ਝੋਨੇ ਦੀ ਖ਼ਰੀਦ ਦੌਰਾਨ ਬੇਵਜ੍ਹਾ ਕਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭੁਪਿੰਦਰ ਸਿੰਘ ਦੌਲਤਪੁਰਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
Publish Date: Tue, 13 Oct 2026 04:21 PM (IST)
Updated Date: Wed, 14 Oct 2026 04:03 AM (IST)
ਕਿਸਾਨ ਝੋਨਾ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ, ਖ਼ਰੀਦ ਪ੍ਰਕਿਰਿਆ ’ਚ ਕਿਸੇ ਕਿਸਮ ਦੀ ਮੁਸ਼ਕਲ ਆਉਣ ’ਤੇ ਜਥੇਬੰਦੀ ਕਿਸਾਨਾਂ ਦੇ ਨਾਲ ਖੜ੍ਹੇਗੀ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਖ਼ਰੀਦ ਸਮੇਂ ਕੋਈ ਇੰਸਪੈਕਟਰ ਜਾਂ ਆੜ੍ਹਤੀਆ ਕਿਸਾਨਾਂ ਦੀ ਫ਼ਸਲ ਵਿਚ ਬੇਵਜ੍ਹਾ ਕਾਟ ਲਾਉਂਦਾ ਹੈ ਜਾਂ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਤੁਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨਾਲ ਸੰਪਰਕ ਕਰਨ। ਜਥੇਬੰਦੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਤਿਆਰ ਹੈ ਤੇ ਕਿਸੇ ਵੀ ਕਿਸਾਨ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਕਿਸਾਨਾਂ ਲਈ ਬੇਹੱਦ ਅਹਿਮ ਮਸਲਾ ਹੈ ਕਿਉਂਕਿ ਸਾਰਾ ਸਾਲ ਸਖ਼ਤ ਮਿਹਨਤ ਕਰਨ ਤੋਂ ਬਾਅਦ ਕਿਸਾਨ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਆਉਂਦੇ ਹਨ। ਖੇਤੀਬਾੜੀ ਉੱਤੇ ਵਧ ਰਹੇ ਖ਼ਰਚਿਆਂ, ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ ਅਤੇ ਡੀਜ਼ਲ ਦੀਆਂ ਕੀਮਤਾਂ ਕਾਰਨ ਪਹਿਲਾਂ ਹੀ ਕਿਸਾਨਾਂ ਉੱਤੇ ਆਰਥਿਕ ਬੋਝ ਵਧਿਆ ਹੋਇਆ ਹੈ। ਅਜਿਹੇ ਵਿਚ ਜੇਕਰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਫ਼ਸਲ ਵਿਚ ਨਿਯਮਾਂ ਦੇ ਉਲਟ ਕਾਟ ਲਗਾਈ ਜਾਂਦੀ ਹੈ ਤਾਂ ਇਸ ਨਾਲ ਕਿਸਾਨਾਂ ਨੂੰ ਹੋਰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕਿਸਾਨ ਦੀ ਫ਼ਸਲ ਦੀ ਖ਼ਰੀਦ ਸਮੇਂ ਬੇਵਜ੍ਹਾ ਕਾਟ ਲਗਾਈ ਜਾਂਦੀ ਹੈ ਜਾਂ ਉਸ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਅੜਿੱਕਾ ਪੇਸ਼ ਆਉਂਦਾ ਹੈ ਤਾਂ ਉਹ ਚੁੱਪ ਰਹਿਣ ਦੀ ਬਜਾਏ ਜਥੇਬੰਦੀ ਦੇ ਧਿਆਨ ਵਿਚ ਮਾਮਲਾ ਲਿਆਵੇ। ਜਥੇਬੰਦੀ ਵੱਲੋਂ ਕਿਸਾਨ ਦੀ ਸਮੱਸਿਆ ਨੂੰ ਸਬੰਧਤ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਤੇ ਕਿਸਾਨ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਸਮੱਸਿਆ ਬਾਰੇ ਸਮੇਂ ਸਿਰ ਜਥੇਬੰਦੀ ਨੂੰ ਜਾਣਕਾਰੀ ਦੇਣ ਤਾਂ ਜੋ ਮਾਮਲੇ ਦਾ ਢੁੱਕਵਾਂ ਹੱਲ ਕੱਢਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ, ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਮੋਦਨ ਸਿੰਘ ਨਿਧਾ ਵਾਲਾ, ਸੁਰਿੰਦਰ ਸਿੰਘ ਸੰਧੂਆਣਾ, ਲਖਬੀਰ ਸਿੰਘ ਸੰਧੂਆਣਾ, ਜਗਸੀਰ ਸਿੰਘ ਜੱਗੀ ਬਾਘਾਪੁਰਾਣਾ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।