- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਮਾਊਂਟ ਇੰਟਰ ਨੈਸ਼ਨਲ

ਪਵਨ ਗਰਗ, ਪੰਜਾਬੀ ਜਾਗਰਣ ਬਾਘਾਪੁਰਾਣਾ: ਸਥਾਨਕ ਮਾਊਂਟ ਇੰਟਰਨੈਸ਼ਨਲ ਸਕੂਲ ਵਿਖੇ ‘ਵਰਲਡ ਫੂਡ ਡੇ’ ਬੜੇ ਉਤਸ਼ਾਹ ਅਤੇ ਜਾਗਰੂਕਤਾ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭੋਜਨ ਦੀ ਮਹੱਤਤਾ, ਇਸ ਦੀ ਬਰਬਾਦੀ ਰੋਕਣ ਅਤੇ ਲੋੜਵੰਦ ਲੋਕਾਂ ਨਾਲ ਭੋਜਨ ਸਾਂਝਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਵਿਚ ਭੋਜਨ ਪ੍ਰਤੀ ਸਤਿਕਾਰ, ਮਨੁੱਖਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਸਕੂਲ ਦੇ ਸੰਸਥਾਪਕ ਸਵ: ਪ੍ਰਿੰਸੀਪਲ ਗੁਰਦੇਵ ਸਿੰਘ ਵੱਲੋਂ ਸਿੱਖਿਆ ਦੇ ਖ਼ੇਤਰ ਵਿਚ ਪਾਏ ਯੋਗਦਾਨ ਅਤੇ ਸਥਾਪਿਤ ਕੀਤੀਆਂ ਨੈਤਿਕ ਕਦਰਾਂ-ਕੀਮਤਾਂ ਨੂੰ ਯਾਦ ਕਰਦਿਆਂ ਇਸ ਗਤੀਵਿਧੀ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਜੋੜਿਆ ਗਿਆ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਭੋਜਨ ਕੁਦਰਤ ਦੀ ਅਨਮੋਲ ਦਾਤ ਹੈ ਅਤੇ ਇਸ ਦੀ ਕਦਰ ਕਰਨਾ ਹਰ ਮਨੁੱਖ ਦਾ ਫ਼ਰਜ਼ ਹੈ। ਉਨ੍ਹਾਂ ਨੂੰ ਆਪਣੀ ਲੋੜ ਅਨੁਸਾਰ ਭੋਜਨ ਲੈਣ, ਖਾਣ-ਪੀਣ ਵਾਲੀਆਂ ਵਸਤਾਂ ਨੂੰ ਵਿਅਰਥ ਨਾ ਗੁਆਉਣ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਸੰਦੀਪ ਮਹਿਤਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸ਼ੁਰੂ ਤੋਂ ਹੀ ਭੋਜਨ ਦੀ ਮਹੱਤਤਾ ਅਤੇ ਇਸ ਦੀ ਕਦਰ ਕਰਨ ਬਾਰੇ ਸਿੱਖਿਆ ਦੇਣੀ ਚਾਹੀਦੀ ਹੈ। ਕਿਡਜ਼ੀ ਪ੍ਰੀ-ਸਕੂਲ ਦੀ ਡਾਇਰੈਕਟਰ ਸੁਧਾ ਮਹਿਤਾ ਨੇ ਕਿਹਾ ਕਿ ਬੱਚਿਆਂ ਵਿਚ ਦੂਜਿਆਂ ਦੀ ਮਦਦ ਕਰਨ ਅਤੇ ਚੰਗੀਆਂ ਆਦਤਾਂ ਅਪਣਾਉਣ ਦੀ ਭਾਵਨਾ ਬਚਪਨ ਤੋਂ ਹੀ ਵਿਕਸਿਤ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਸਕੂਲ ਵਿਚ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਸਾਬਤ ਹੋਇਆ। ਇਸ ਮੌਕੇ ਸੰਦੇਸ਼ ਦਿੱਤਾ ਗਿਆ ਕਿ ਭੋਜਨ ਦੀ ਕਦਰ ਕਰਨਾ, ਬਰਬਾਦੀ ਰੋਕਣਾ ਅਤੇ ਲੋੜਵੰਦਾਂ ਦੀ ਮਦਦ ਕਰਨਾ ਹਰ ਵਿਅਕਤੀ ਦੀ ਸਮਾਜਿਕ ਜ਼ਿੰਮੇਵਾਰੀ ਹੈ।