
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਜਨੇਰ ਸਥਿਤ ਰੈੱਡ ਕਰਾਸ

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ: ਪਿੰਡ ਜਨੇਰ ਸਥਿਤ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਪਿਛਲੇ ਅੱਠ ਸਾਲਾਂ ਤੋਂ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣ ਵਾਲੀ ਮੁੱਖ ਨਰਸਿੰਗ ਅਧਿਕਾਰੀ ਵੀਰਪਾਲ ਕੌਰ ਬਾਠ ਨੂੰ 15 ਅਗਸਤ ਆਜ਼ਾਦੀ ਦਿਵਸ ਮੌਕੇ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਮੋਗਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਵੱਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਵੀ ਸਿੰਘ ਫਤਿਹਗੜ੍ਹ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਵੀਰਪਾਲ ਕੌਰ ਬਾਠ ਵੱਲੋਂ ਨਸ਼ਾ ਛੁਡਾਊ ਕੇਂਦਰ ’ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਗੱਲਬਾਤ ਕਰਦਿਆਂ ਵੀਰਪਾਲ ਕੌਰ ਬਾਠ ਨੇ ਕਿਹਾ ਕਿ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਪਿਛਲੇ ਅੱਠ ਸਾਲਾਂ ਤੋਂ ਉਹ ਆਪਣੀ ਪੂਰੀ ਸਮਰੱਥਾ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ। ਇਸ ਦੌਰਾਨ ਨਸ਼ਿਆਂ ਦੀ ਦਲਦਲ ’ਚ ਫਸੇ ਕਈ ਨੌਜਵਾਨਾਂ ਨੂੰ ਨਸ਼ਾ ਛੱਡ ਕੇ ਮੁੜ ਚੰਗੀ ਅਤੇ ਸਿਹਤਮੰਦ ਜ਼ਿੰਦਗੀ ਵੱਲ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਕੇਂਦਰ ਵਿੱਚ ਆਉਣ ਵਾਲੇ ਨੌਜਵਾਨਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁੜ ਸਨਮਾਨਜਨਕ ਅਤੇ ਬਿਹਤਰ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਵੀਰਪਾਲ ਕੌਰ ਬਾਠ ਨੇ ਆਪਣੇ ਪਤੀ ਹਰਪ੍ਰੀਤ ਸਿੰਘ, ਜੋ ਵਿਸ਼ੇਸ਼ ਪ੍ਰੋਜੈਕਟ ਕੋਆਰਡੀਨੇਟਰ ਵਜੋਂ ਇਸ ਕਾਰਜ ’ਚ ਸਹਿਯੋਗ ਕਰ ਰਹੇ ਹਨ, ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸੇਵਾ ਕਾਰਜ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਦੇ ਪਤੀ ਵੱਲੋਂ ਹਰ ਸਮੇਂ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ 15 ਅਗਸਤ ਮੌਕੇ ਮਿਲੇ ਇਸ ਮਾਣ-ਸਨਮਾਨ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਉਹ ਭਵਿੱਖ ’ਚ ਵੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪਹਿਲਾਂ ਨਾਲੋਂ ਵਧੇਰੇ ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਂਦੇ ਰਹਿਣਗੇ।