ਔਰਤਾਂ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ : ਰਮਨਦੀਪ ਕੌਰ
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ
Publish Date: Sun, 08 Mar 2026 04:33 PM (IST)
Updated Date: Mon, 09 Mar 2026 04:01 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਸਰਕਾਰੀ ਹਾਈ ਸਕੂਲ ਦੋਲੇਵਾਲਾ ਮਾਇਰ ਦੀ ਸਕੂਲ ਇੰਚਾਰਜ ਰਮਨਦੀਪ ਕੌਰ ਕੰਬੋਜ ਨੇ ਪੰਜਾਬੀ ਜਾਗਰਣ ਦੇ ਪ੍ਰਤੀਨਿਧ ਨਾਲ ਪ੍ਰੈੱਸ ਮਿਲਣੀ ਦੌਰਾਨ ਮਹਿਲਾਵਾਂ ਦੀ ਸਮਾਜ ਵਿਚ ਭੂਮਿਕਾ ਅਤੇ ਉਨ੍ਹਾਂ ਦੇ ਸਨਮਾਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸੇ ਵੀ ਸਮਾਜ ਦੀ ਤਰੱਕੀ ਵਿਚ ਮਹਿਲਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਰਮਨਦੀਪ ਕੌਰ ਕੰਬੋਜ ਨੇ ਕਿਹਾ ਕਿ ਮਹਿਲਾਵਾਂ ਘਰ ਤੋਂ ਲੈ ਕੇ ਹਰ ਖੇਤਰ ਵਿਚ ਆਪਣੀ ਯੋਗਤਾ ਦਾ ਲੋਹਾ ਮਨਵਾ ਰਹੀਆਂ ਹਨ। ਸਿੱਖਿਆ, ਸਿਹਤ, ਖੇਡਾਂ, ਵਿਗਿਆਨ ਅਤੇ ਪ੍ਰਸ਼ਾਸਨ ਸਮੇਤ ਹਰ ਮੈਦਾਨ ਵਿਚ ਮਹਿਲਾਵਾਂ ਅੱਗੇ ਵੱਧ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਘੱਟ ਨਹੀਂ ਹਨ ਅਤੇ ਉਹ ਆਪਣੀ ਮਿਹਨਤ ਅਤੇ ਲਗਨ ਨਾਲ ਨਵੀਆਂ ਉਚਾਈਆਂ ਹਾਸਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਅਸਲ ਤਰੱਕੀ ਉਸ ਵੇਲੇ ਹੀ ਸੰਭਵ ਹੈ ਜਦੋਂ ਮਹਿਲਾਵਾਂ ਨੂੰ ਬਰਾਬਰੀ ਦੇ ਅਧਿਕਾਰ, ਸਿੱਖਿਆ ਅਤੇ ਅੱਗੇ ਵਧਣ ਦੇ ਮੌਕੇ ਮਿਲਣ। ਮਹਿਲਾਵਾਂ ਨੂੰ ਸਸ਼ਕਤ ਬਣਾਉਣਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਸਮਾਜ ਦੇ ਹਰ ਵਰਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਦੀ ਇੱਜ਼ਤ ਅਤੇ ਸਨਮਾਨ ਕਰਨਾ ਸਾਡੀ ਸੰਸਕ੍ਰਿਤੀ ਅਤੇ ਪਰੰਪਰਾ ਦਾ ਮਹੱਤਵਪੂਰਨ ਹਿੱਸਾ ਹੈ। ਰਮਨਦੀਪ ਕੌਰ ਕੰਬੋਜ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਧੀਆਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਮਕਸਦ ਸਿਰਫ਼ ਮਹਿਲਾਵਾਂ ਦੀਆਂ ਉਪਲਬਧੀਆਂ ਨੂੰ ਯਾਦ ਕਰਨਾ ਨਹੀਂ ਸਗੋਂ ਸਮਾਜ ਵਿਚ ਮਹਿਲਾਵਾਂ ਦੇ ਅਧਿਕਾਰਾਂ, ਸੁਰੱਖਿਆ ਅਤੇ ਸਨਮਾਨ ਬਾਰੇ ਜਾਗਰੂਕਤਾ ਪੈਦਾ ਕਰਨਾ ਵੀ ਹੈ। ਅਖੀਰ ਵਿਚ ਉਨ੍ਹਾਂ ਸਮਾਜ ਦੇ ਸਭ ਵਰਗਾਂ ਨੂੰ ਅਪੀਲ ਕੀਤੀ ਕਿ ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣ ਅਤੇ ਇਕ ਐਸਾ ਮਾਹੌਲ ਬਣਾਇਆ ਜਾਵੇ, ਜਿੱਥੇ ਹਰ ਮਹਿਲਾ ਆਪਣੇ ਆਪ ਨੂੰ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰ ਸਕੇ।