- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਕਿਸਾਨ ਮਸਲਿਆਂ ’ਤੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ, ਸੂਬਾ ਮੀਤ ਪ੍ਰਧਾਨ ਮੋਹਨ ਸਿੰਘ, ਐਗਜ਼ੈਕਟਿਵ ਮੈਂਬਰ ਹਰਨੇਕ ਸਿੰਘ, ਇਕਬਾਲ ਸਿੰਘ, ਗੁਰਜੰਟ ਸਿੰਘ, ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ, ਮੰਦਰਜੀਤ ਸਿੰਘ ਸਮੇਤ ਕਈ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਵੱਲੋਂ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਖੇਤੀਬਾੜੀ ਅਤੇ ਡੇਅਰੀ ਫਾਰਮਿੰਗ ਸੰਬੰਧੀ ਕੀਤੇ ਗਏ ਸਮਝੌਤਿਆਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਆਗੂਆਂ ਨੇ ਕਿਹਾ ਕਿ ਇਹ ਸਮਝੌਤੇ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਲਈ ਘਾਤਕ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਇਨ੍ਹਾਂ ਸਮਝੌਤਿਆਂ ਦੀ ਪੂਰੀ ਅਤੇ ਸਪੱਸ਼ਟ ਜਾਣਕਾਰੀ ਕਿਸਾਨਾਂ ਦੇ ਸਾਹਮਣੇ ਨਹੀਂ ਰੱਖੀ ਗਈ, ਜਿਸ ਕਾਰਨ ਕਿਸਾਨਾਂ ਵਿਚ ਸੰਦੇਹ ਅਤੇ ਚਿੰਤਾ ਵਧ ਰਹੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਇਹ ਸਮਝੌਤੇ ਲਾਗੂ ਹੋਏ ਤਾਂ ਦੇਸ਼ ਦੀ ਖੇਤੀਬਾੜੀ ਅਤੇ ਖਾਸ ਕਰਕੇ ਡੇਅਰੀ ਉਦਯੋਗ ’ਤੇ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ। ਇਸ ਨਾਲ ਪੰਜਾਬ ਦੇ ਲੱਖਾਂ ਕਿਸਾਨਾਂ ਅਤੇ ਡੇਅਰੀ ਫਾਰਮਰਾਂ ਦੀ ਰੋਜ਼ੀ-ਰੋਟੀ ਨੂੰ ਖਤਰਾ ਪੈਦਾ ਹੋ ਸਕਦਾ ਹੈ ਅਤੇ ਕਿਸਾਨ ਆਰਥਿਕ ਤੌਰ ’ਤੇ ਬੇਹੱਦ ਪ੍ਰਭਾਵਿਤ ਹੋ ਸਕਦੇ ਹਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਮਰੀਕਾ ਨਾਲ ਕੀਤੇ ਗਏ ਖੇਤੀ ਅਤੇ ਡੇਅਰੀ ਸੰਬੰਧੀ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਹੀ ਕੋਈ ਨਵੀਂ ਨੀਤੀ ਬਣਾਈ ਜਾਵੇ। ਮੀਟਿੰਗ ਦੌਰਾਨ ਪੰਜਾਬ ਵਿਚ ਗੈਸ ਸਿਲੰਡਰਾਂ ਦੀ ਹੋ ਰਹੀ ਕਥਿਤ ਕਾਲਾਬਾਜ਼ਾਰੀ ਦਾ ਮਸਲਾ ਵੀ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਕਈ ਥਾਵਾਂ ’ਤੇ ਲੋਕਾਂ ਨੂੰ ਗੈਸ ਸਿਲੰਡਰ ਬੁੱਕ ਕਰਵਾਉਣ ਵਿਚ ਮੁਸ਼ਕਲਾਂ ਆ ਰਹੀਆਂ ਹਨ ਅਤੇ ਜੇਕਰ ਬੁੱਕ ਵੀ ਹੋ ਜਾਂਦਾ ਹੈ ਤਾਂ ਸਮੇਂ ’ਤੇ ਸਿਲੰਡਰ ਨਹੀਂ ਮਿਲ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਥਾਵਾਂ ’ਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਆਮ ਲੋਕਾਂ ਨੂੰ ਸਮੇਂ ਸਿਰ ਸਿਲੰਡਰ ਮੁਹੱਈਆ ਕਰਵਾਏ ਜਾਣ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਮੋਦਨ ਸਿੰਘ ਨਿਧਾਵਾਲਾ, ਸਵਿੰਦਰ ਸਿੰਘ ਮਾਣੂੰਕੇ, ਮੇਜਰ ਸਿੰਘ ਗਿੱਲ, ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ, ਜਸਵੀਰ ਸਿੰਘ ਬੱਧਨੀ, ਬਾਬੂ ਸਿੰਘ, ਸੁਖਦੀਪ ਸਿੰਘ ਰਾਊਕੇ, ਬਲਬੀਰ ਸਿੰਘ ਬੀੜ ਰਾਊਕੇ, ਮੇਜਰ ਸਿੰਘ ਡਰੋਲੀ, ਜ਼ਿਲ੍ਹਾ ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ, ਸੁਰਿੰਦਰ ਸਿੰਘ ਮੋਗਾ, ਪ੍ਰਗਟ ਸਿੰਘ ਮਹੇਸ਼ਰੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਸਨ।