ਬਾਬਾ ਜੀਵਨ ਸਿੰਘ ਜੀ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਸ਼੍ਰੋਮਣੀ ਸ਼ਹੀਦ ਬਾਬਾ ਜੀ
Publish Date: Tue, 03 Feb 2026 05:14 PM (IST)
Updated Date: Wed, 04 Feb 2026 04:05 AM (IST)
ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਸੰਤ ਬਾਬਾ ਗੁਰਦੀਪ ਸਿੰਘ ਵੱਲੋਂ ਕੀਤਾ ਨਿੱਘਾ ਸਵਾਗਤ
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਚੰਦਪੁਰਾਣਾ ਵਿਖੇ ਪੂਰੀ ਧਾਰਮਿਕ ਸ਼ਰਧਾ, ਸਜਾਇਆ ਗਿਆ ਸੀ। ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਾਜ਼ਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਵਿਚ ਵੱਖਵੱਖ ਪੜਾਵਾਂ ਤੋਂ ਹੁੰਦਾ ਹੋਇਆ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਅਤੇ ਤਪ ਅਸਥਾਨ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਪਹੁੰਚਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਵੱਲੋਂ ਪੰਜ ਪਿਆਰਿਆਂ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸਮੂਹ ਸੰਗਤਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਪੰਜ ਪਿਆਰਿਆਂ ਨੂੰ ਲੋਈਆਂ ਪਾ ਕੇ ਤੇ ਸਿਰੋਪੇ ਭੇਟ ਕਰ ਕੇ ਗੁਰੂ ਘਰ ਦੀ ਮਰਿਆਦਾ ਅਨੁਸਾਰ ਸਨਮਾਨਿਤ ਕੀਤਾ। ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ ਜੋ ਕਿਹਰ ਸਿੱਖ ਨੂੰ ਧਰਮ, ਦੇਸ਼ ਅਤੇ ਇਨਸਾਨੀਅਤ ਦੀ ਰੱਖਿਆ ਲਈ ਤਿਆਰ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿਰਫ਼ ਧਾਰਮਿਕ ਸਮਾਗਮ ਨਹੀਂ, ਸਗੋਂ ਗੁਰੂ ਸਾਹਿਬਾਨ ਦੇ ਦਰਸਾਏ ਸੱਚ, ਸੇਵਾ ਤੇ ਸਿਮਰਨ ਦੇ ਮਾਰਗ ਨੂੰ ਲੋਕ ਜੀਵਨ ਨਾਲ ਜੋੜਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਸੰਤ ਬਾਬਾ ਗੁਰਦੀਪ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੁੜ ਕੇ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਰਾਹੀਂ ਹੀ ਸਮਾਜ ਵਿਚ ਆਪਸੀ ਭਰਾਤਰੀ, ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਨਾਲ ਜੁੜ ਕੇ ਸੇਵਾ, ਸਿਮਰਨ ਅਤੇ ਪੰਥਕ ਮਰਿਆਦਾ ਨੂੰ ਆਪਣੀ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਇਆ ਜਾਵੇ। ਨਗਰ ਕੀਰਤਨ ਦੌਰਾਨ ਵੱਖਵੱਖ ਰਾਗੀ ਜਥਿਆਂ ਵੱਲੋਂ ਰਸ ਭਰੇ ਗੁਰਬਾਣੀ ਕੀਰਤਨ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਸੇਵਾਦਾਰਾਂ ਵੱਲੋਂ ਪਾਣੀ, ਚਾਹ, ਲੰਗਰ ਤੇ ਹੋਰ ਸੇਵਾਵਾਂ ਵੀ ਬੜੀ ਸੁਚੱਜੀ ਅਤੇ ਸ਼ਰਧਾ ਭਾਵ ਨਾਲ ਚਲਾਈਆਂ ਗਈਆਂ। ਅੰਤ ’ਚ ਅਰਦਾਸ ਉਪਰੰਤ ਨਗਰ ਕੀਰਤਨ ਸੰਪੂਰਨ ਹੋਇਆ ਤੇ ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਦੇਸ਼, ਪੰਥ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।