- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਖੋਸਾ ਰਣਧੀਰ ਵਿਚ ਇਕ

ਕਿਸਾਨ ਨੇ ਪੁਲਿਸ ਤੋਂ ਇਨਸਾਫ ਦੀ ਕੀਤੀ ਮੰਗ, ਧਰਨੇ ਦੀ ਚਿਤਾਵਨੀ
ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਪਿੰਡ ਖੋਸਾ ਰਣਧੀਰ ਵਿਚ ਇਕ ਕਿਸਾਨ ਦੀ ਪੁੱਤਾਂ ਵਾਂਗ ਪਾਲੀ ਕਰੀਬ ਚਾਰ ਏਕੜ ਝੋਨੇ ਦੀ ਫਸਲ ’ਤੇ ਰਾਤੋ-ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਰਾਊਂਡਅੱਪ (ਨਦੀਨਨਾਸ਼ਕ ਦਵਾਈ) ਸਪਰੇਅ ਕਰਕੇ ਫਸਲ ਤਬਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੀੜਤ ਕਿਸਾਨ ਅਤੇ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਪੀੜਤ ਕਿਸਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਉਸਦੇ ਖੇਤ ਵਿਚ ਦਾਖਲ ਹੋ ਕੇ ਝੋਨੇ ਦੀ ਫਸਲ ’ਤੇ ਰਾਊਂਡਅੱਪ (ਨਦੀਨਨਾਸ਼ਕ ਦਵਾਈ) ਦਾ ਛਿੜਕਾਅ ਕਰ ਦਿੱਤਾ। ਇਸ ਕਾਰਨ ਕਰੀਬ ਚਾਰ ਏਕੜ ਝੋਨੇ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਕਿਸਾਨ ਅਨੁਸਾਰ ਇਸ ਘਟਨਾ ਕਾਰਨ ਉਸਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਗੁਰਦੀਪ ਸਿੰਘ ਨੇ ਦੱਸਿਆ ਕਿ ਕਰੀਬ 20 ਦਿਨ ਪਹਿਲਾਂ ਵੀ ਉਸਦੇ ਖੇਤ ਵਿਚ ਲੱਗੇ ਬੋਰ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਇਸ ਸਬੰਧੀ ਉਸ ਵੱਲੋਂ ਥਾਣਾ ਕੋਟ ਈਸੇ ਖਾਂ ਵਿਖੇ ਲਿਖਤੀ ਦਰਖਾਸਤ ਵੀ ਦਿੱਤੀ ਗਈ ਸੀ। ਕਿਸਾਨ ਨੇ ਦੋਸ਼ ਲਗਾਇਆ ਕਿ ਪਹਿਲੀ ਘਟਨਾ ਸਬੰਧੀ ਢੁਕਵੀਂ ਕਾਰਵਾਈ ਨਾ ਹੋਣ ਕਾਰਨ ਹੁਣ ਮੁੜ ਉਸਦੀ ਫਸਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਕਿਸਾਨ ਨੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੀੜਤ ਕਿਸਾਨ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਜਲਦ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਐੱਸਐੱਸਪੀ ਮੋਗਾ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਧਰਨਾ ਲਗਾਇਆ ਜਾਵੇਗਾ। ਪਿੰਡ ਖੋਸਾ ਰਣਧੀਰ ਦੇ ਸਰਪੰਚ ਰਮਨਦੀਪ ਸਿੰਘ ਖੋਸਾ ਅਤੇ ਪਿੰਡ ਧੱਲੇਕੇ ਦੇ ਸਰਪੰਚ ਮਹਿੰਦਰ ਸਿੰਘ ਨੇ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਦੇ ਖੇਤ ਵਿਚ ਪਹਿਲਾਂ ਵੀ ਬੋਰ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ, ਜਿਸ ਕਾਰਨ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਧਰ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਵੱਲੋਂ ਪੁਲਿਸ ਨੂੰ ਦਰਖਾਸਤ ਦਿੱਤੀ ਗਈ ਹੈ। ਪੁਲਿਸ ਵੱਲੋਂ ਘਟਨਾ ਨਾਲ ਸਬੰਧਤ ਵੱਖ-ਵੱਖ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮਾਮਲਾ ਥਾਣਾ ਕੋਟ ਈਸੇ ਖਾਂ ਦੀ ਐੱਸਐੱਚਓ ਸੁਨੀਤਾ ਰਾਣੀ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ। ਇਸ ਮੌਕੇ ਸਰਪੰਚ ਰਮਨਦੀਪ ਸਿੰਘ ਖੋਸਾ ਰਣਧੀਰ, ਮੈਂਬਰ ਮਹਿੰਦਰ ਸਿੰਘ, ਅਮਰੀਕ ਸਿੰਘ ਮੈਂਬਰ, ਸਾਧੂ ਸਿੰਘ ਮੈਂਬਰ, ਗੁਰਮੀਤ ਸਿੰਘ ਪ੍ਰਧਾਨ, ਇੰਦਰਜੀਤ ਸਿੰਘ, ਗੁਰਪਾਲ ਸਿੰਘ ਸਾਬਕਾ ਮੈਂਬਰ, ਲੱਖਾ ਸਿੰਘ, ਗੁਰਦੀਪ ਸਿੰਘ, ਬੰਤਾ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ ਸਾਬਕਾ ਮੈਂਬਰ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।