- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਦਰਸ਼ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਆਦਰਸ਼ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਹੋਰ ਵੀ ਤੇਜ਼ ਹੋ ਗਿਆ ਹੈ। ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ 2 ਅਪ੍ਰੈਲ ਨੂੰ ਹੋਣ ਵਾਲੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮਨਜ਼ੂਰੀ ਨਾ ਮਿਲੀ ਤਾਂ ਸੂਬੇ ਭਰ ਵਿਚ ਤਿੱਖਾ ਸੰਘਰਸ਼ ਛੇੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਸਕੂਲਾਂ ਦੇ ਮੁਲਾਜ਼ਮ ਕਾਫ਼ੀ ਸਮੇਂ ਤੋਂ ਤਨਖ਼ਾਹਾਂ ਵਿਚ ਵਾਧੇ ਅਤੇ ਹੋਰ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਅਤੇ ਸਬੰਧਤ ਵਿਭਾਗ ਵੱਲੋਂ ਤਨਖ਼ਾਹਾਂ ਸੰਬੰਧੀ ਜੋ ਸਹਿਮਤੀ ਬਣਾਈ ਗਈ ਸੀ, ਉਸ ਨੂੰ ਜਥੇਬੰਦੀ ਵੱਲੋਂ ਪੂਰੀ ਤਰ੍ਹਾਂ ਸਵੀਕਾਰ ਵੀ ਕਰ ਲਿਆ ਗਿਆ ਸੀ ਪਰ ਦੁਖ ਦੀ ਗੱਲ ਹੈ ਕਿ ਅਜੇ ਤੱਕ ਉਸ ਸਹਿਮਤੀ ਨੂੰ ਲਾਗੂ ਨਹੀਂ ਕੀਤਾ ਗਿਆ ਅਤੇ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦਾ ਵਿੱਤੀ ਲਾਭ ਨਹੀਂ ਮਿਲਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਈ ਵਾਰ ਭਰੋਸੇ ਦਿੱਤੇ ਗਏ ਕਿ ਜਲਦੀ ਹੀ ਆਦਰਸ਼ ਸਕੂਲਾਂ ਦਾ ਮਸਲਾ ਹੱਲ ਕੀਤਾ ਜਾਵੇਗਾ। ਕਈ ਤਰੀਕਾਂ ਦਾ ਐਲਾਨ ਵੀ ਕੀਤਾ ਗਿਆ ਪਰ ਹਰੇਕ ਵਾਰ ਮੁਲਾਜ਼ਮਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਵੀ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਸਹਿਮਤੀ ਜਤਾਈ ਗਈ ਸੀ ਪਰ ਇਸ ਦੇ ਬਾਵਜੂਦ ਵੀ ਨਾ ਕੋਈ ਤਨਖ਼ਾਹ ਵਾਧਾ ਹੋਇਆ ਹੈ ਅਤੇ ਨਾ ਹੀ ਇੰਕਰੀਮੈਂਟ ਲਗਾਇਆ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਵਾਅਦਿਆਂ ਅਤੇ ਹਕੀਕਤ ਵਿਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਦਿਨੋਂ ਦਿਨ ਵੱਧ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 2 ਅਪ੍ਰੈਲ ਦੀ ਮੀਟਿੰਗ ਵਿਚ ਕੋਈ ਢੁੱਕਵਾਂ ਫ਼ੈਸਲਾ ਨਾ ਆਇਆ ਤਾਂ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਪੱਕੇ ਮੋਰਚੇ ਲਗਾਏ ਜਾਣਗੇ ਅਤੇ ਆਦਰਸ਼ ਸਕੂਲਾਂ ਵਿਚ ਕਲਮ ਛੋੜ ਹੜਤਾਲ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਪੱਧਰ ’ਤੇ ਵੱਡੇ ਪੱਧਰ ’ਤੇ ਪ੍ਰਦਰਸ਼ਨ ਅਤੇ ਧਰਨੇ ਕੀਤੇ ਜਾਣਗੇ, ਜਿਸ ਨਾਲ ਸਿੱਖਿਆ ਪ੍ਰਣਾਲੀ ’ਤੇ ਵੀ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਸੰਘਰਸ਼ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜੇਕਰ ਲੋੜ ਪਈ ਤਾਂ ਆਗਾਮੀ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਵੀ ਤਰ੍ਹਾਂ ਦੀ ਅਸਹਜ ਸਥਿਤੀ ਤੋਂ ਬਚਿਆ ਜਾ ਸਕੇ। ਇਸ ਮੌਕੇ ਮੀਤ ਪ੍ਰਧਾਨ ਮੀਨੂੰ ਬਾਲਾ, ਓਮਾ ਮਾਧਵੀ, ਹਰਪ੍ਰੀਤ ਕੌਰ, ਪਵਨ ਕੁਮਾਰ, ਗੁਰਚਰਨ ਸਿੰਘ, ਗੁਰਿੰਦਰ ਸਿੰਘ, ਹਰਦੀਪ ਕੌਰ, ਜਸਵੀਰ ਕੌਰ, ਅਮਰਜੋਤ ਜੋਸ਼ੀ, ਸੁਰਿੰਦਰ ਕੌਰ, ਅਮਨ ਸ਼ਾਸਤਰੀ, ਕੁੰਜਨ ਅਰੋੜਾ, ਭੁਪਿੰਦਰ ਕੌਰ, ਅਮਨਦੀਪ ਕੌਰ, ਰਸ਼ਪਾਲ ਸਿੰਘ, ਸਲੀਮ ਮੁਹੰਮਦ ਅਤੇ ਭਗਤ ਸਿੰਘ ਮਾਨਸਾ ਸਮੇਤ ਕਈ ਆਗੂ ਅਤੇ ਮੁਲਾਜ਼ਮ ਹਾਜ਼ਰ ਸਨ।