ਦਸਤਾਰ ਮਕਾਬਲੇ ’ਚ ਮੋਹਰੀ ਵਿਦਿਆਰਥੀ ਸਨਮਾਨਿਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
Publish Date: Tue, 21 Apr 2026 04:57 PM (IST)
Updated Date: Wed, 22 Apr 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਰੇ ਵਿੱਦਿਅਕ ਅਦਾਰਿਆਂ ’ਚ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਗਏ। ਇਸੇ ਤਰ੍ਹਾਂ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਦੇ ਵਿਦਿਆਰਥੀਆਂ ਨੇ ਵੀ ਇਨ੍ਹਾਂ ਮੁਕਾਬਲਿਆਂ ਵਿਚ ਸ਼ਿਰਕਤ ਕੀਤੀ। ਮੁਕਾਬਲੇ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਮੋਹਰੀ ਰਹੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਜਸ਼ਨਦੀਪ ਸਿੰਘ, ਹਰਮਨਦੀਪ ਸਿੰਘ ਅਤੇ ਦਇਆ ਸਿੰਘ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਕੀ ਵਿਖੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨਤ ਕਰਨ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਸਮੇਤ ਨਾਮੀ ਪੰਥਕ ਸ਼ਖ਼ਸੀਅਤਾਂ ਮੌਜੂਦ ਸਨ। ਇਨ੍ਹਾਂ ਜੇਤੂ ਵਿਦਿਆਰਥੀਆਂ ਦੀ ਅਗਵਾਈ ਲਖਵੀਰ ਕੌਰ ਮਾਛੀਕੇ ਨੇ ਕੀਤੀ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਦਸਤਾਰ ਦੀ ਸਿੱਖ ਧਰਮ ਵਿਚ ਵਿਸ਼ੇਸ਼ ਮਹੱਤਤਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਦਸਤਾਰਾਂ ਸਜਾਉਣ, ਗੁਰਬਾਣੀ ਪੜ੍ਹਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਤਾਕੀਦ ਕੀਤੀ। ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ ਅਤੇ ਹੋਰ ਸਾਰੇ ਸਟਾਫ਼ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।