ਦਰਜਾ ਚਾਰ ਕਾਮਿਆਂ ਨੇ ਸੰਘਰਸ਼ ਦਾ ਕੀਤਾ ਐਲਾਨ
ਦਰਜਾਚਾਰ ਕਰਮਚਾਰੀ ਐਸੋਸੀਏਸ਼ਨਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ ਮੌਕੇ ਦੀ ਫ਼ੋਟੋ।
Publish Date: Mon, 23 Mar 2026 03:43 PM (IST)
Updated Date: Tue, 24 Mar 2026 03:59 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਜ਼ਿਲ੍ਹਾ ਮੋਗਾ ਦੀ ਇਕ ਅਹਿਮ ਮੀਟਿੰਗ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹੇ ਭਰ ਤੋਂ ਪਹੁੰਚੇ ਦਰਜਾਚਾਰ ਕਰਮਚਾਰੀਆਂ ਨੇ ਆਪਣੇ ਹੱਕਾਂ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ’ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਧਰਮਪ੍ਰੀਤ ਸਿੰਘ ਬੌਡੇ ਨੇ ਕਿਹਾ ਕਿ ਦਰਜਾਚਾਰ ਕਰਮਚਾਰੀਆਂ ਦੇ ਮੁੱਖ ਮੁੱਦੇ ਜਿਵੇਂ ਟਾਈਪ ਟੈਸਟ, ਐੱਸਐੱਲਏ ਦੀਆਂ ਤਰੱਕੀਆਂ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਤਨਖ਼ਾਹਾਂ ਵਿਚ ਵਾਧਾ ਲੰਮੇ ਸਮੇਂ ਤੋਂ ਅਣਸੁਣੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਇਹ ਮਸਲੇ ਹੋਰ ਲੰਮਾ ਸਮਾਂ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਜਲਦ ਹੀ ਇਨ੍ਹਾਂ ਦੇ ਹੱਲ ਲਈ ਸਖ਼ਤ ਕਦਮ ਚੁੱਕੇ ਜਾਣਗੇ। ਇਸ ਮੌਕੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਕਰਮਚਾਰੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਸ਼ਵਾਸ ਦਵਾਇਆ ਕਿ ਜਥੇਬੰਦੀ ਵੱਲੋਂ ਉਨ੍ਹਾਂ ਦੇ ਸਾਰੇ ਜਾਇਜ਼ ਮਸਲਿਆਂ ਨੂੰ ਜਲਦੀ ਹੱਲ ਕਰਵਾਉਣ ਲਈ ਉੱਚ ਪੱਧਰ ’ਤੇ ਯਤਨ ਕੀਤੇ ਜਾਣਗੇ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਧਰਮਪ੍ਰੀਤ ਸਿੰਘ ਬੌਡੇ ਨੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਮੋਗਾ ਵਿਚ ਦਰਜਾਚਾਰ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਸਕੂਲ ਵਿਚ ਦਰਜਾਚਾਰ ਕਰਮਚਾਰੀਆਂ ਨੂੰ ਤੰਗ-ਪਰੇਸ਼ਾਨ ਕੀਤਾ ਗਿਆ ਤਾਂ ਸਬੰਧਤ ਸੰਸਥਾ ਮੁਖੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜਰਨਲ ਸਕੱਤਰ ਰਾਮ ਚੰਦਰ, ਖਜ਼ਾਨਚੀ ਦਲਜੀਤ ਸਿੰਘ, ਸਲਾਹਕਾਰ ਗੁਰਪ੍ਰੀਤ ਸਿੰਘ, ਪ੍ਰੈੱਸ ਸਕੱਤਰ ਬਰਿੰਦਰ ਮਿਸ਼ਰਾ ਸਮੇਤ ਹੋਰ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਕਰਮਚਾਰੀ ਸਾਥੀ ਹਾਜ਼ਰ ਸਨ।