ਅਮਰੀਕਾ-ਭਾਰਤ ਟਰੇਡ ਸਮਝੌਤਾ ਕਿਸਾਨਾਂ ਲਈ ਘਾਤਕ : ਸਾਫੂਵਾਲਾ ਸੰਯੁਕਤ ਕਿਸਾਨ ਮੋਰਚਾ ਐੱਸਕੇਐੱਮ
Publish Date: Mon, 20 Jul 2026 04:07 PM (IST)
Updated Date: Tue, 21 Jul 2026 04:01 AM (IST)
ਸੰਯੁਕਤ ਕਿਸਾਨ ਮੋਰਚਾ ਦੇ ਅਹੁਦੇਦਾਰਾਂ ਨੇ ਕੀਤਾ ਵਿਚਾਰ ਵਟਾਂਦਰਾ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਸੰਯੁਕਤ ਕਿਸਾਨ ਮੋਰਚਾ ਐੱਸਕੇਐੱਮ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਅਤੇ ਜਗਜੀਤ ਸਿੰਘ ਆਗੂ ਕੁਲਹਿੰਦ ਕਿਸਾਨ ਸਭਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਕਸ਼ਮੀਰ ਸਿੰਘ ਭੇਖਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਜਸਵਿੰਦਰ ਸਿੰਘ ਗਿੱਲ ਕਾਲੇਕੇ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬ੍ਰਹਮਕੇ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਪ੍ਰਧਾਨ ਗੁਰਨੇਕ ਸਿੰਘ ਦੌਲਤਪੁਰਾ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੀਟਿੰਗ ਵਿਚ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਅਮਰੀਕਾ–ਭਾਰਤ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੀ ਖੇਤੀਬਾੜੀ, ਮੰਡੀ ਪ੍ਰਣਾਲੀ ਅਤੇ ਕਿਸਾਨਾਂ ਦੀ ਆਰਥਿਕਤਾ ਲਈ ਬਹੁਤ ਹੀ ਘਾਤਕ ਸਾਬਤ ਹੋਵੇਗਾ। ਇਸ ਸਮਝੌਤੇ ਨਾਲ ਬਹੁਰਾਸ਼ਟਰੀ ਕੰਪਨੀਆਂ ਨੂੰ ਫ਼ਾਇਦਾ ਹੋਵੇਗਾ ਜਦਕਿ ਦੇਸ਼ ਦਾ ਕਿਸਾਨ ਹੋਰ ਵੱਡੇ ਸੰਕਟ ਵਿਚ ਫਸ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਪੱਧਰੀ ਸੱਦੇ ਤਹਿਤ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜ਼ਿਲ੍ਹਾ ਮੋਗਾ ਦੇ ਦਾਰਾਪੁਰ ਟੋਲ ਪਲਾਜ਼ਾ ਅਤੇ ਕਮਾਲਕੇ, ਕਾਵਾਂ ਵਾਲਾ ਪੱਤਣ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਮੁਫ਼ਤ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਵੱਡੀ ਗਿਣਤੀ ਵਿਚ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਵਿਚ ਬਿਜਲੀ ਸਪਲਾਈ ਦੀ ਮਾੜੀ ਹਾਲਤ, ਟਰਾਂਸਫਾਰਮਰਾਂ ਦੇ ਸੜਨ, ਘੱਟ ਵੋਲਟੇਜ, ਨਹਿਰੀ ਪਾਣੀ ਦੀ ਕਮੀ ਅਤੇ ਆਵਾਰਾ ਪਸ਼ੂਆਂ ਤੇ ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਮਸਲਿਆਂ ਦਾ ਤੁਰੰਤ ਅਤੇ ਪੱਕਾ ਹੱਲ ਕਰਨ ਦੀ ਮੰਗ ਕੀਤੀ। ਅੰਤ ਵਿਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਨੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਦਾਰਾਪੁਰ ਅਤੇ ਕਮਾਲਕੇ–ਕਾਵਾਂ ਵਾਲਾ ਪੱਤਣ ਟੋਲ ਪਲਾਜ਼ਿਆਂ ਤੇ ਵੱਡੀ ਗਿਣਤੀ ਵਿਚ ਪਹੁੰਚ ਕੇ ਰੋਸ ਪ੍ਰਦਰਸ਼ਨ ਨੂੰ ਕਾਮਯਾਬ ਬਣਾਇਆ ਜਾਵੇ। ਮੀਟਿੰਗ ਦੌਰਾਨ ਲਖਬੀਰ ਸਿੰਘ ਸਾਬਕਾ ਸਰਪੰਚ ਸੰਧੂਆਣਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਜਸਪਾਲ ਸਿੰਘ ਕਿਰਤੀ ਕਿਸਾਨ ਯੂਨੀਅਨ, ਜਸਵਿੰਦਰ ਸਿੰਘ ਘੱਲ ਕਲਾਂ, ਸੁਖਦੀਪ ਸਿੰਘ ਭੇਖਾ, ਹਰਮੇਲ ਸਿੰਘ ਫੌਜੀ, ਬਚਿੱਤਰ ਸਿੰਘ ਡੀਪੀਐੱਮ, ਬਲਵਿੰਦਰ ਸਿੰਘ ਇਕਾਈ ਪ੍ਰਧਾਨ, ਹਰਜੀਤ ਸਿੰਘ ਮਨਾਵਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ (ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਰਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।