- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸ਼ਹਿਰ ਦੀ ਨਾਮਵਰ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ : ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅਮਰ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜ਼ਲੀ ਦੇਣ ਲਈ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਕੂਲ ਵਿਚ ਸਵੇਰੇ ਇਕ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਅਤੇ ਉਨ੍ਹਾਂ ਦੀ ਸ਼ਹਾਦਤ ਨਾਲ ਸਬੰਧਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ। ਚੇਅਰਪਰਸਨ ਕਮਲ ਸੈਣੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਅਤੇ ਉਨ੍ਹਾਂ ਜਿਹਾ ਦੇਸ਼ ਭਗਤੀ ਦਾ ਇਰਾਦਾ ਰੱਖਦਿਆਂ ਹੋਇਆ ਭਾਰਤ ਨੂੰ ਮਜ਼ਬੂਤ ਅਤੇ ਖੁਸ਼ਹਾਲ ਰਾਸ਼ਟਰ ਬਣਾਉਣ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਇਕ ਮਹਾਨ ਆਜ਼ਾਦੀ ਘੁਲਾਟੀਏ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਦਿਨ ਹੈ। ਇਹ ਆਜ਼ਾਦੀ ਪ੍ਰਤੀ ਸਾਡੀ ਵਚਨਬੱਧਤਾ ਨੂੰ ਨਿਭਾਉਣ ਅਤੇ ਸਾਡੇ ਦੇਸ਼ ਦੀ ਬਿਹਤਰੀ ਲਈ ਕੰਮ ਕਰਨ ਦਾ ਦਿਨ ਵੀ ਹੈ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸ਼ਹੀਦ ਊੱਧਮ ਸਿੰਘ ਦੇ ਜੀਵਨ ਅਤੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਬਹਾਦਰੀ, ਦੇਸ਼ ਭਗਤੀ ਅਤੇ ਭਾਰਤ ਦੀ ਆਜ਼ਾਦੀ ਪ੍ਰਤੀ ਉਸਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਵਿਚ ਟਹਿਲ ਸਿੰਘ ਦੇ ਘਰ ਹੋਇਆ ਸੀ। ਸਾਲ 1919 ਵਿਚ ਵਾਪਰੇ ਜਲਿਆਂਵਾਲਾ ਬਾਗ ਦੇ ਸਾਕੇ ਨੇ ਉਨ੍ਹਾਂ ਦੇ ਮੰਨ ਉੱਪਰ ਗਹਿਰਾ ਅਸਰ ਪਾਇਆ ਅਤੇ ਇਸ ਦਾ ਬਦਲਾ ਉਨ੍ਹਾਂ ਨੇ 13 ਮਾਰਚ 1940 ਨੂੰ ਲੰਡਨ ਜਾ ਕੇ ਜਨਰਲ ਅਡਵਾਇਰ ਨੂੰ ਗੋਲੀ ਮਾਰ ਕੇ ਲਿਆ। ਜਿਸ ਲਈ ਉਨ੍ਹਾਂ ਨੂੰ 31 ਜੁਲਾਈ 1940 ਨੂੰ ਫਾਂਸੀ ਲਗਾ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਵੱਲੋਂ ਵਿਦਿਆਰਥੀਆਂ ਦੇ ਮਨਾਂ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀਆਂ ਕਦਰਾਂ-ਕੀਮਤਾਂ ਨੂੰ ਜਗਾਉਣ ਲਈ ਸਭਾ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਸੱਚੇ ਦੇਸ਼ ਭਗਤ ਸਨ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਸਿੱਖਣ ਅਤੇ ਭਾਰਤ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ।ਸਭਾ ਦੇ ਅੰਤ ਵਿਚ ਵਿਦਿਆਰਥੀਆਂ ਨੇ ਭਾਰਤ ਦੀ ਏਕਤ ਅਤੇ ਅਖੰਡਤਾ ਪ੍ਰਤੀ ਸਦਾ ਵਫ਼ਾਦਾਰ ਰਹਿਣ ਦੀ ਸੌਂਹੁ ਚੁੱਕੀ।