
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਰਕਾਰ ਵੱਲੋਂ ਸੂਬੇ ਦੇ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਜਾ ਰਹੀ ‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਜ਼ਿਲ੍ਹੇ ਵਿਚ 10 ਦਿਨਾਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਸਵੇਰੇ 7 ਵਜੇ ਗੀਤਾ ਭਵਨ ਚੌਂਕ, ਮੋਗਾ ਤੋਂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਮੁਹਿੰਮ ਦੌਰਾਨ ਸ਼ਹਿਰਾਂ ਅਤੇ ਕਸਬਿਆਂ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਆਪਕ ਪੱਧਰ ’ਤੇ ਸਫ਼ਾਈ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁਹਿੰਮ ਵਿਚ ਵਿਧਾਇਕਾਂ, ਉੱਚ ਪੱਧਰੀ ਪ੍ਰਸ਼ਾਸਨਿਕ ਅਧਿਕਾਰੀਆਂ, ਸਥਾਨਕ ਸਰਕਾਰਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਡੀਸੀ ਨੇ ਕਿਹਾ ਕਿ ਸਫ਼ਾਈ ਕੇਵਲ ਇਕ ਦਿਨ ਜਾਂ ਇਕ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਸਾਫ਼-ਸੁਥਰਾ ਆਲਾ-ਦੁਆਲਾ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਦਾ ਹੈ, ਬਲਕਿ ਲੋਕਾਂ ਨੂੰ ਮੌਸਮੀ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਆਪਣੇ ਘਰਾਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਡੀਸੀ ਸੇਤੀਆ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜਾ-ਕਰਕਟ ਸੜਕਾਂ, ਗਲੀਆਂ ਜਾਂ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਸਥਾਨਾਂ ’ਤੇ ਹੀ ਪਾਇਆ ਜਾਵੇ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੀ ਆਦਤ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਹ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਨਗਰ ਨਿਗਮ ਮੋਗਾ, ਨਗਰ ਕੌਂਸਲ ਬਾਘਾਪੁਰਾਣਾ, ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਬੱਧਨੀ ਕਲਾਂ, ਨਿਹਾਲ ਸਿੰਘ ਵਾਲਾ, ਕੋਟ ਈਸੇ ਖਾਂ ਅਤੇ ਫਤਿਹਗੜ੍ਹ ਪੰਜਤੂਰ ਵਿਖੇ ਚਲਾਈ ਜਾਵੇਗੀ।