- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮਿਸ਼ਨ ਸਾਰਥੀ ਜੋ ਦੂਜਿਆਂ ਨੂੰ ਰਾਹ ਦਿਖਾਉਂਦੇ ਹਨ, ਉਨ੍ਹਾਂ ਦਾ ਮਾਰਗਦਰਸ਼ਨ’ ਤਹਿਤ ਨਸ਼ਿਆਂ ਸਬੰਧੀ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ 43 ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਗਾਈਡੈਂਸ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੋਗਾ ਜ਼ਿਲ੍ਹੇ ਦੇ 20 ਖੇਤਰਾਂ ਨੂੰ ਵਿਸ਼ੇਸ਼ ਧਿਆਨ ਦੇਣ ਲਈ ਚੁਣਿਆ ਗਿਆ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ, ਕਾਊਂਸਲਿੰਗ ਅਤੇ ਰੋਕਥਾਮ ਸਬੰਧੀ ਉਪਰਾਲਿਆਂ ਨੂੰ ਮਜ਼ਬੂਤ ਕਰਨਾ ਹੈ। ਮਿਸ਼ਨ ਸਾਰਥੀ ਦੀ ਸ਼ੁਰੂਆਤ ਸਕੂਲਾਂ ਵਿੱਚ ਕਰੀਅਰ ਕਾਊਂਸਲਿੰਗ ਅਤੇ ਵਿਦਿਆਰਥੀਆਂ ਦੀ ਸਹੀ ਰਹਿਨੁਮਾਈ ਦੇ ਨਾਲ-ਨਾਲ ਨਸ਼ਿਆਂ ਸਬੰਧੀ ਜਾਗਰੂਕਤਾ ਅਤੇ ਮੁੱਢਲੇ ਪੱਧਰ ’ਤੇ ਸਮੇਂ ਸਿਰ ਦਖ਼ਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ। ਸਿਖਲਾਈ ਪ੍ਰੋਗਰਾਮ ਦੌਰਾਨ ਦੀਪ ਕਾਲੜਾ ਡਾਇਰੈਕਟਰ, ਐਕਟ ਹਿਊਮਨ ਡਾ. ਗੌਰਵਪ੍ਰੀਤ ਸਿੰਘ, ਪੀਸੀਐੱਮਐੱਸ, ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾ. ਚਰਨਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਅਤੇ ਮਨੋਚਿਕਿਤਸਕ ਡਾ. ਰਵਿਸ਼ ਅਰੋੜਾ, ਐੱਮਡੀ, ਡਾਇਰੈਕਟਰ ਗਲੋਬਲ ਚਾਈਲਡ ਵੈੱਲਨੈੱਸ ਇੰਸਟੀਚਿਊਟ ਜੀਸੀ ਡਬਲਿਊਆਈ, ਲੁਧਿਆਣਾ ਅਤੇ ਸਚਿਨ ਕੁਮਾਰ, ਸੀਨੀਅਰ ਮਨੋਵਿਗਿਆਨੀ ਅਤੇ ਸੈਂਟਰ ਹੈੱਡ, ਜੀਸੀ ਡਬਲਿਊ.ਆਈ ਮੋਗਾ ਵੱਲੋਂ ਮਾਹਿਰ ਸੈਸ਼ਨ ਲਏ ਗਏ। ਸਿਖਲਾਈ ਦੌਰਾਨ ਕਿਸ਼ੋਰ ਉਮਰ ਦੇ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ, ਨਸ਼ਿਆਂ ਪ੍ਰਤੀ ਸੰਵੇਦਨਸ਼ੀਲ ਅਤੇ ਜੋਖ਼ਮ ਵਾਲੇ ਵਿਦਿਆਰਥੀਆਂ ਦੀ ਪਛਾਣ, ਵਿਹਾਰਕ ਅਤੇ ਡਾਕਟਰੀ ਸੰਕੇਤਾਂ ਨੂੰ ਸਮਝਣ, ਮਨੋਵਿਗਿਆਨਕ ਕਾਊਂਸਲਿੰਗ ਦੀਆਂ ਤਕਨੀਕਾਂ, ਦੋਸਤਾਂ ਦੇ ਦਬਾਅ ਨਾਲ ਨਜਿੱਠਣ, ਅਸਲ ਮਾਮਲਿਆਂ ’ਤੇ ਆਧਾਰਿਤ ਅਧਿਐਨ ਅਤੇ ਲੋੜ ਪੈਣ ’ਤੇ ਮਾਹਿਰ ਇਲਾਜ ਤੇ ਮੁੜ-ਵਸੇਬੇ ਲਈ ਰੈਫ਼ਰ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਆਈਏਐੱਸ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਆਰਥੀਆਂ ਦੇ ਸੱਚੇ ਅਰਥਾਂ ਵਿਚ ਸਾਰਥੀ ਬਣਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਬੱਚਿਆਂ ਨਾਲ ਰੋਜ਼ਾਨਾ ਸੰਪਰਕ ਹੁੰਦਾ ਹੈ, ਜਿਸ ਕਾਰਨ ਉਹ ਵਿਦਿਆਰਥੀਆਂ ਦੇ ਵਿਹਾਰ ਵਿਚ ਆਉਣ ਵਾਲੀਆਂ ਤਬਦੀਲੀਆਂ ਅਤੇ ਨਸ਼ਿਆਂ ਵੱਲ ਵਧਣ ਦੇ ਮੁੱਢਲੇ ਸੰਕੇਤਾਂ ਨੂੰ ਸਮੇਂ ਸਿਰ ਪਛਾਣਨ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਹੀ ਰਹਿਨੁਮਾਈ, ਹਮਦਰਦੀ ਅਤੇ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਜਨਰਲ ਜਸਪਿੰਦਰ ਸਿੰਘ, ਆਈਏਐੱਸ ਨੇ ਸਾਰੇ ਸਕੂਲ ਪ੍ਰਿੰਸੀਪਲਾਂ ਅਤੇ ਗਾਈਡੈਂਸ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਸਕੂਲਾਂ ਵਿਚ ਅਜਿਹੀ ਵਿਵਸਥਾ ਸਥਾਪਤ ਕਰਨ, ਜਿਸ ਰਾਹੀਂ ਨਸ਼ਿਆਂ ਦੇ ਜੋਖ਼ਮ ਵਾਲੇ ਵਿਦਿਆਰਥੀਆਂ ਦੀ ਮੁੱਢਲੇ ਪੱਧਰ ’ਤੇ ਪਛਾਣ, ਸੰਵੇਦਨਸ਼ੀਲ ਢੰਗ ਨਾਲ ਕਾਊਂਸਲਿੰਗ, ਮਾਪਿਆਂ ਦੀ ਸ਼ਮੂਲੀਅਤ ਅਤੇ ਲੋੜ ਅਨੁਸਾਰ ਮਾਹਿਰਾਂ ਦੀ ਸਹਾਇਤਾ ਸਮੇਂ ਸਿਰ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਮਿਸ਼ਨ ਸਾਰਥੀ ਰਾਹੀਂ ਸਕੂਲਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਸਰਗਰਮ ਭਾਈਵਾਲ ਬਣਾਉਣ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਯਤਨ ਕੀਤੇ ਜਾਣਗੇ।