ਆਈਟੀਆਈ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਕੱਚਾ ਦੁਸਾਂਝ ਰੋਡ ਸਥਿਤ ਅਮਰ ਸ਼ਹੀਦ
Publish Date: Wed, 11 Nov 2026 04:30 PM (IST)
Updated Date: Wed, 11 Nov 2026 04:33 PM (IST)
ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕਰ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ਵਕੀਲ ਮਹਿਰੋਂ, ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਕੱਚਾ ਦੁਸਾਂਝ ਰੋਡ ਸਥਿਤ ਅਮਰ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਵਿਖੇ ਸਿਰਜਣਾ ਅਤੇ ਹੁਨਰ ਦੇ ਪ੍ਰਤੀਕ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ-ਅਰਚਨਾ ਕੀਤੀ ਗਈ ਅਤੇ ਉਨ੍ਹਾਂ ਦੇ ਚਰਨਾਂ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਧਾਰਮਿਕ ਸਮਾਗਮ ਦੌਰਾਨ ਸੰਸਥਾ ਦਾ ਮਾਹੌਲ ਸ਼ਰਧਾ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਹਾਰਨ ਨੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸਿਰਜਣਾਤਮਕ ਸੋਚ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿਚ ਮਿਹਨਤ, ਲਗਨ, ਹੁਨਰ ਅਤੇ ਇਮਾਨਦਾਰੀ ਦਾ ਬਹੁਤ ਵੱਡਾ ਮਹੱਤਵ ਹੈ। ਬਾਬਾ ਵਿਸ਼ਵਕਰਮਾ ਜੀ ਨੂੰ ਕਿਰਤ, ਕਲਾ, ਤਕਨੀਕ ਅਤੇ ਉਸਾਰੀ ਦੇ ਖੇਤਰ ਦਾ ਮੋਢੀ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਦਿਹਾੜਾ ਸਾਨੂੰ ਆਪਣੇ ਕੰਮ ਨੂੰ ਪੂਰੀ ਲਗਨ ਅਤੇ ਸਮਰਪਣ ਨਾਲ ਕਰਨ ਦੀ ਪ੍ਰੇਰਨਾ ਦਿੰਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਨਰਿੰਦਰਪਾਲ ਸਿੰਘ ਸਹਾਰਨ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਅਤੇ ਮੁਕਾਬਲੇਬਾਜ਼ੀ ਦੇ ਦੌਰ ਵਿਚ ਨੌਜਵਾਨਾਂ ਲਈ ਪੜ੍ਹਾਈ ਦੇ ਨਾਲ-ਨਾਲ ਤਕਨੀਕੀ ਸਿੱਖਿਆ ਅਤੇ ਕਿੱਤਾਮੁਖੀ ਹੁਨਰ ਹਾਸਲ ਕਰਨਾ ਬੇਹੱਦ ਜ਼ਰੂਰੀ ਹੋ ਗਿਆ ਹੈ। ਮੌਜੂਦਾ ਸਮੇਂ ਵਿਚ ਸਿਰਫ਼ ਡਿਗਰੀ ਹਾਸਲ ਕਰਨਾ ਹੀ ਕਾਫ਼ੀ ਨਹੀਂ, ਸਗੋਂ ਕਿਸੇ ਖ਼ਾਸ ਕੰਮ ਵਿਚ ਮੁਹਾਰਤ ਹਾਸਲ ਕਰਨਾ ਵੀ ਬਹੁਤ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੋਰਸਾਂ ਰਾਹੀਂ ਵਿਦਿਆਰਥੀ ਵਿਹਾਰਕ ਸਿਖਲਾਈ ਪ੍ਰਾਪਤ ਕਰਕੇ ਆਪਣੇ ਹੁਨਰ ਨੂੰ ਨਿਖਾਰ ਸਕਦੇ ਹਨ। ਚੇਅਰਮੈਨ ਸਹਾਰਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਦੀ ਲੋੜ ਨੂੰ ਸਮਝਦਿਆਂ ਆਪਣੀ ਰੁਚੀ ਅਨੁਸਾਰ ਕੋਈ ਨਾ ਕੋਈ ਤਕਨੀਕੀ ਜਾਂ ਕਿੱਤਾਮੁਖੀ ਕੋਰਸ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਹੁਨਰਮੰਦ ਨੌਜਵਾਨ ਹੀ ਦੇਸ਼ ਦੀ ਅਸਲ ਤਾਕਤ ਹਨ ਅਤੇ ਤਕਨੀਕੀ ਸਿੱਖਿਆ ਰਾਹੀਂ ਨੌਜਵਾਨ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ। ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਆਤਮ-ਨਿਰਭਰ ਅਤੇ ਕਾਬਲ ਬਣਾਉਣਾ ਹੈ। ਇਸ ਮੌਕੇ ਸੰਸਥਾ ਦੇ ਇੰਸਟਰਕਟਰ ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਮੈਡਮ ਸੁਖਪ੍ਰੀਤ ਕੌਰ, ਸਿਮਰਨਜੀਤ ਕੌਰ ਅਤੇ ਪੂਨਮ ਰਾਣੀ ਸਮੇਤ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੌਰਾਨ ਸਾਰਿਆਂ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਨਤਮਸਤਕ ਹੋ ਕੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ।