ਮਾਨ ਸਰਕਾਰ ਵੱਲੋਂ ਅਧਿਆਪਕਾਂ ’ਤੇ ਤਸ਼ੱਦਦ ਮੰਦਭਾਗਾ : ਗਲੋਟੀ
ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ
Publish Date: Sat, 14 Mar 2026 04:09 PM (IST)
Updated Date: Sat, 14 Mar 2026 04:12 PM (IST)

ਵਕੀਲ ਮਹਿਰੋਂ 0 ਪੰਜਾਬੀ ਜਾਗਰਣ ਮੋਗਾ : ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਨੇ ਚੰਡੀਗੜ੍ਹ ਵਿਚ ਅਧਿਆਪਕਾਂ ਉੱਤੇ ਕੀਤੇ ਗਏ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਅਤੇ ਸੂਬਾ ਮੀਤ ਪ੍ਰਧਾਨ ਮੀਨੂ ਬਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨਾਲ ਕੀਤਾ ਗਿਆ ਵਤੀਰਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ 12 ਮਾਰਚ ਨੂੰ ਪੰਜਾਬ ਭਰ ਤੋਂ ਆਏ ਅਧਿਆਪਕਾਂ ਵੱਲੋਂ ਜ਼ਬਰੀ ਥੋਪੇ ਗਏ ਟੈੱਟ ਅਤੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਬਲ ਦੀ ਵਰਤੋਂ ਕਰਦੇ ਹੋਏ ਅਧਿਆਪਕਾਂ ਉੱਤੇ ਪਾਣੀ ਦੀਆਂ ਬੋਛਾੜਾਂ ਚਲਾਈਆਂ ਗਈਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਵਤੀਰਾ ਲੋਕਤੰਤਰਕ ਹੱਕਾਂ ਦੀ ਖੁੱਲ੍ਹੀ ਉਲੰਘਣਾ ਹੈ ਅਤੇ ਇਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇਕ ਹਫ਼ਤੇ ਦੇ ਅੰਦਰ ਹੀ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਦੂਜੀ ਵਾਰ ਕੀਤੇ ਗਏ ਜ਼ਬਰ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਲੋਕ ਵਿਰੋਧੀ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪੁਲਿਸ ਬਲ ਦੀ ਵਰਤੋਂ ਕਰਕੇ ਅਧਿਆਪਕਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਤਾਂ ਰੋਕਿਆ ਜਾ ਸਕਦਾ ਹੈ ਪਰ ਪੰਜਾਬ ਦੇ ਲੋਕਾਂ ਦੇ ਸੰਘਰਸ਼ੀਲੇ ਹੌਂਸਲੇ ਕਦੇ ਨਹੀਂ ਟੁੱਟ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁਲਾਜ਼ਮ ਅਤੇ ਅਧਿਆਪਕ ਲਹਿਰ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਵੱਡੀ ਚੁਣੌਤੀ ਬਣ ਕੇ ਸਾਹਮਣੇ ਆਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਨਾਲ ਇਹੀ ਰਵੱਈਆ ਜਾਰੀ ਰਿਹਾ ਤਾਂ 2027 ਦੀਆਂ ਚੋਣਾਂ ਵਿਚ ਅਜਿਹੀ ਸਰਕਾਰ ਨੂੰ ਲੋਕਾਂ ਦਾ ਸਖ਼ਤ ਜਵਾਬ ਮਿਲੇਗਾ। ਇਸ ਮੌਕੇ ਯੂਨੀਅਨ ਦੇ ਹੋਰ ਆਗੂਆਂ ਵਿਚ ਸੂਬਾ ਮੁੱਖ ਸਲਾਹਕਾਰ ਓਮਾ, ਮੀਤ ਪ੍ਰਧਾਨ ਹਰਪ੍ਰੀਤ ਕੌਰ, ਮੀਤ ਪ੍ਰਧਾਨ ਗੁਰਚਰਨ ਸਿੰਘ ਕੰਗ, ਮੁੱਖ ਸਲਾਹਕਾਰ ਅੰਮ੍ਰਿਤਪਾਲ ਸਿੰਘ, ਸੂਬਾ ਕਮੇਟੀ ਮੈਂਬਰ ਚੰਦਰਸ਼ੇਖਰ, ਮਨਮੋਹਣ ਸਿੰਘ, ਸੁਖਚੈਨ ਸਿੰਘ, ਹਰਸਿਮਰਨ ਸਿੰਘ, ਹਰਦਾਸਾ, ਪਵਨ ਕੁਮਾਰ, ਦੀਪਕ, ਸ਼ੁਭਕਰਨ, ਗੁਰਜੀਤ ਚਾਹਲ, ਇੰਚਾਰਜ ਗੁਰਜਿੰਦਰ ਰਾਮ, ਸੂਬਾ ਕਮੇਟੀ ਮੈਂਬਰ ਜਸਵੀਰ ਕੌਰ, ਜਗਤਾਰ ਸਿੰਘ, ਕੁਲਵਿੰਦਰ ਕੌਰ ਅਤੇ ਅਮਨ ਖ਼ਾਨ ਸਮੇਤ ਹੋਰ ਆਗੂ ਵੀ ਮੌਜੂਦ ਸਨ।