ਮੋਗਾ-ਅੰਮ੍ਰਿਤਸਰ ਹਾਈਵੇਅ 'ਤੇ ਭਿਆਨਕ ਹਾਦਸਾ: ਵਰਨਾ ਤੇ ਸਵਿਫਟ ਵਿਚਾਲੇ ਜ਼ਬਰਦਸਤ ਟੱਕਰ, ਇੱਕ ਮਹਿਲਾ ਦੀ ਮੌਤ ਤੇ ਚਾਰ ਗੰਭੀਰ ਜ਼ਖ਼ਮੀ
ਸਿਵਲ ਹਸਪਤਾਲ ਵਿੱਚ ਜ਼ਖ਼ਮੀ ਬਜ਼ੁਰਗ ਮਹਿਲਾ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਆਪਣੀ ਰਿਸ਼ਤੇਦਾਰ ਸਿਮਰਜੀਤ ਕੌਰ, ਜਵਾਈ ਜਸਵੀਰ ਸਿੰਘ, ਬੇਟੀ ਰਮਨਦੀਪ ਕੌਰ ਅਤੇ ਦੋਹਤੀ ਕੀਰਤ ਕੌਰ ਨਾਲ ਸਵਿਫਟ ਕਾਰ 'ਤੇ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਜਾ ਰਹੇ ਸਨ।
Publish Date: Sun, 12 Apr 2026 10:48 AM (IST)
Updated Date: Sun, 12 Apr 2026 10:50 AM (IST)
ਸੰਵਾਦ ਸਹਿਯੋਗੀ, ਜਾਗਰਣ, ਮੋਗਾ: ਮੋਗਾ-ਅੰਮ੍ਰਿਤਸਰ ਹਾਈਵੇਅ 'ਤੇ ਸਥਿਤ ਕਸਬਾ ਕੋਟ ਈਸੇ ਖਾਂ ਦੇ ਨੇੜੇ ਐਤਵਾਰ ਸਵੇਰੇ ਕਰੀਬ 6 ਵਜੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸਵਿਫਟ ਕਾਰ ਵਿੱਚ ਸਵਾਰ ਇੱਕੋ ਪਰਿਵਾਰ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਵਰਨਾ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਸਮੇਤ ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।
ਸਿਵਲ ਹਸਪਤਾਲ ਵਿੱਚ ਜ਼ਖ਼ਮੀ ਬਜ਼ੁਰਗ ਮਹਿਲਾ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਆਪਣੀ ਰਿਸ਼ਤੇਦਾਰ ਸਿਮਰਜੀਤ ਕੌਰ, ਜਵਾਈ ਜਸਵੀਰ ਸਿੰਘ, ਬੇਟੀ ਰਮਨਦੀਪ ਕੌਰ ਅਤੇ ਦੋਹਤੀ ਕੀਰਤ ਕੌਰ ਨਾਲ ਸਵਿਫਟ ਕਾਰ 'ਤੇ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਕਸਬੇ ਦੇ ਦਸ਼ਮੇਸ਼ ਸਕੂਲ ਦੇ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਵਰਨਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿੱਚ ਪਰਿਵਾਰ ਦੇ ਸਾਰੇ ਮੈਂਬਰ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਰਿਸ਼ਤੇਦਾਰ ਸਿਮਰਜੀਤ ਕੌਰ ਦੀ ਮੌਤ ਹੋ ਗਈ। ਜਸਵੀਰ ਸਿੰਘ, ਰਮਨਦੀਪ ਕੌਰ, ਕੀਰਤ ਕੌਰ ਅਤੇ ਅਮਰਜੀਤ ਕੌਰ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਮੋਗਾ ਦੇ ਸਿਵਲ ਹਸਪਤਾਲ ਤੋਂ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।