ਮੋਗਾ 'ਚ ਇਸ਼ਕ ਦਾ ਖ਼ੂਨੀ ਅੰਤ: ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਇਲਾਜ ਦੌਰਾਨ ਤੋੜਿਆ ਦਮ
ਵੀਰਵਾਰ ਰਾਤ ਰੇਸ਼ਮ ਸਿੰਘ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਚਲਾ ਗਿਆ। ਜਦੋਂ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਇਸ ਦੀ ਭਿਣਕ ਲੱਗੀ ਤਾਂ ਉਨ੍ਹਾਂ ਨੇ ਰੇਸ਼ਮ ਨੂੰ ਫੜ ਲਿਆ ਅਤੇ ਲੋਹੇ ਦੀਆਂ ਪਾਈਪਾਂ ਨਾਲ ਕੁੱਟ ਮਾਰ ਕੀਤੀ ।
Publish Date: Fri, 30 Jan 2026 04:46 PM (IST)
Updated Date: Fri, 30 Jan 2026 04:47 PM (IST)
ਜਾਸ, ਮੋਗਾ: ਜ਼ਿਲ੍ਹਾ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿੱਚ ਇੱਕ ਖ਼ੌਫ਼ਨਾਕ ਵਾਰਦਾਤ ਸਾਹਮਣੇ ਆਈ ਹੈ। ਇੱਥੇ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਗਏ ਇੱਕ ਨੌਜਵਾਨ ਦੀ ਕੁੜੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੋਹੇ ਦੀਆਂ ਪਾਈਪਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਰਾਤ ਦੇ ਹਨੇਰੇ 'ਚ ਮਿਲਣ ਗਿਆ ਸੀ ਨੌਜਵਾਨ
ਥਾਣਾ ਨਿਹਾਲ ਸਿੰਘ ਵਾਲਾ ਦੇ ਏ.ਐੱਸ.ਆਈ. ਇਕਬਾਲ ਸਿੰਘ ਨੇ ਦੱਸਿਆ ਕਿ 32 ਸਾਲਾ ਰੇਸ਼ਮ ਸਿੰਘ ਦੇ ਪਿੰਡ ਦੀ ਹੀ ਇੱਕ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਪ੍ਰੇਮ ਸਬੰਧ ਸਨ। ਵੀਰਵਾਰ ਰਾਤ ਰੇਸ਼ਮ ਸਿੰਘ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਚਲਾ ਗਿਆ। ਜਦੋਂ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਇਸ ਦੀ ਭਿਣਕ ਲੱਗੀ ਤਾਂ ਉਨ੍ਹਾਂ ਨੇ ਰੇਸ਼ਮ ਨੂੰ ਫੜ ਲਿਆ ਅਤੇ ਲੋਹੇ ਦੀਆਂ ਪਾਈਪਾਂ ਨਾਲ ਕੁੱਟ ਮਾਰ ਕੀਤੀ ।
ਹਸਪਤਾਲ ਪਹੁੰਚਣ ਤੋਂ ਪਹਿਲਾਂ ਨਿਕਲੀ ਜਾਨ
ਗੰਭੀਰ ਜ਼ਖ਼ਮੀ ਹਾਲਤ ਵਿੱਚ ਰੇਸ਼ਮ ਸਿੰਘ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕੁੱਟਮਾਰ ਇੰਨੀ ਬੇਰਹਿਮੀ ਨਾਲ ਕੀਤੀ ਗਈ ਸੀ ਕਿ ਉਸ ਦੀ ਮੌਤ ਹੋ ਗਈ।
ਪਿਤਾ ਸਮੇਤ ਦੋ 'ਤੇ ਕਤਲ ਦਾ ਮਾਮਲਾ ਦਰਜ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਕੁੜੀ ਦੇ ਪਿਤਾ ਬੇਅੰਤ ਸਿੰਘ ਅਤੇ ਪਰਮਜੀਤ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।