ਝੋਨੇ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਸਿਖਲਾਈ ਕੈਂਪ ਲਗਾਇਆ ਜ਼ਿਲ੍ਹਾ ਮੋਗਾ ਦੇ ਪਿੰਡ ਝੰਡਿਆਣਾ
Publish Date: Wed, 23 Sep 2026 03:39 PM (IST)
Updated Date: Wed, 23 Sep 2026 03:42 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਦੇ ਪਿੰਡ ਝੰਡਿਆਣਾ ਸ਼ਰਕੀ ਵਿਖੇ ਆਈਪੀਐੱਸ ਫਾਊਂਡੇਸ਼ਨ ਅਤੇ ਚੰਬਲ ਫਰਟੀਲਾਈਜ਼ਰਜ਼ ਦੇ ਸਾਂਝੇ ਯਤਨਾਂ ਨਾਲ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਦੇ ਸੁਚੱਜੇ ਪ੍ਰਬੰਧਨ ਸਬੰਧੀ ਇਕ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਵਿਕਾਸ ਅਫ਼ਸਰ ਕਿਰਨਦੀਪ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤਾਂ ਵਿਚ ਹੀ ਸੰਭਾਲਣ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਅਤੇ ਖੇਤੀਬਾੜੀ ਪੱਧਰ ਤੇ ਇਨ੍ਹਾਂ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਆਈਪੀਐੱਸ. ਫਾਊਂਡੇਸ਼ਨ ਦੇ ਜ਼ਿਲ੍ਹਾ ਕੋਆਰਡੀਨੇਟਰ ਸੌਰਵ ਨੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਵਿਧੀਆਂ ਅਤੇ ਸਰਕਾਰ ਵੱਲੋਂ ਸੀਆਰਐੱਮ ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਮਸ਼ੀਨਰੀ ਤੇ ਸਬਸਿਡੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਕਿਸਾਨਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਮਿੱਟੀ ਜਾਂਚ ਰਿਪੋਰਟਾਂ ਦੀ ਵੰਡ ਕੀਤੀ ਗਈ, ਤਾਂ ਜੋ ਕਿਸਾਨ ਆਪਣੀ ਜ਼ਮੀਨ ਦੀ ਲੋੜ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰ ਸਕਣ। ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਕਿਸਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ, ਜਿੰਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ’ਚ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।