ਨਸ਼ਾ ਤਸਕਰਾਂ ਤੇ ਗੈਰ-ਕਾਨੂੰਨੀ ਦਵਾਈ ਵਿਕਰੇਤਾਵਾਂ ’ਤੇ ਸ਼ਿਕੰਜਾ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ
Publish Date: Mon, 23 Nov 2026 03:31 PM (IST)
Updated Date: Mon, 23 Nov 2026 03:34 PM (IST)
ਜਾਂਚ ਦੌਰਾਨ 48 ਦਵਾਈ ਵਿਕਰੀ ਲਾਇਸੈਂਸ ਮੁਅੱਤਲ, 5 ਰੱਦ ਨਸ਼ਿਆਂ ਤੇ ਕਾਨੂੰਨੀ ਉਲੰਘਣਾਵਾਂ ਸਬੰਧੀ 7 ਪਰਚੇ ਦਰਜ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਮੋਗਾ ਵਿਚ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਇਸੇ ਦਿਸ਼ਾ ਵਿਚ ਡਰੱਗ ਕੰਟਰੋਲ ਵਿਭਾਗ ਵੱਲੋਂ ਮੈਡੀਕਲ ਸਟੋਰਾਂ ਅਤੇ ਦਵਾਈਆਂ ਦੀ ਵਿਕਰੀ ਨਾਲ ਜੁੜੇ ਅਦਾਰਿਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ 1 ਮਾਰਚ 2025 ਤੋਂ 30 ਸਤੰਬਰ 2026 ਤੱਕ ਡਰੱਗ ਕੰਟਰੋਲ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲਗਭਗ 1800 ਨਿਰੀਖਣ ਕੀਤੇ ਗਏ ਹਨ। ਇੰਨ੍ਹਾਂ ਜਾਂਚਾਂ ਦੌਰਾਨ ਨਿਯਮਾਂ ਦੀ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ 48 ਦਵਾਈ ਵਿਕਰੀ ਲਾਇਸੈਂਸ ਮੁਅੱਤਲ ਕੀਤੇ ਗਏ, ਜਦਕਿ 5 ਲਾਇਸੈਂਸ ਰੱਦ ਕੀਤੇ ਗਏ ਹਨ। ਵਿਭਾਗ ਵੱਲੋਂ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦਿਆਂ ਕੁੱਲ 18 ਜ਼ਬਤੀ ਸਬੰਧੀ ਕਾਰਵਾਈਆਂ ਵੀ ਕੀਤੀਆਂ ਗਈਆਂ, ਜਿੰਨ੍ਹਾਂ ਵਿਚ 16 ਲਾਇਸੈਂਸਸ਼ੁਦਾ ਅਤੇ 2 ਬਿਨ੍ਹਾਂ ਲਾਇਸੈਂਸ ਵਾਲੇ ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ ਵਿਭਾਗੀ ਰਿਕਾਰਡ ਅਨੁਸਾਰ 31,61,576 ਰੁਪਏ ਦੀ ਰਕਮ ਦੀ ਰਿਕਵਰੀ ਦਰਜ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਅਤੇ ਹੋਰ ਸਬੰਧਤ ਕਾਨੂੰਨੀ ਉਲੰਘਣਾਵਾਂ ਦੇ ਮਾਮਲਿਆਂ ਵਿਚ ਐੱਨਡੀਪੀਐੱਸ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਬੀਐੱਨਐੱਸ ਦੀ ਧਾਰਾ 223 ਤਹਿਤ ਕੁੱਲ 7 ਐੱਫ਼ਆਈਆਰ ਵੀ ਦਰਜ ਕੀਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਿਰਫ਼ ਕਾਨੂੰਨ ਵਿਵਸਥਾ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਸਮਾਜਿਕ ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੀ ਅਹਿਮ ਜ਼ਿੰਮੇਵਾਰੀ ਵਜੋਂ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਦੇ ਹਰ ਸੰਭਾਵਿਤ ਸਰੋਤ ਨੂੰ ਬੰਦ ਕਰਨਾ ਅਤੇ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦਵਾਈਆਂ ਦੀ ਵਿਕਰੀ ਨਾਲ ਸਬੰਧਤ ਕਾਨੂੰਨੀ ਨਿਯਮਾਂ ਦੀ ਪਾਲਣਾ ਹਰ ਹਾਲਤ ਵਿਚ ਯਕੀਨੀ ਬਣਾਈ ਜਾਵੇਗੀ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨ੍ਹਾਂ ਕਿਸੇ ਢਿੱਲ ਦੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਤਸਕਰੀ ਜਾਂ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਤਾਂ ਜੋ ਸਾਂਝੇ ਯਤਨਾਂ ਨਾਲ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।