ਗੁਲਜ਼ਾਰ ਸਿੰਘ ਤੇ ਮੋਹਨਜੀਤ ਮਾਮਲੇ ’ਚ ਯੂਥ ਕਾਂਗਰਸ ਵੱਲੋਂ ਰੋਸ ਮੁਜ਼ਾਹਰਾ ਪਿੰਡ ਤੂਲ ਬਣਜਾਰਾ ਵਿਚ ਗੁਲਜ਼ਾਰ
Publish Date: Fri, 11 Sep 2026 07:45 PM (IST)
Updated Date: Sat, 12 Sep 2026 04:08 AM (IST)
ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ : ਪਿੰਡ ਤੂਲ ਬਣਜਾਰਾ ਵਿਚ ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਨਾਲ ਹੋਈ ਕਥਿਤ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਯੂਥ ਕਾਂਗਰਸ ਮੋਗਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਈਸ਼ਵਰ ਸਿੰਘ, ਯੂਥ ਕਾਂਗਰਸ ਪ੍ਰਧਾਨ ਮੋਗਾ, ਮਨਪ੍ਰੀਤ ਸਿੰਘ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਮੋਗਾ, ਕਾਂਗਰਸੀ ਆਗੂ ਸੋਹਣ ਸਿੰਘ ਖੇਲਾ, ਹਲਕਾ ਧਰਮਕੋਟ, ਰਜਿੰਦਰ ਸਿੰਘ ਸੋਢੀ, ਹਲਕਾ ਨਿਹਾਲ ਸਿੰਘ ਵਾਲਾ, ਅਤੇ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਲਕਾ ਮੋਗਾ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ। ਈਸ਼ਵਰ ਸਿੰਘ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਨਾਲ ਹੋਈ ਕਥਿਤ ਕੁੱਟਮਾਰ ਦੇ ਮਾਮਲੇ ਬੇਹੱਦ ਗੰਭੀਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਅਤੇ ਇਨਸਾਫ਼ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨਾਲ ਧੱਕੇਸ਼ਾਹੀ ਜਾਂ ਕੁੱਟਮਾਰ ਹੋਈ ਹੈ ਤਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਲਕਾ ਮੋਗਾ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਨਾਲ ਹੋਈ ਕਥਿਤ ਕੁੱਟਮਾਰ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਕਿਸੇ ਵੀ ਮਾਮਲੇ ਨੂੰ ਦਬਾਉਣ ਦੀ ਬਜਾਏ ਸਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ। ਕੁਲਜਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦੋਵਾਂ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ। ਯੂਥ ਕਾਂਗਰਸ ਆਗੂਆਂ ਨੇ ਕਿਹਾ ਕਿ ਲੋਕਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੀੜਤਾਂ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।