- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚਾ ਐੱਸਕੇਐੱਮ

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਸੰਯੁਕਤ ਕਿਸਾਨ ਮੋਰਚਾ ਐੱਸਕੇਐੱਮ ਦੇ ਸੱਦੇ ’ਤੇ ਮੋਗਾ ਜ਼ਿਲ੍ਹੇ ਦੀਆਂ ਵੱਖ ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਥਾਨਕ ਐੱਮਐੱਲਏ ਡਾ. ਅਮਨਦੀਪ ਕੌਰ ਅਰੋੜਾ ਦੇ ਨਿਵਾਸ ਅੱਗੇ ਧਰਨਾ ਲਗਾ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖਾ ਵਿਰੋਧ ਦਰਜ ਕਰਵਾਇਆ ਗਿਆ। ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰਾਂ ਨੂੰ ਕਿਸਾਨ ਵਿਰੋਧੀ ਫ਼ੈਸਲਿਆਂ ਤੋਂ ਬਾਜ ਆਉਣ ਦੀ ਚੇਤਾਵਨੀ ਦਿੱਤੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ, ਬੀਜ ਸੋਧ ਬਿੱਲ 2025 ਅਤੇ ਕਿਰਤੀਆਂ ਨਾਲ ਸਬੰਧਿਤ ਚਾਰ ਲੇਬਰ ਕੋਡ ਲਿਆਂਦੇ ਜਾ ਰਹੇ ਹਨ, ਜੋ ਕਿਸਾਨਾਂ ਅਤੇ ਮਜ਼ਦੂਰ ਵਰਗ ਲਈ ਘਾਤਕ ਸਾਬਤ ਹੋਣਗੇ। ਆਗੂਆਂ ਨੇ ਕਿਹਾ ਕਿ ਮਨਰੇਗਾ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਅਮਰੀਕਾ ਨਾਲ ਫ਼ਰੀ ਟ੍ਰੇਡ ਸਮਝੌਤਾ ਕਰਨ ਦੇ ਯਤਨ ਦੇਸ਼ ਦੀ ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ ਲਈ ਖ਼ਤਰਾ ਬਣ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਕਦਮ ਪਹਿਲਾਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਵਾਂਗ ਹੀ ਕਿਸਾਨਾਂ ਦੀ ਰੋਟੀ ਰੋਜ਼ੀ ਉੱਤੇ ਸਿੱਧਾ ਹਮਲਾ ਹਨ। ਪੰਜਾਬ ਸਰਕਾਰ ਵੀ ਨਿਸ਼ਾਨੇ ’ਤੇ ਵਕਤਾਵਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨ ਮਸਲਿਆਂ ’ਤੇ ਚੁੱਪ ਧਾਰਨ ਕਰਕੇ ਕੇਂਦਰ ਦੀਆਂ ਨੀਤੀਆਂ ਨੂੰ ਅਪਰੋਕਸ਼ ਤੌਰ ’ਤੇ ਸਮਰਥਨ ਦੇ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੈਂਡ ਪੂਲ ਨੀਤੀ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੀਆਂ ਜ਼ਮੀਨਾਂ ਵੇਚਣ ਦੀ ਤਿਆਰੀ ਹੋ ਰਹੀ ਹੈ, ਕਿਸਾਨ ਅੰਦੋਲਨਾਂ ਨੂੰ ਦਬਾਉਣ ਲਈ ਪੁਲਿਸ ਕਾਰਵਾਈ ਅਤੇ ਕੇਸ ਦਰਜ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਜਿਹੜੇ ਵੀ ਲੋਕ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਉਨ੍ਹਾਂ ਨੂੰ ਡਰਾਇਆ ਜਾਂਦਾ ਹੈ। ਪਿੰਡ ਜਿਉਂਦ ਵਿਚ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੀ ਘਟਨਾ ਦੀ ਤਿੱਖੀ ਨਿੰਦਾ ਕੀਤੀ ਗਈ। ਧਰਨੇ ਦੌਰਾਨ ਆਗੂਆਂ ਨੇ ਦੱਸਿਆ ਕਿ ਪਿੰਡਾਂ ਵਿਚ ਆਲੂ ਦੀ ਫ਼ਸਲ ਬਰਬਾਦ ਹੋ ਰਹੀ ਹੈ ਅਤੇ ਕਿਸਾਨ ਭਾਰੀ ਆਰਥਿਕ ਸੰਕਟ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਦੀ ਮਦਦ ਕਰਨ ਦੀ ਥਾਂ ਉਨ੍ਹਾਂ ਨੂੰ ਕਰਜ਼ੇ ਅਤੇ ਨੁਕਸਾਨ ਦੇ ਭਾਰ ਹੇਠ ਛੱਡ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰਾਂ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿਚ ਵੱਡੇ ਪੱਧਰ ’ਤੇ ਸੰਘਰਸ਼ ਛੇੜਿਆ ਜਾਵੇਗਾ ਅਤੇ ਸਰਕਾਰਾਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਬਲੌਰ ਸਿੰਘ ਘੱਲਕਲਾਂ, ਸੁਖਵਿੰਦਰ ਸਿੰਘ, ਇਕਬਾਲ ਸਿੰਘ ਗਲੋਟੀ, ਕਸ਼ਮੀਰ ਸਿੰਘ, ਨਿਰਭੈ ਸਿੰਘ ਢੁੱਡੀਕੇ, ਮੇਜਰ ਸਿੰਘ ਕਾਲੇਕੇ, ਹਰਦਿਆਲ ਸਿੰਘ, ਗੁਰਮੀਤ ਸਿੰਘ ਕਿਸ਼ਨਪੁਰਾ, ਬਚਿੱਤਰ ਕੌਰ ਤਲਵੰਡੀ ਮੱਲੀਆਂ, ਮਨਜੀਤ ਕੌਰ ਨੱਥੂਵਾਲਾ ਅਤੇ ਹੋਰ ਅਨੇਕਾਂ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਧਰਨੇ ਦੌਰਾਨ ਕਿਸਾਨਾਂ ਨੇ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਲਿਆ। ਇਸ ਮੌਕੇ ਕਿਸਾਨ ਮੋਰਚਾ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਾ ਲਏ ਗਏ ਅਤੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵਿਸਥਾਰ ਦੇ ਕੇ ਸੂਬਾ ਪੱਧਰ ’ਤੇ ਵੱਡੇ ਅੰਦੋਲਨ ਕੀਤੇ ਜਾਣਗੇ।