ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਸੰਘਰਸ਼ ਦੀ ਦੀ ਦਿੱਤੀ ਚਿਤਾਵਨੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
Publish Date: Sun, 19 Jul 2026 03:45 PM (IST)
Updated Date: Mon, 20 Jul 2026 04:01 AM (IST)
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਕੀਤਾ ਵਿਚਾਰ ਵਟਾਂਦਰਾ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿਚ ਮੋਗਾ ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੇ ਅਣਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫਤਿਹਗੜ੍ਹ, ਜ਼ਿਲ੍ਹਾ ਆਗੂ ਮੋਦਨ ਸਿੰਘ ਨਿਧਾਵਾਲਾ, ਗੁਰਮੀਤ ਸਿੰਘ ਸੰਧੂਆਣਾ, ਸਾਬਕਾ ਸਰਪੰਚ ਲਖਬੀਰ ਸਿੰਘ ਸੰਧੂਆਣਾ ਅਤੇ ਹਰਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਬਿਜਲੀ ਸਪਲਾਈ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਭਿਆਨਕ ਗਰਮੀ ਦੇ ਬਾਵਜੂਦ ਘੰਟਿਆਂ ਬੱਧੀ ਬਿਜਲੀ ਬੰਦ ਰਹਿਣ ਕਾਰਨ ਆਮ ਲੋਕਾਂ, ਕਿਸਾਨਾਂ, ਵਪਾਰੀਆਂ ਅਤੇ ਪਸ਼ੂ ਪਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰਾਂ ’ਚ ਬੱਚੇ, ਬਜ਼ੁਰਗ ਅਤੇ ਬਿਮਾਰ ਲੋਕ ਗਰਮੀ ਨਾਲ ਤੜਫ਼ ਰਹੇ ਹਨ ਜਦਕਿ ਡੰਗਰ-ਪਸ਼ੂ ਵੀ ਬਿਨਾਂ ਬਿਜਲੀ ਅਤੇ ਪਾਣੀ ਦੇ ਪ੍ਰੇਸ਼ਾਨ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਇਸ ਗੰਭੀਰ ਸਮੱਸਿਆ ਪ੍ਰਤੀ ਬੇਪਰਵਾਹੀ ਦਾ ਰਵੱਈਆ ਅਪਣਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਲਈ ਸਿੰਚਾਈ ਦਾ ਸਭ ਤੋਂ ਅਹਿਮ ਦੌਰ ਚੱਲ ਰਿਹਾ ਹੈ ਪਰ ਬਿਜਲੀ ਦੀ ਅਣਉੱਪਲਬਧਤਾ ਕਾਰਨ ਟਿਊਬਵੈੱਲ ਨਹੀਂ ਚੱਲ ਰਹੇ, ਜਿਸ ਨਾਲ ਫ਼ਸਲਾਂ ਨੂੰ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ। ਇਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਫ਼ਸਲਾਂ ਦੀ ਪੈਦਾਵਾਰ ’ਤੇ ਵੀ ਮਾੜਾ ਅਸਰ ਪੈਣ ਦਾ ਖ਼ਤਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਹਾਲਾਤ ਜਾਰੀ ਰਹੇ ਤਾਂ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਉਨ੍ਹਾਂ ਦੱਸਿਆ ਕਿ ਅੱਜ 20 ਜੁਲਾਈ ਹੋਣ ਵਾਲੀ ਸੰਯੁਕਤ ਕਿਸਾਨ ਮੋਰਚਾ ਐੱਸਕੇਐੱਮ ਦੀ ਜ਼ਿਲ੍ਹਾ ਮੀਟਿੰਗ ਵਿਚ ਜ਼ਿਲ੍ਹੇ ਦੀ ਬਿਜਲੀ ਸਪਲਾਈ ਦਾ ਮਾੜਾ ਹਾਲ ਮੁੱਖ ਏਜੰਡਾ ਹੋਵੇਗਾ। ਮੀਟਿੰਗ ਦੌਰਾਨ ਇਸ ਮੁੱਦੇ ਤੇ ਵਿਸਥਾਰ ਨਾਲ ਵਿਚਾਰ-ਚਰਚਾ ਕਰਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਸਰਕਾਰ ਤੇ ਦਬਾਅ ਬਣਾਉਣ ਲਈ ਅਗਲੇ ਕਦਮਾਂ ਦਾ ਐਲਾਨ ਵੀ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨੇ ਤੁਰੰਤ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਬਿਜਲੀ ਵਿਭਾਗ ਦੇ ਦਫ਼ਤਰਾਂ ਅੱਗੇ ਧਰਨੇ, ਰੋਸ ਮੁਜ਼ਾਹਰੇ ਅਤੇ ਤਿੱਖੇ ਸੰਘਰਸ਼ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਕਿਸਾਨਾਂ ਤੱਕ ਸੀਮਤ ਨਹੀਂ ਰਹੇਗਾ, ਸਗੋਂ ਆਮ ਲੋਕਾਂ, ਵਪਾਰੀਆਂ ਅਤੇ ਹੋਰ ਵਰਗਾਂ ਨੂੰ ਵੀ ਨਾਲ ਲੈ ਕੇ ਜ਼ਿਲ੍ਹਾ ਪੱਧਰ ਤੋਂ ਸੂਬਾ ਪੱਧਰ ਤੱਕ ਵੱਡਾ ਲੋਕ ਅੰਦੋਲਨ ਖੜ੍ਹਾ ਕੀਤਾ ਜਾਵੇਗਾ। ਅੰਤ ਵਿੱਚ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਲੋੜ ਅਨੁਸਾਰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਖ਼ਾਸ ਕਰਕੇ ਝੋਨੇ ਦੇ ਸੀਜ਼ਨ ਅਤੇ ਅੱਤ ਦੀ ਗਰਮੀ ਦੌਰਾਨ ਬਿਜਲੀ ਕੱਟ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣਗੇ। ਜੇਕਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਇਸ ਦੇ ਨਤੀਜਿਆਂ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ।