- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਖਰੜ ਵਿਖੇ ਕਰਵਾਈ ਗਈ ਮਹਾ ਰੋਸ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਇਹ ਰੈਲੀ ਪੰਜਾਬ ਭਰ ਦੇ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਅਤੇ ਲੰਬੇ ਸਮੇਂ ਤੋਂ ਅਟਕੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਰਮਚਾਰੀਆਂ ਨੇ ਹਿੱਸਾ ਲੈ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ। ਇਸ ਮੌਕੇ ਸਫਾਈ ਸੈਨਿਕਾਂ, ਸੀਵਰਮੈਨਾਂ, ਪੰਪ ਆਪਰੇਟਰਾਂ, ਬੇਲਦਾਰਾਂ, ਮਾਲੀਆਂ ਅਤੇ ਸਮੂਹ ਆਊਟਸੋਰਸ ਅਤੇ ਕਾਂਟ੍ਰੈਕਟ ਕਰਮਚਾਰੀਆਂ ਨੇ ਇਕਜੁੱਟ ਹੋ ਕੇ ਸਰਕਾਰ ਦੇ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਕਰਮਚਾਰੀਆਂ ਦਾ ਕਹਿਣਾ ਸੀ ਕਿ ਸਾਲਾਂ ਤੋਂ ਸੇਵਾ ਨਿਭਾਉਣ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਹ ਅਸੁਰੱਖਿਆ ਅਤੇ ਆਰਥਿਕ ਤੰਗੀ ਵਿਚ ਜੀਵਨ ਬਤੀਤ ਕਰਨ ਲਈ ਮਜ਼ਬੂਰ ਹਨ। ਇਸ ਮੌਕੇ ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਸਫਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਇਹ ਕਰਮਚਾਰੀ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਕਈ ਵਾਰ ਆਪਣੀ ਜਾਨ ਤੱਕ ਜੋਖ਼ਮ ਵਿਚ ਪਾਉਂਦੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਅਣਗਹਿਲੀ ਬਰਤੀ ਜਾ ਰਹੀ ਹੈ, ਜੋ ਬਹੁਤ ਦੁਖਦਾਈ ਹੈ। ਰੋਸ ਰੈਲੀ ਦੌਰਾਨ ਮੁੱਖ ਮੰਗਾਂ ਵਿੱਚ ਸਮੂਹ ਆਊਟਸੋਰਸ ਅਤੇ ਕਾਂਟ੍ਰੈਕਟ ਕਰਮਚਾਰੀਆਂ ਨੂੰ ਬਿਨਾਂ ਕਿਸੇ ਸ਼ਰਤ ਦੇ ਤੁਰੰਤ ਪੱਕਾ ਕਰਨ, 10 ਸਾਲਾ ਪਾਲਿਸੀ ਨੂੰ ਤੁਰੰਤ ਰੱਦ ਕਰਨ, ਅਤੇ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦੀ ਮੰਗ ਸ਼ਾਮਲ ਸੀ। ਆਗੂਆਂ ਨੇ ਕਿਹਾ ਕਿ ਮੌਜੂਦਾ ਨੀਤੀਆਂ ਕਰਮਚਾਰੀ ਵਰਗ ਦੇ ਭਵਿੱਖ ਨਾਲ ਖਿਲਵਾੜ ਕਰ ਰਹੀਆਂ ਹਨ ਅਤੇ ਇਹ ਅਨਿਆਇਕ ਹਨ। ਇਸ ਮੌਕੇ ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਦੌਰਾਨ ਸਰਕਾਰ ਦੇ ਨੁਮਾਇੰਦੇ ਵੀ ਰੈਲੀ ਸਥਾਨ ‘ਤੇ ਪਹੁੰਚੇ ਅਤੇ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਗੱਲਬਾਤ ਮਗਰੋਂ ਸਰਕਾਰ ਵੱਲੋਂ 2 ਜੁਲਾਈ 2026 ਨੂੰ ਚੰਡੀਗੜ੍ਹ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਗਿਆ। ਇਸ ਮੀਟਿੰਗ ਵਿਚ ਕਰਮਚਾਰੀਆਂ ਦੀਆਂ ਮੰਗਾਂ ‘ਤੇ ਚਰਚਾ ਕਰਕੇ ਕੋਈ ਢੁਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ। ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ 2 ਜੁਲਾਈ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਯੂਨੀਅਨ 8 ਜੁਲਾਈ 2026 ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜ਼ਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਸਫਾਈ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਰੈਲੀ ਦੇ ਅੰਤ ਵਿਚ ਕਰਮਚਾਰੀਆਂ ਨੇ ਇਕਸੁਰ ਹੋ ਕੇ ਐਲਾਨ ਕੀਤਾ ਕਿ ਜਦ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਦ ਤੱਕ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਰਮਚਾਰੀਆਂ ਦੀ ਲੜਾਈ ਨਹੀਂ, ਸਗੋਂ ਇਨਸਾਫ਼ ਅਤੇ ਅਧਿਕਾਰਾਂ ਦੀ ਲੜਾਈ ਹੈ।