15 ਦਿਨਾਂ ਤੋਂ ਪਾਣੀ ਬੰਦ, ਅੱਤ ਦੀ ਗਰਮੀ 'ਚ ਬੂੰਦ-ਬੂੰਦ ਪਾਣੀ ਨੂੰ ਤਰਸੇ ਛੋਟੇ ਬੱਚੇ ਤੇ ਬਜ਼ੁਰਗ; ਗੁੱਸੇ 'ਚ ਆਏ ਲੋਕਾਂ ਨੇ ਨਗਰ ਨਿਗਮ ਨੂੰ ਦਿੱਤੀ ਵੱਡੀ ਚਿਤਾਵਨੀ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਦੁੱਖਦਾਈ ਬਣ ਗਈ ਹੈ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
Publish Date: Fri, 15 May 2026 03:08 PM (IST)
Updated Date: Fri, 15 May 2026 03:16 PM (IST)
ਵਕੀਲ ਮਹਿਰੋਂ, ਮੋਗਾ । ਮਿਨੀ ਸਕੱਤਰੇਤ ਦੇ ਨਾਲ ਲੱਗਦੀ ਨਹਿਰ ਵਾਲੀ ਜ਼ੀਰਾ ਰੋਡ ’ਤੇ ਬਣੀਆਂ ਝੁੱਗੀਆਂ-ਝੋਂਪੜੀਆਂ ਵਿੱਚ ਰਹਿ ਰਹੇ ਗਰੀਬ ਪਰਿਵਾਰ ਪਿਛਲੇ ਕਰੀਬ 15 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਦਾ ਸਾਹਮਣਾ ਕਰ ਰਹੇ ਹਨ। ਨਗਰ ਨਿਗਮ ਵੱਲੋਂ ਪਾਣੀ ਦੀ ਸਪਲਾਈ ਨਾ ਦਿੱਤੇ ਜਾਣ ਕਾਰਨ ਅੱਤ ਦੀ ਗਰਮੀ ਵਿੱਚ ਬਜ਼ੁਰਗ, ਔਰਤਾਂ ਅਤੇ ਛੋਟੇ ਬੱਚੇ ਪਾਣੀ ਲਈ ਤਰਸ ਰਹੇ ਹਨ। ਹਾਲਾਤ ਇਨ੍ਹਾਂ ਹੱਦ ਤੱਕ ਪਹੁੰਚ ਚੁੱਕੇ ਹਨ ਕਿ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਵੀ ਮੁਸ਼ਕਿਲ ਨਾਲ ਨਸੀਬ ਹੋ ਰਿਹਾ ਹੈ।
ਇਸ ਗੰਭੀਰ ਸਮੱਸਿਆ ਨੂੰ ਲੈ ਕੇ ਅੱਜ ਝੁੱਗੀ-ਝੋਂਪੜੀ ਵਾਸੀਆਂ ਨੇ ਮਾਲਵਾ ਦੇ ਉੱਘੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਦੁੱਖਦਾਈ ਬਣ ਗਈ ਹੈ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨੇ ਦੱਸਿਆ ਕਿ ਨਗਰ ਨਿਗਮ ਦੇ ਮੇਅਰ ਪ੍ਰਵੀਨ ਸ਼ਰਮਾ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਝੁੱਗੀ-ਝੋਂਪੜੀ ਵਾਸੀਆਂ ਨੂੰ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਜਾਵੇਗੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।