- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਹਲਕੇ ਦੇ ਪਿੰਡ ਖੁਖਰਾਣਾ ਵਿਖੇ ਪਾਰਟੀ ਆਗੂਆਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮਾਲਵਿਕਾ ਸੂਦ ਪਿੰਡ ਖੁਖਰਾਣਾ ਦੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਅਤੇ ਪਿੰਡ ਦੀ ਸਮੂਹ ਪੰਚਾਇਤ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਨੇ ਮਾਲਵਿਕਾ ਸੂਦ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਵਾਸੀਆਂ ਵੱਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਪੰਚ ਨੇ ਮਾਲਵਿਕਾ ਸੂਦ ਨੂੰ ਵਿਸ਼ਵਾਸ ਦਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਖੁਦ, ਪਿੰਡ ਦੀ ਸਮੁੱਚੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਗੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂੰ ਕਰਵਾਉਣ ਲਈ ਲਗਾਤਾਰ ਮੀਟਿੰਗਾਂ ਅਤੇ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਪਿੰਡ ਦੀ ਸਮੂਹ ਪੰਚਾਇਤ ਵੱਲੋਂ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਗਿਆ ਕਿ ਉਹ ਆਪਣੀ ਇਕ-ਇਕ ਵੋਟ ਮਾਲਵਿਕਾ ਸੂਦ ਦੇ ਹੱਕ ਵਿਚ ਭੁਗਤਾ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਗੇ। ਪੰਚਾਇਤ ਮੈਂਬਰਾਂ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦੀਆਂ ਸਰਗਰਮੀਆਂ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਮਜ਼ਬੂਤ ਹੋ ਕੇ ਉਭਰੇਗੀ ਅਤੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਮੋਗਾ ਤੋਂ ਵੀ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਭਵਿੱਖ ਨੂੰ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਦੇਖ ਰਹੇ ਹਨ। ਇਸੇ ਕਾਰਨ ਦਿਨੋਂ-ਦਿਨ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੀ ਚੋਣਾਂ ਦੀਆਂ ਤਿਆਰੀਆਂ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਆਗੂ, ਵਰਕਰ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।