ਦਰਦਨਾਕ ਹਾਦਸਾ : ਕੰਧ 'ਚ ਵੱਜੀ ਬੇਕਾਬੂ ਕਾਰ, 8 ਸਾਲਾ ਬੱਚੇ ਸਮੇਤ 3 ਦੀ ਮੌਤ; 2 ਗੰਭੀਰ ਜ਼ਖ਼ਮੀ ਸਮਾਲਸਰ ਥਾਣਾ ਖੇਤਰ ਦੇ ਪਿੰਡ ਮੱਲਕੇ ਨੇੜੇ ਸੋਮਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਅੱਠ ਸਾਲਾ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੀ ਕੰਧ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
Publish Date: Tue, 22 Sep 2026 10:44 AM (IST)
Updated Date: Tue, 22 Sep 2026 10:45 AM (IST)
ਸੰਵਾਦ ਸਹਿਯੋਗੀ, ਜਾਗਰਣ, ਮੋਗਾ : ਸਮਾਲਸਰ ਥਾਣਾ ਖੇਤਰ ਦੇ ਪਿੰਡ ਮੱਲਕੇ ਨੇੜੇ ਸੋਮਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਅੱਠ ਸਾਲਾ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੀ ਕੰਧ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਸਮਾਲਸਰ ਥਾਣਾ ਮੁਖੀ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਕਾਰ 'ਚ ਪਿੰਡ ਕੌਣੀ ਵਾਸੀ ਵਕੀਲ ਸਿੰਘ, ਗੁਰਕੀਰਤ ਸਿੰਘ (8), ਅੰਮ੍ਰਿਤਪਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਤੋਂ ਇਲਾਵਾ ਪਿੰਡ ਮਾੜੀ ਮੁਸਤਫ਼ਾ ਵਾਸੀ ਕੁਲਦੀਪ ਸਿੰਘ ਸਵਾਰ ਸਨ। ਜਦੋਂ ਕਾਰ ਮੱਲਕੇ ਪਿੰਡ ਨੇੜੇ ਪਹੁੰਚੀ ਤਾਂ ਅਚਾਨਕ ਚਾਲਕ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਬਣੀ ਕੰਧ ਨਾਲ ਜਾ ਟਕਰਾਈ।
ਹਾਦਸੇ 'ਚ ਵਕੀਲ ਸਿੰਘ ਅਤੇ ਕੁਲਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਗੰਭੀਰ ਜ਼ਖ਼ਮੀ ਅੱਠ ਸਾਲਾ ਗੁਰਕੀਰਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਦਸੇ 'ਚ ਜ਼ਖ਼ਮੀ ਅੰਮ੍ਰਿਤਪਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਲਸਰ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ 'ਤੇ ਨਿਯਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।