- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਮਕੋਟ ਇਲਾਕੇ ਦੀ ਨਾਮਵਰ ਵਿੱਦਿਅਕ

ਪੱਤਰ ਪ੍ਰੇਰਕ 0 ਪੰਜਾਬੀ ਜਾਗਰਣ ਮੋਗਾ: ਧਰਮਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਯੂਕੇ ਇੰਟਰਨੈਸ਼ਨਲ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਵਿਸ਼ਵਜੀਤ ਨੇ ਤਾਈਕਵਾਂਡੋ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ’ਤੇ ਆਪਣੀ ਜਗ੍ਹਾ ਬਣਾਈ ਹੈ। ਵਿਸ਼ਵਜੀਤ ਦੀ ਇਸ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਸਮੁੱਚੇ ਧਰਮਕੋਟ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਿਸ਼ਵਜੀਤ ਨੇ ਪਿਛਲੇ ਦਿਨੀਂ ਕਰਵਾਏ ਗਏ ਤਾਈਕਵਾਂਡੋ ਖੇਡ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ, ਮਿਹਨਤ, ਹਿੰਮਤ ਅਤੇ ਸ਼ਾਨਦਾਰ ਖੇਡ ਕੌਸ਼ਲ ਦਾ ਪ੍ਰਦਰਸ਼ਨ ਕੀਤਾ। ਉਸ ਦੇ ਬਿਹਤਰੀਨ ਪ੍ਰਦਰਸ਼ਨ ਨੂੰ ਦੇਖਦਿਆਂ ਉਸ ਦੀ ਚੋਣ ਸੀਆਈਐੱਸਸੀਈ ਵੱਲੋਂ ਰਾਸ਼ਟਰੀ ਪੱਧਰ ’ਤੇ ਤਾਮਿਲਨਾਡੂ ਵਿਚ ਹੋਣ ਵਾਲੇ ਤਾਈਕਵਾਂਡੋ ਖੇਡ ਮੁਕਾਬਲੇ ਲਈ ਕੀਤੀ ਗਈ ਹੈ। ਵਿਸ਼ਵਜੀਤ ਹੁਣ ਰਾਸ਼ਟਰੀ ਪੱਧਰ ਦੇ ਇਸ ਮਹੱਤਵਪੂਰਨ ਟੂਰਨਾਮੈਂਟ ਵਿਚ ਭਾਗ ਲੈਣ ਲਈ ਤਾਮਿਲਨਾਡੂ ਜਾਵੇਗਾ। ਵਿਸ਼ਵਜੀਤ ਦੀ ਇਸ ਸਫ਼ਲਤਾ ਪਿੱਛੇ ਉਸ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਵੱਡਾ ਯੋਗਦਾਨ ਹੈ। ਉਸ ਨੇ ਸਾਬਤ ਕੀਤਾ ਹੈ ਕਿ ਜੇਕਰ ਵਿਦਿਆਰਥੀ ਮਿਹਨਤ ਅਤੇ ਲਗਨ ਨਾਲ ਆਪਣੇ ਟੀਚੇ ਵੱਲ ਵਧੇ ਤਾਂ ਉਹ ਕਿਸੇ ਵੀ ਖੇਤਰ ਵਿਚ ਸਫ਼ਲਤਾ ਹਾਸਲ ਕਰ ਸਕਦਾ ਹੈ। ਉਸ ਦੀ ਇਹ ਪ੍ਰਾਪਤੀ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਅਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੌਸਲਾ, ਨਿਧੀ ਖੌਸਲਾ ਅਤੇ ਸਮੂਹ ਸਟਾਫ਼ ਨੇ ਵਿਸ਼ਵਜੀਤ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀ ਨੂੰ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਆਪਣੀ ਮਿਹਨਤ ਅਤੇ ਕਾਬਲੀਅਤ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਵੀ ਰੌਸ਼ਨ ਕਰੇਗਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਨੇ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਸ਼ਵਜੀਤ ਦੀ ਇਹ ਸਫਲਤਾ ਸਕੂਲ ਲਈ ਮਾਣ ਵਾਲੀ ਗੱਲ ਹੋਣ ਦੇ ਨਾਲ-ਨਾਲ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।