- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੂੰ ਪੇਸ਼ ਆ ਰਹੀਆਂ

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ, ਉਨ੍ਹਾਂ ਨਾਲ ਹੋ ਰਹੀਆਂ ਕਥਿਤ ਧੱਕੇਸ਼ਾਹੀਆਂ ਅਤੇ ਕਿਸਾਨੀ ਹੱਕਾਂ ਦੀ ਰਾਖੀ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਿਸਾਨ ਅਜਾਦ ਗਰੁੱਪ ਵੱਲੋਂ ਅੱਜ ਬਲਾਕ ਕੋਟ ਈਸੇ ਖਾਂ ਦੇ ਕਿਸਾਨਾਂ ਦੀ ਵਿਸ਼ੇਸ਼ ਇਕੱਤਰਤਾ ਪਿੰਡ ਦੌਲੇਵਾਲਾ ਮਾਇਰ ਵਿਖੇ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ ਹੱਲ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹੀਰਾ ਸਿੰਘ ਸੰਧੂ ਦੌਲੇਵਾਲਾ ਅਤੇ ਗੁਰਦੇਵ ਸਿੰਘ ਸ਼ਾਹ ਵਾਲਾ ਨੇ ਦੱਸਿਆ ਕਿ ਉਹ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜ ਕੇ ਕਿਸਾਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਵਿਰੁੱਧ ਸੰਘਰਸ਼ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਉਣਾ ਹਰ ਕਿਸਾਨ ਜਥੇਬੰਦੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਿਚਾਰਾਂ ਅਤੇ ਕੰਮਕਾਜ ਸਬੰਧੀ ਮਤਭੇਦਾਂ ਦੇ ਚੱਲਦਿਆਂ ਉਨ੍ਹਾਂ ਨੇ ਅਜਾਦ ਗਰੁੱਪ ਦੇ ਰੂਪ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਕਥਿਤ ਧੱਕੇਸ਼ਾਹੀਆਂ ਵਿਰੁੱਧ ਡਟ ਕੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਅਨੁਸਾਰ ਇਸ ਗਰੁੱਪ ਦਾ ਮੁੱਖ ਉਦੇਸ਼ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਉਭਾਰਨਾ, ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਲੋੜ ਪੈਣ ’ਤੇ ਜਥੇਬੰਦਕ ਤਰੀਕੇ ਨਾਲ ਸੰਘਰਸ਼ ਕਰਨਾ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਦੀ ਰਾਖੀ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਢੁੱਕਵਾਂ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 18 ਅਕਤੂਬਰ ਨੂੰ ਕਿਸਾਨਾਂ ਨਾਲ ਮੀਟਿੰਗ ਕਰਕੇ ਅਗਲੇ ਫ਼ੈਸਲੇ ਲੈਣ ਦੀ ਯੋਜਨਾ ਬਣਾਈ ਗਈ ਸੀ। ਇਸ ਸਬੰਧੀ ਕਿਸਾਨਾਂ ਦੀ ਰਾਇ ਲੈ ਕੇ ਅਗਲੀ ਰਣਨੀਤੀ ਤੈਅ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਇਕੱਤਰਤਾ ਦੌਰਾਨ ਕਿਸਾਨਾਂ ਦੀਆਂ ਮੰਗਾਂ, ਜਥੇਬੰਦਕ ਮਜ਼ਬੂਤੀ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਦੇ ਰੂਪ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਕੱਤਰਤਾ ਵਿਚ ਸ਼ਾਮਲ ਹੋ ਕੇ ਆਪਣੇ ਸੁਝਾਅ ਦੇਣ ਅਤੇ ਕਿਸਾਨੀ ਹੱਕਾਂ ਦੀ ਰਾਖੀ ਲਈ ਏਕਤਾ ਦਾ ਸਬੂਤ ਦੇਣ।