- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਆਮ ਆਦਮੀ

ਅਵਤਾਰ ਸਿੰਘ, ਅਜੀਤਵਾਲ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ ਵਿਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਪਿੰਡ ਕੋਕਰੀ ਫੂਲਾ ਸਿੰਘ ਦੇ ਸਰਕਾਰੀ ਹਾਈ ਸਕੂਲ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਵਿਚ 27 ਲੱਖ 66 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸਾਇੰਸ ਲੈਬ ਅਤੇ ਲਾਇਬ੍ਰੇਰੀ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਸਹੂਲਤਾਂ ਨਾਲ ਲੈਸ ਕਰਨਾ ਹੈ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਵੀ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਆਧੁਨਿਕ ਸਾਇੰਸ ਲੈਬ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਅਤੇ ਪ੍ਰਯੋਗਿਕ ਗਿਆਨ ਨੂੰ ਉਤਸ਼ਾਹਿਤ ਕਰੇਗੀ, ਜਦਕਿ ਲਾਇਬ੍ਰੇਰੀ ਬੱਚਿਆਂ ਵਿਚ ਪੜ੍ਹਨ ਦੀ ਰੁਚੀ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਸਹਾਇਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਅਤੇ ਦੇਸ਼ ਦੀ ਤਰੱਕੀ ਦੀ ਬੁਨਿਆਦ ਹੁੰਦੀ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਅਧਿਆਪਕਾਂ ਨੂੰ ਆਧੁਨਿਕ ਸਿਖਲਾਈ ਦੇਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਕੂਲ ਦੇ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਵਿਦਿਆਰਥੀਆਂ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਸਿੰਘ, ਸਰਪੰਚ ਜਗਦੀਸ਼ ਸਿੰਘ, ਚੇਅਰਮੈਨ ਐੱਸਐੱਮਸੀ ਜੋਰਾ ਸਿੰਘ, ਸਕੱਤਰ ਗੁਰਿੰਦਰ ਕੌਰ, ਸਿਮਰਨਜੀਤ ਸਰਾਂ,ਆਪ ਆਗੂ ਬਲਤੇਜ ਸਿੰਘ, ਅੰਗਰੇਜ਼ ਸਿੰਘ, ਜਸਵੰਤ ਸਿੰਘ ਮਧੇਕੇ, ਸਕੂਲ ਦਾ ਸਟਾਫ਼, ਪਿੰਡ ਦੀ ਪੰਚਾਇਤ, ਪਤਵੰਤੇ ਸੱਜਣ ਅਤੇ ਵਿਦਿਆਰਥੀ ਹਾਜ਼ਰ ਸਨ।