾਰ ਪਾਉਣ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਗਾ ਕੁਲਜਿੰਦਰ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਕਿਸੇ ਇਕ ਵਰਗ ਦੇ ਨਹੀਂ, ਸਗੋਂ ਪੂਰੇ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਅਤੇ ਕਰੋੜਾਂ ਲੋਕਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਾਨ ਸ਼ਖ਼ਸੀਅਤਾਂ ਨੇ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਇਤਿਹਾਸਕ ਯੋਗਦਾਨ ਪਾਇਆ, ਉਨ੍ਹਾਂ ਦੇ ਬੁੱਤ ਨਾਲ ਅਜਿਹੀ ਹਰਕਤ ਕਰਨਾ ਸਿਰਫ਼ ਇਕ ਵਿਅਕਤੀ ਜਾਂ ਭਾਈਚਾਰੇ ਦਾ ਅਪਮਾਨ ਨਹੀਂ, ਬਲਕਿ ਸੰਵਿਧਾਨ, ਸਮਾਜਿਕ ਨਿਆਂ ਅਤੇ ਦੇਸ਼ ਦੀਆਂ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਅਪਮਾਨ ਹੈ। ਕੁਲਜਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਮਾਮਲੇ ਦੀ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਦੀਆਂ ਅਜਿਹੀਆਂ ਹਰਕਤਾਂ ਦਾ ਮਕਸਦ ਸਮਾਜ ਵਿਚ ਤਣਾਅ ਅਤੇ ਵੰਡ ਪੈਦਾ ਕਰਨਾ ਹੋ ਸਕਦਾ ਹੈ। ਪੰਜਾਬ ਦੇ ਲੋਕ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸਾਡਾ ਵਿਰੋਧ ਸਖ਼ਤ ਹੈ ਪਰ ਸਾਡਾ ਰਸਤਾ ਹਮੇਸ਼ਾ ਸੰਵਿਧਾਨਕ ਅਤੇ ਸ਼ਾਂਤਮਈ ਹੋਵੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਦੇ ਵਿਰੋਧ ਵਿਚ ਇਕਜੁੱਟ ਹੋਣ ਪਰ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭੜਕਾਊ ਕਾਰਵਾਈ ਤੋਂ ਬਚਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਕੁਲਜਿੰਦਰ ਸਿੰਘ ਨੇ ਸਪੱਸ਼ਟ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਅਤੇ ਅਜਿਹੀਆਂ ਘਟਨਾਵਾਂ ਦੀ ਮੁੜ ਵਾਪਸੀ ਰੋਕਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।