ਕਣਕ ਖਰੀਦ ਠੱਪ, ਕਿਸਾਨਾਂ ਦਾ ਵੱਡਾ ਐਲਾਨ, 17 ਅਪ੍ਰੈਲ ਨੂੰ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ
ਪੰਜਾਬ ਵਿਚ ਕਣਕ ਦੀ ਖਰੀਦ ਠੱਪ ਹੋਣ ਕਾਰਨ
Publish Date: Wed, 15 Apr 2026 05:43 PM (IST)
Updated Date: Thu, 16 Apr 2026 04:03 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਪੰਜਾਬ ਵਿਚ ਕਣਕ ਦੀ ਖਰੀਦ ਠੱਪ ਹੋਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪੈਦਾ ਹੋ ਗਿਆ ਹੈ। ਇਸ ਮਸਲੇ ਨੂੰ ਲੈ ਕੇ ਅਜਾਦ ਕਿਸਾਨ ਮੋਰਚਾ (ਏਕੇਐੱਮ) ਨੇ ਵੱਡਾ ਐਲਾਨ ਕਰਦਿਆਂ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੂਬੇ ਭਰ ਵਿਚ ਰੇਲਾਂ ਦਾ ਚੱਕਾ ਜਾਮ ਕਰਨ ਦੀ ਘੋਸ਼ਣਾ ਕੀਤੀ ਹੈ। ਇਹ ਫੈਸਲਾ ਕਿਸਾਨਾਂ ਨਾਲ ਹੋ ਰਹੇ ਅਨਿਆਏ ਦੇ ਵਿਰੋਧ ਵਿਚ ਲਿਆ ਗਿਆ ਹੈ। ਮੋਰਚੇ ਦੇ ਸੀਨੀਅਰ ਆਗੂਆਂ ਸੁੱਖ ਗਿੱਲ ਮੋਗਾ, ਸਤਨਾਮ ਸਿੰਘ ਹਰੀਕੇ, ਜਸਬੀਰ ਸਿੰਘ ਆਹਲੂਵਾਲੀਆ, ਪਰਮਜੀਤ ਸਿੰਘ ਜੱਬੋਵਾਲ ਅਤੇ ਨਛੱਤਰ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਇਹ ਪ੍ਰਦਰਸ਼ਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਇਸ ਵਿਚ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਅਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐੱਮ) ਨਾਲ ਸਬੰਧਤ ਫੋਰਮਾਂ ਦੀ ਭਾਗੀਦਾਰੀ ਵੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਸ਼ਾਂਤਮਈ ਢੰਗ ਨਾਲ ਰੇਲ ਆਵਾਜਾਈ ਰੋਕੀ ਜਾਵੇਗੀ ਤਾਂ ਜੋ ਸਰਕਾਰ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚ ਸਕੇ। ਆਗੂਆਂ ਦੇ ਅਨੁਸਾਰ ਕਣਕ ਦੀ ਖਰੀਦ ਵਿਚ ਹੋ ਰਹੀ ਦੇਰੀ ਕਾਰਨ ਕਿਸਾਨ ਮੰਡੀਆਂ ਵਿਚ ਬਹੁਤ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਮੰਡੀਆਂ ਵਿਚ ਅਨਾਜ ਦੇ ਢੇਰ ਲੱਗੇ ਹੋਏ ਹਨ, ਪਰ ਕੇਂਦਰੀ ਏਜੰਸੀਆਂ ਵੱਲੋਂ ਖਰੀਦ ਨਾ ਹੋਣ ਕਰਕੇ ਕਿਸਾਨ ਆਰਥਿਕ ਤੌਰ ‘ਤੇ ਨੁਕਸਾਨ ਝੱਲ ਰਹੇ ਹਨ ਅਤੇ ਮਾਨਸਿਕ ਤਣਾਅ ਵਿੱਚ ਵੀ ਵਾਧਾ ਹੋ ਰਿਹਾ ਹੈ। ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਕਣਕ ਦੀ ਖਰੀਦ ਸ਼ੁਰੂ ਕਰਨ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਅਣਦੇਖਿਆ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਇਸ ਚੱਕਾ ਜਾਮ ਵਿੱਚ ਸ਼ਾਮਲ ਹੋ ਕੇ ਆਪਣੀ ਇਕਜੁਟਤਾ ਦਾ ਪ੍ਰਗਟਾਵਾ ਕਰਨ ਤਾਂ ਜੋ ਮੰਡੀਆਂ ਵਿੱਚ ਰੁਲ ਰਹੀ ਕਣਕ ਨੂੰ ਬਚਾਇਆ ਜਾ ਸਕੇ ਅਤੇ ਸਰਕਾਰਾਂ ‘ਤੇ ਦਬਾਅ ਬਣਾਇਆ ਜਾ ਸਕੇ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਬੀਕੇਯੂ ਤੋਤੇਵਾਲ, ਬੀਕੇਯੂ ਮਝੈਲ, ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ, ਪੰਜਾਬ ਕਿਸਾਨ ਯੂਨੀਅਨ ਬਾਗੀ, ਸ਼ੇਰੇ ਪੰਜਾਬ ਕਿਸਾਨ-ਮਜ਼ਦੂਰ ਮੋਰਚਾ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਇਨਸਾਫ ਟੀਮ, ਸਰਬੱਤ ਦਾ ਭਲਾ ਮੰਚ ਪੰਜਾਬ, ਆਲ ਇੰਡੀਆ ਕਿਸਾਨ ਯੂਨੀਅਨ, ਅੰਨਦਾਤਾ ਕਿਸਾਨ ਯੂਨੀਅਨ ਅਤੇ ਹੋਰ ਕਈ ਸੰਗਠਨਾਂ ਦੇ ਪ੍ਰਤੀਨਿਧੀ ਸ਼ਾਮਲ ਸਨ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਸਥਿਤੀ ਸਿਰਫ਼ ਲਾਪਰਵਾਹੀ ਨਹੀਂ, ਸਗੋਂ ਇਕ ਸੋਚੀ-ਸਮਝੀ ਸਾਜ਼ਿਸ਼ ਵਾਂਗ ਲੱਗਦੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਹਾਲਾਤ ਜਲਦੀ ਨਾ ਸੰਭਲੇ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਵੱਡੇ ਪੱਧਰ ‘ਤੇ ਕੀਤਾ ਜਾਵੇਗਾ।