ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਸਤੀਫਾ ਮੰਗਿਆ ਸੰਯੁਕਤ ਕਿਸਾਨ ਮੋਰਚਾ ਭਾਰਤ
Publish Date: Fri, 23 Oct 2026 04:36 PM (IST)
Updated Date: Fri, 23 Oct 2026 04:36 PM (IST)
ਐੱਸਆਈਆਰ ਦੇ ਮੁੱਦੇ ’ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਅੱਜ ਸੰਯੁਕਤ ਕਿਸਾਨ ਮੋਰਚਾ ਮੋਗਾ ਵੱਲੋਂ ਐੱਸਆਈਆਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ। ਧਰਨੇ ਨੂੰ ਸੰਬੋਧਨ ਕਰਦਿਆਂ ਬਲੌਰ ਸਿੰਘ ਘੱਲਕਲਾਂ, ਜ਼ਿਲ੍ਹਾ ਵਿੱਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭੁਪਿੰਦਰ ਸਿੰਘ ਦੌਲਤਪੁਰਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਨਿਰਭੈ ਸਿੰਘ ਟੁੱਡੀਕੇ ਕਿਰਤੀ ਕਿਸਾਨ ਯੂਨੀਅਨ ਅਤੇ ਜਸਵਿੰਦਰ ਸਿੰਘ ਕਾਲੇਕੇ ਡੀਕੇਯੂ ਡਕੌਂਦਾ ਸਮੇਤ ਹੋਰਨਾਂ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸੂਰਤ ਸਿੰਘ ਕੁਲ ਹਿੰਦ ਸਭਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਜੋ ਪ੍ਰਕਿਰਿਆ ਚਲਾਈ ਜਾ ਰਹੀ ਹੈ, ਉਸ ਨੂੰ ਲੈ ਕੇ ਲੋਕਾਂ ਵਿਚ ਕਈ ਤਰ੍ਹਾਂ ਦੇ ਸਵਾਲ ਅਤੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਇਸ ਮੁੱਦੇ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ ਅਤੇ ਸੰਯੁਕਤ ਕਿਸਾਨ ਮੋਰਚਾ ਇਸ ਸੰਘਰਸ਼ ਦੀ ਹਮਾਇਤ ਕਰਦਾ ਹੈ। ਧਰਨੇ ਦੌਰਾਨ ਆਗੂਆਂ ਨੇ ਦਾਅਵਾ ਕੀਤਾ ਕਿ ਦੇਸ਼ ਭਰ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਨਾਂ ਵੋਟਰ ਸੂਚੀਆਂ ’ਚੋਂ ਕੱਟੇ ਗਏ ਹਨ ਅਤੇ ਪੰਜਾਬ ’ਚ ਵੀ ਲੱਖਾਂ ਲੋਕਾਂ ਦੇ ਨਾਂ ਕੱਟੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਵੋਟਰਾਂ ਦੇ ਨਾਂ ਅਤੇ ਪਤੇ ਗਲਤ ਦਰਜ ਹੋਣ ਕਾਰਨ ਲੋਕਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਵਿਚ ਮੁਸ਼ਕਲ ਆ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇੰਨ੍ਹਾਂ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀਆਂ ਗਲਤੀਆਂ ਨੂੰ ਤੁਰੰਤ ਠੀਕ ਕੀਤਾ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਆਪਣੀ ਕਾਰਜਪ੍ਰਣਾਲੀ ਵਿੱਚ ਨਿਰਪੱਖਤਾ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਹਰ ਯੋਗ ਵੋਟਰ ਦੇ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ। ਇਸ ਮੌਕੇ ਗੁਰਦੇਵ ਸਿੰਘ ਕਿਸ਼ਨਪੁਰਾ, ਬੂਟਾ ਸਿੰਘ ਭਾਗੀਕੇ, ਜਗਜੀਤ ਸਿੰਘ, ਰਸ਼ਪਾਲ ਸਿੰਘ ਪਟਵਾਰੀ ਅਤੇ ਕਰਮਜੀਤ ਸਿੰਘ ਮਾਣੂੰਕੇ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਰਾਮ ਸਿੰਘ ਆਠੂਰ, ਅਮਰਜੀਤ ਸਿੰਘ ਸ਼ੇਰਪੁਰੀ, ਕਰਮਜੀਤ ਕੌਰ ਹਿੰਮਤਪੁਰਾ ਅਤੇ ਹਰਬੰਸ ਕੌਰ ਚੜਿੱਕ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਵੀ ਧਰਨੇ ਵਿਚ ਸ਼ਾਮਲ ਹੋਏ।