- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿਚ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿਚ ਲਾਗੂ ਕੀਤੀ ਗਈ ਵੀਬੀਜੀ ਰਾਮ ਜੀ ਯੋਜਨਾ ਨੂੰ ਪੇਂਡੂ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਇਕ ਇਤਿਹਾਸਕ ਅਤੇ ਕ੍ਰਾਂਤੀਕਾਰੀ ਕਦਮ ਵਜੋਂ ਵੇਖਿਆ ਜਾ ਰਿਹਾ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਪ੍ਰਧਾਨ ਸਰਪੰਚ ਲਖਵੰਤ ਸਿੰਘ ਸਾਫੂਵਾਲਾ ਅਤੇ ਐੱਸਸੀ ਮੋਰਚਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਰੱਤੀਆਂ ਨੇ ਗੱਲਬਾਤ ਕਰਦਿਆਂ ਕਿਹਾ ਉਨ੍ਹਾਂ ਕਿਹਾ ਕਿ ਇਹ ਯੋਜਨਾ ਪੇਂਡੂ ਆਰਥਿਕਤਾ ਨੂੰ ਨਵੀਂ ਮਜ਼ਬੂਤੀ ਦੇਵੇਗੀ ਅਤੇ ਮਜ਼ਦੂਰਾਂ ਨੂੰ ਅਸਲ ਰੋਜ਼ਗਾਰ ਸੁਰੱਖਿਆ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ ਕਿਸੇ ਪੁਰਾਣੀ ਸਕੀਮ ਦਾ ਨਾਂ ਬਦਲਣ ਦਾ ਮਾਮਲਾ ਨਹੀਂ, ਸਗੋਂ ਇਕ ਨਵੀਂ, ਪਾਰਦਰਸ਼ੀ, ਜਵਾਬਦੇਹ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਣਾਲੀ ਦੀ ਸ਼ੁਰੂਆਤ ਹੈ। ਪਿਛਲੇ ਸਮੇਂ ਦੌਰਾਨ ਮਨਰੇਗਾ ਵਿਚ ਫਰਜ਼ੀ ਜੌਬ ਕਾਰਡ, ਜਾਅਲੀ ਹਾਜ਼ਰੀਆਂ ਅਤੇ ਭੁਗਤਾਨ ਵਿਚ ਗੜਬੜੀਆਂ ਵਰਗੀਆਂ ਕਈ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਨਵੀਂ ਯੋਜਨਾ ਰਾਹੀਂ ਅਜਿਹੀਆਂ ਬੇਨਿਯਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਕੜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਵੇਂ ਕਾਨੂੰਨ ਅਧੀਨ ਮਜ਼ਦੂਰਾਂ ਦੀ ਦਿਹਾੜੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕੀਤੀ ਜਾਵੇਗੀ, ਜਿਸ ਨਾਲ ਵਿਚੋਲਿਆਂ ਦੀ ਭੂਮਿਕਾ ਪੂਰੀ ਤਰ੍ਹਾਂ ਖਤਮ ਹੋਵੇਗੀ। ਇਸ ਦੇ ਨਾਲ ਮਜ਼ਦੂਰੀ ਦੇ ਭੁਗਤਾਨ ਵਿਚ ਹੋਣ ਵਾਲੀ ਬੇਲੋੜੀ ਦੇਰੀ ਵੀ ਦੂਰ ਹੋਵੇਗੀ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣੇਗੀ। ਇਸ ਨਾਲ ਮਜ਼ਦੂਰਾਂ ਦਾ ਸਰਕਾਰੀ ਪ੍ਰਣਾਲੀ ਉੱਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਵੀਬੀਜੀ ਰਾਮ ਜੀ ਯੋਜਨਾ ਦਾ ਮਕਸਦ ਕੇਵਲ ਦਿਹਾੜੀ ਦੇਣਾ ਨਹੀਂ, ਸਗੋਂ ਮਜ਼ਦੂਰਾਂ ਦੀ ਅਜੀਵਿਕਾ ਨੂੰ ਸੁਰੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਆਰਥਿਕ ਤੇ ਸਮਾਜਿਕ ਤੌਰ ’ਤੇ ਆਤਮਨਿਰਭਰ ਬਣਾਉਣਾ ਹੈ। ਇਹ ਯੋਜਨਾ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਨਾਲ ਲੋਕਾਂ ਦੀ ਜੀਵਨ ਗੁਣਵੱਤਾ ਵਿਚ ਵੀ ਸੁਧਾਰ ਲਿਆਏਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਮੇਤ ਦੇਸ਼ ਭਰ ਵਿਚ ਇਹ ਯੋਜਨਾ ਲਾਗੂ ਹੋਣ ਨਾਲ 100 ਦਿਨਾਂ ਦੀ ਬਜਾਏ 125 ਦਿਨਾਂ ਤੱਕ ਰੁਜ਼ਗਾਰ ਦੀ ਗਰੰਟੀ ਦਿੱਤੀ ਜਾਵੇਗੀ। ਇਸ ਨਾਲ ਪਿੰਡ ਪੱਧਰ ’ਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ ਅਤੇ ਆਰਥਿਕ ਮਜ਼ਬੂਤੀ ਵਿਚ ਵੱਡਾ ਯੋਗਦਾਨ ਪਵੇਗਾ। ਮਜ਼ਦੂਰੀ ਦਰ ਵਿਚ ਵੀ ਵੱਡਾ ਵਾਧਾ ਕੀਤਾ ਗਿਆ ਹੈ। ਪਹਿਲਾਂ 298.80 ਰੁਪਏ ਪ੍ਰਤੀ ਦਿਨ ਮਿਲਣ ਵਾਲੀ ਮਜ਼ਦੂਰੀ ਹੁਣ ਵਧਾ ਕੇ 327.40 ਰੁਪਏ ਪ੍ਰਤੀ ਦਿਨ ਕਰ ਦਿੱਤੀ ਗਈ ਹੈ। ਇਸ ਵਾਧੇ ਨਾਲ ਮਜ਼ਦੂਰ ਵਰਗ ਦੀ ਆਮਦਨ ਵਿਚ ਇਜ਼ਾਫਾ ਹੋਵੇਗਾ ਅਤੇ ਉਨ੍ਹਾਂ ਦੇ ਜੀਵਨ ਮਿਆਰ ਵਿਚ ਸੁਧਾਰ ਆਵੇਗਾ। ਇਸ ਯੋਜਨਾ ਦਾ ਸਭ ਤੋਂ ਵੱਡਾ ਲਾਭ ਖੇਤੀਬਾੜੀ ਅਤੇ ਪਿੰਡ ਵਿਕਾਸ ਨਾਲ ਜੁੜੇ ਕੰਮਾਂ ਵਿਚ ਨਜ਼ਰ ਆਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਹ ਸਕੀਮ ਪਿੰਡਾਂ ਵਿਚ ਨਵੇਂ ਰੁਜ਼ਗਾਰ ਮੌਕੇ ਪੈਦਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕਰੇਗੀ। ਖੇਤੀ ਲਈ ਜ਼ਰੂਰੀ ਖਾਦ, ਬੀਜ ਅਤੇ ਹੋਰ ਸਹੂਲਤਾਂ ਵਿਚ ਵੀ ਕਿਸਾਨਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਇਸ ਮੌਕੇ ਆਮ ਲੋਕਾਂ ਅਤੇ ਕਿਸਾਨਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਯੋਜਨਾ ਪਿੰਡਾਂ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦੇਵੇਗੀ। ਉਨ੍ਹਾਂ ਕਿਹਾ ਕਿ ਰੁਜ਼ਗਾਰ ਸੰਬੰਧੀ ਮੁਸ਼ਕਲਾਂ ਘੱਟ ਹੋਣਗੀਆਂ ਅਤੇ ਪੇਂਡੂ ਪਰਿਵਾਰਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ। ਇਸ ਮੌਕੇ ਲਖਵੰਤ ਸਿੰਘ ਅਤੇ ਸਤਿੰਦਰਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਗਰੀਬ, ਕਿਸਾਨ, ਮਜ਼ਦੂਰ ਅਤੇ ਪੇਂਡੂ ਵਰਗ ਦੀ ਭਲਾਈ ਲਈ ਲਗਾਤਾਰ ਨਵੀਆਂ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵੀਬੀਜੀ ਰਾਮ ਜੀ ਯੋਜਨਾ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ।