- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਵਿਜ ੀਲੈਂਸ ਕਮਿਸ਼ਨ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਕੇਂਦਰੀ ਵਿਜੀਲੈਂਸ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਅਤੇ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਸ਼ਰਦ ਸੱਤਿਆ ਚੌਹਾਨ ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜਗਤਪ੍ਰੀਤ ਸਿੰਘ ਐੱਸਐੱਸਪੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਅੱਜ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਵਿਚ ਡੀਐੱਸਪੀ ਸੋਹਣ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਰਾਜਿੰਦਰ ਸਿੰਘ, ਏਐੱਸਆਈ ਸੰਤੋਖ ਸਿੰਘ, ਏਐੱਸਆਈ ਗੁਰਮੀਤ ਸਿੰਘ, ਏਐੱਸਆਈ ਗੁਰਪ੍ਰੀਤ ਸਿੰਘ ਅਤੇ ਏਐੱਸਆਈ ਹਰਬੇਲ ਸਿੰਘ ਨੇ ਸ਼ਮੂਲੀਅਤ ਕੀਤੀ। ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ, ਸਟੇਜ ਸਕੱਤਰ ਕਰਮਜੀਤ ਸਿੰਘ ਅਤੇ ਮਾਸਟਰ ਸੁਰਜੀਤ ਸਿੰਘ ਗਗੜਾ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਸਨ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਭ੍ਰਿਸ਼ਟਾਚਾਰ ਸਮਾਜ ਦੀ ਤਰੱਕੀ ਵਿਚ ਵੱਡੀ ਰੁਕਾਵਟ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਵੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਜਾਗਰੂਕਤਾ, ਇਮਾਨਦਾਰੀ ਅਤੇ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਇਮਾਨਦਾਰੀ ਦੇ ਸਿਧਾਂਤਾਂ ’ਤੇ ਚੱਲਣ ਅਤੇ ਆਪਣੇ ਪਰਿਵਾਰਾਂ ਤੇ ਸਮਾਜ ਵਿੱਚ ਵੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਫੈਲਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਜਾਂ ਭ੍ਰਿਸ਼ਟਾਚਾਰ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਸਬੰਧਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ। ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੀ ਭ੍ਰਿਸ਼ਟਾਚਾਰ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਾਰਿਆਂ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ।